ਫ਼ਿਰੋਜ਼ਪੁਰ ਦੌਰੇ ‘ਤੇ ਆਉਣਗੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ 

  • ਡੀ.ਸੀ. ਨੇ ਅਗਾਊਂ ਪ੍ਰਬੰਧਾਂ ਸਬੰਧੀ ਪੁਲੀਸ, ਬੀ.ਐਸ.ਐਫ. ਤੇ ਫੌਜ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ, 18 ਮਈ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਪੁਲੀਸ, ਬੀ.ਐਸ.ਐਫ਼. ਅਤੇ ਫ਼ੌਜ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲੀਸ ਮੁਖੀ, ਫ਼ੌਜ, ਬੀ.ਐਸ.ਐਫ਼ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨਾਲ ਸੁਰੱਖਿਆ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਬਾਰੇ ਗੱਲਬਾਤ ਅਤੇ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੀ ਆਮਦ ‘ਤੇ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਜੂਨ ਦੇ ਪਹਿਲੇ ਹਫ਼ਤੇ ਫਿਰੋਜ਼ਪੁਰ ਵਿਖੇ ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਆ ਰਹੇ ਹਨ ਜਿੱਥੇ ਉਹ ਸਰਹੱਦੀ ਖੇਤਰ ਦੇ ਸਰਪੰਚਾਂ, ਪੰਚਾਇਤਾਂ ਨਾਲ ਮੀਟਿੰਗ ਕਰਨਗੇ। ਇਸ ਤੋਂ ਇਲਾਵਾ ਰਾਜਪਾਲ ਜੀ ਪੰਜਾਬ ਪੁਲੀਸ, ਬੀ.ਐਸ.ਐਫ., ਫੌਜ ਅਤੇ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕਰਨਗੇ। ਇਸ ਮੌਕੇ ਐਸ.ਐਸ.ਪੀ. ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਸੂਰਜ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼ ਵਰਮਾ, ਐਸ.ਪੀ. (ਜੇਲ੍ਹ) ਗੁਰਨਾਮ ਲਾਲ, ਐਸ.ਪੀ.(ਐਚ) ਸੋਹਨ ਲਾਲ ਸੋਨੀ, ਤਹਿਸੀਲਦਾਰ ਫ਼ਿਰੋਜ਼ਪੁਰ ਸੁਖਬੀਰ ਕੌਰ ਤੋਂ ਇਲਾਵਾ ਫ਼ੌਜ ਅਤੇ ਬੀ.ਐਸ.ਐਫ਼ ਦੇ ਅਧਿਕਾਰੀ ਹਾਜ਼ਰ ਸਨ।