ਹਰਿਆਣਾ ਵੱਲੋਂ ਹਾਈਵੇ ਤੇ ਲਗਾਈਆਂ ਰੋਕਾਂ ਤੋਂ ਨਹੀਂ ਲੱਗਦਾ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨਾ ਚਾਹੁੰਦੀ ਹੈ : ਡੱਲੇਵਾਲ

ਸ੍ਰੀ ਫਤਿਹਗੜ੍ਹ ਸਾਹਿਬ, 12 ਫਰਵਰੀ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਿੱਲੀ ਕੂਚ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨਵੀਆਂ ਨਹੀਂ ਹਨ, ਇਹ ਉਹੀ ਹਨ ਜਿਨ੍ਹਾਂ ਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟਾਈ ਗਈ ਸੀ। ਜਗਜੀਤ ਸਿੰਘ ਡੱਲੇਵਾਲ ਨੇ ਮੀਡੀਆ ਨਾਲ ਰਾਬਤਾ ਕਰਦਿਆਂ ਕਿਹਾ, ਹਰਿਆਣਾ ਪੁਲਿਸ ਵੱਲੋਂ ਜੋ ਰੋਕਾਂ ਲਈਆਂ ਜਾ ਰਹੀਆਂ ਹਨ ਉਸ ਤੋਂ ਲੱਗਦਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਚਾਹੁੰਦੀ ਤਾਂ ਕਰਕੇ ਇਸ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 13 ਫਰਵਰੀ ਨੂੰ ਦਿੱਲੀ ਜਾਣ ਦੇ ਐਲਾਨ ਦੇ ਬਾਅਦ ਹਰਿਆਣਾ ਵੀ ਇਸ ਕਾਲ ਦਾ ਪੂਰੇ ਜ਼ੋਰ ਸ਼ੋਰ ਨਾਲ ਸਮਰਥਨ ਕਰੇਗਾ। ਕਿਸਾਨਾਂ ਦੇ ਵਲੋਂ ਪੱਕੇ ਮੋਰਚੇ 'ਤੇ ਗੱਲਬਾਤ ਕਰਦੇ ਹੋਏ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ ਕਿ ਉਹ ਪੱਕਾ ਮੋਰਚਾ ਦਿੱਲੀ ਵਿੱਚ ਲਾ ਕੇ ਬੈਠਣ ਪਰ ਜਿਸ ਤਰ੍ਹਾਂ ਪਹਿਲਾਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਗਿਆ ਸੀ, ਉਸਨੂੰ ਦੇਖਦੇ ਹੋਏ ਉਨ੍ਹਾਂ ਵਲੋਂ ਪੁਰੀ ਤਿਆਰੀ ਕੀਤੀ ਗਈ ਹੈ। ਡੱਲੇਵਾਲ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹੋ ਰਹੀ ਮੀਟਿੰਗ ਤੋਂ ਬਾਅਦ ਕੋਈ ਅਗਲਾ ਫੈਸਲਾ ਲਿਆ ਜਾਵੇਗਾ। ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਨੌਜਵਾਨ ਯੂਨੀਅਨ ਦੇ ਸੰਸਥਾਪਕ ਅਭਿਮਨਿਊ ਗੌੜ ਨੇ ਕਿਹਾ ਕਿ ਕਿਸਾਨਾਂ ਦੇ ਵੱਲੋਂ ਇੱਕ ਇਤਿਹਾਸਿਕ ਪ੍ਰੋਗਰਾਮ ਹੋਣ ਜਾ ਰਿਹਾ ਹੈ ਜਿਸ ਦੇ ਵਿੱਚ ਨੌਜਵਾਨ ਕਿਸਾਨ ਵੀ ਭਾਗ ਲੈ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾ ਦੇ ਨਾਲ ਧੱਕਾ ਕਰ ਰਹੀ ਤੇ ਹਰਿਆਣਾ ਦੇ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।