ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ : ਡਿਪਟੀ ਕਸਿਮ਼ਨਰ

  • ਚਮੜੀ ਦੇ ਰੋਗਾਂ, ਆਈ ਫਲੂ ਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲਗਾਏ ਜਾ ਰਹੇ ਮੈਡੀਕਲ ਕੈਂਪ

ਫਾਜ਼ਿਲਕਾ 31 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਚਮੜੀ ਦੇ ਰੋਗਾਂ, ਆਈ ਫਲੂ ਤੇ ਖੜ੍ਹੇ ਪਾਣੀ ਤੋਂ ਬਚਾਅ, ਡੇਂਗੂ, ਮਲੇਰੀਆ ਆਦਿ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਜਿਸ ਤਹਿਤ ਸਿਹਤ ਵਿਭਾਗ ਵੱਲੋਂ ਵੱਡੇ ਪੱਧਰ *ਤੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਟੀਮਾਂ ਮਿਲ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਦਿਨ ਰਾਤ ਮੈਡੀਕਲ ਸੁਵਿਧਾਵਾਂ ਪ੍ਰਦਾਨ ਕਰ ਰਹੀਆਂ ਹਨ। ਆਈ ਫਲੂ, ਚਮੜੀ ਦੇ ਰੋਗਾਂ, ਡੇਂਗੂ, ਮਲੇਰਆ ਆਦਿ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਨੂੰ ਰੋਕਣ ਲਈ ਵੱਡੇ ਪੱਧਰ *ਤੇ ਮੈਡੀਕਲ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀਆਂ ਟੀਮਾ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ ਤੇ ਮੈਡੀਕਲ ਟੀਮਾਂ ਪੂਰੀ ਤਰ੍ਹਾਂ ਸਰਗਰਮ ਹੋ ਕੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਪ੍ਰਦਾਨ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਵੱਲੋਂ ਵੱਡੀ ਮਾਤਰਾ `ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਵਰਤੋਂ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਿਥੋਂ ਤੱਕ ਹੋ ਸਕੇ ਪਾਣੀ ਉਬਾਲ ਕੇ ਪੀਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਪਿੰਡਾਂ ਵਿਚ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਓ ਲਈ ਦਵਾਈਆਂ ਮੁਫਤ ਦੇਣ ਦੇ ਨਾਲ—ਨਾਲ ਡਾਇਰੀਆ ਆਦਿ ਤੋਂ ਬਚਾਓ ਲਈ ਓ.ਆਰ.ਐਸ ਦੇ ਪੈਕੇਟ ਵੰਡੇ ਜਾ ਰਹੇ ਹਨ ਤਾਂ ਜ਼ੋ ਇਸ ਗੰਭੀਰ ਸਥਿਤੀ ਵਿਚ ਲੋਕਾਂ ਦੀ ਸਿਹਤ ਸਥਿਰ ਬਣੀ ਰਹਿ ਸਕੇ ਅਤੇ ਲੋਕ ਬਿਮਾਰੀਆਂ ਤੋਂ ਮੁਕਤ ਰਹਿ ਕੇ ਇਸ ਆਫਤ ਦਾ ਮੁਕਾਬਲਾ ਕਰ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਲੋਕਾਂ ਨੂੰ ਚਮੜੀ ਦੇ ਰੋਗ ਤੋਂ ਲੈ ਕੇ ਪੇਟ ਦੀਆਂ ਬਿਮਾਰੀਆਂ ਸਮੇਤ ਹਰ ਵਿਅਕਤੀ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕਰਦਿਆਂ ਇਨ੍ਹਾਂ ਬਿਮਾਰੀਆਂ ਦੇ ਲੱਛਣਾਂ ਤੋਂ ਜਾਣੂ ਕਰਵਾਉਣ ਦੇ ਨਾਲ—ਨਾਲ ਇਨ੍ਹਾਂ ਬਿਮਾਰੀਆਂ ਦੀ ਗ੍ਰਿਫਤ ਵਿਚੋਂ ਮੁਕਤ ਹੋਣ ਦੇ ਨੁਕਤੇ ਸਾਂਝੇ ਕੀਤੇ ਜਾ ਰਹੇ ਹਨ। ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਇਸ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਕਿ ਡੇਂਗੂ ਦਾ ਮਛਰ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕਟਦਾ ਹੈ, ਅਗਰ ਕਿਸੇ ਨੂੰ ਵੀ ਬੁਖ਼ਾਰ ਹੁੰਦਾ ਹੈ ਤਾਂ ਉਹ ਆਪਣਾ ਡੇਂਗੂ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾ ਸਕਦਾ ਹੈ।ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਘਰ ਵਿਚ ਕੂਲਰਾਂ, ਫਰੀਜ਼ ਦੀ ਟਰੇਅ, ਗਮਲਿਆਂ ਆਦਿ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਿਹਤ ਸੇਵਾਵਾਂ ਸਬੰਧੀ ਕੋਈ ਜ਼ਰੂਰਤ ਹੁੰਦੀ ਹੈ, ਤਾਂ ਉਹ ਕੰਟਰੋਲ ਰੂਮ ਦੇ ਨੰਬਰ  01638264105 'ਤੇ ਸੰਪਰਕ ਕਰਕੇ, ਸਿਹਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ।