ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਾਰਸ਼ਾਂ ਦੇ ਮੌਸਮ ਦੋਰਾਨ  ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

  • ਬਰਸਾਤੀ ਮੌਸਮ ਦੌਰਾਨ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ: ਡਾ ਨਵਜੋਤ ਕੌਰ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 06 ਅਗਸਤ 2024 : ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਸਬੰਧੀ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਲੋਕਾਂ ਨੂੰ ਬਰਸਾਤੀ ਮੌਸਮ ਕਾਰਨ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਜਾਗਰੁਕ ਕੀਤਾ ਜਾਵੇ ਅਤੇ ਨਾਲ ਹੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੀਣ ਲਈ ਸਿਰਫ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ, ਪੀਣ ਵਾਲੇ ਪਾਣੀ ਨੂੰ ਉਬਾਲ ਕਰਕੇ ਠੰਡਾ ਕਰਕੇ ਪੀਣ ਲਈ ਵਰਤਿਆ ਜਾਵੇ, ਇਨਫੈਕਸ਼ਨ ਨੂੰ ਕੰਟਰੋਲ ਕਰਨ ਲਈ ਸਮੇਂ ਸਮੇਂ ਤੇ ਸਾਬਣ ਅਤੇ ਪਾਣੀ ਨਾਲ ਹੱਥ ਥੋਤੇ ਜਾਣ, ਹੜਾਂ ਦੇ ਪਾਣੀ ਨਾਲ ਗਿੱਲੇ ਖਾਣੇ ਨੂੰ ਖਾਣ ਤੋਂ ਪ੍ਰਹੇਜ ਕੀਤਾ ਜਾਵੇ, ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਜੇਕਰ ਕਿਸੇ ਏਰੀਏ ਵਿਚ ਇਕ ਹੀ ਜਗ੍ਹਾ ਤੇ ਤਿੰਨ ਤੋਂ ਵੱਧ ਇਨਫੈਕਸ਼ਨ ਵਾਲੇ ਕੇਸਾਂ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨੂੰ ਸੂਚਿਤ ਕੀਤਾ ਜਾਵੇ, ਹੜ੍ਹਾਂ ਦੌਰਾਨ ਦੂਸ਼ਿਤ ਪਾਣੀ ਅਤੇ ਕੀੜਿਆਂ ਦੇ ਕੱਟਣ ਨਾਲ ਚਮੜੀ ਤੇ ਬੈਕਟੀਰੀਅਲ ਇਨਫੈਕਸ਼ਨ ਹੋ ਸਕਦੀ ਹੈ ਇਸ ਲਈ ਪੂਰੀ ਬਾਂਹ ਵਾਲੇ ਕੱਪੜੇ ਪਾਏ ਜਾਣ ਅਤੇ ਪੈਰਾਂ ਵਿਚ ਰਬੜ ਦੇ ਬੂਟ ਪਾਏ ਜਾਣ, ਇਨਫੈਕਸ਼ਨ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ, ਹੜਾਂ ਦੋਰਾਨ ਸੱਪ ਦੇ ਕੱਟਣ ਦੀਆ ਘਟਨਾਵਾਂ ਆਮ ਹੋ ਜਾਂਦੀਆਂ ਹਨ ਇਸ ਲਈ ਕੋਸ਼ਿਸ਼ ਕੀਤੀ ਜਾਵੇ ਕਿ ਖੜੇ ਪਾਣੀ ਵਿੱਚ ਨਾ ਜਾਉ ਅਤੇ ਜੇਕਰ ਪਾਣੀ ਵਿੱਚ ਜਾਣਾ ਜਰੂਰੀ ਹੋਵੇ ਤਾਂ ਲੰਬੇ ਬੂਟ ਪਾ ਕੇ ਜਾਉ, ਜੇਕਰ ਸੱਪ ਕੱਟ ਲੈਂਦਾ ਹੈ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਇਸ ਸਮੇਂ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਰਸਾਤਾਂ ਦੌਰਾਨ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜ਼ੋ ਕਿ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤਾ ਜਾ ਰਿਹਾ ਹੈ। ਸਾਨੂੰ ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ, ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ। ਜਿਆਦਾ ਪੱਕੇ ਹੋਏ ਜਾਂ ਕੱਟੇ ਹੋਏ ਫ਼ਲ ਜਾਂ ਸਬਜ਼ੀਆਂ ਨਹੀਂ ਖਰੀਦਣੀਆਂ ਚਾਹੀਦੀਆਂ। ਬਜਾਰਾਂ ਵਿੱਚ ਵਿਕ ਰਹੇ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸੀ ਖਾਣਾ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ।ਬਜ਼ਾਰਾਂ ਵਿਚੋਂ ਲਿਆ ਕੇ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਘਰ ਦਾ ਬਣਿਆ ਹੋਇਆ ਤਾਜ਼ਾ ਖਾਣਾ ਹੀ ਖਾਣਾ ਚਾਹੀਦਾ ਹੈ। ਮੱਖੀਆਂ ਤੋਂ ਬਚਾਅ ਲਈ ਖਾਣ ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਖਾਣਾ ਬਣਾਉਣ, ਖਾਣਾ ਖਾਣ, ਵਰਤਾਉਣ ਤੋਂ ਪਹਿਲਾਂ ਅਤੇ ਸੌਚ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।