- ਸੌਂਹ ਚੁੱਕ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਨਵੇਂ ਪੰਚਾਂ ਨੂੰ ਨਸ਼ਿਆਂ ਖਿਲਾਫ ਲੜਾਈ ਦਾ ਸੱਦਾ
ਬਠਿੰਡਾ, 19 ਨਵੰਬਰ 2024 : ਲੋਕਤੰਤਰ ਦੀ ਮੁੱਢਲੀ ਇਕਾਈ ਪਿੰਡ ਦੇ ਪੰਚ ਅਤੇ ਸਰਪੰਚ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 318 ਪਿੰਡਾਂ ਦੀਆਂ ਪੰਚਾਇਤਾਂ ਦੇ 2490 ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ ਉਪਰੰਤ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਰਾਮਪੁਰਾ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ। ਇਸ ਮੌਕੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਸਮਾਗਮ ਵਿੱਚ ਪੁੱਜੇ ਪੰਚਾਂ ਦਾ ਸਵਾਗਤ ਕੀਤਾ। ਵਿੱਤ ਮੰਤਰੀ ਸ ਚੀਮਾ ਨੇ ਪੰਚਾਇਤਾਂ ਨੂੰ ਜਮਹੂਰੀਅਤ ਦੀ ਨੀਂਹ ਦੱਸਦਿਆ ਕਿਹਾ ਕਿ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਫੈਸਲੇ ਗ੍ਰਾਮ ਸਭਾਵਾਂ ਵਿੱਚ ਲਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਭੇਜੀਆਂ ਜਾਣ ਵਾਲੀਆਂ ਗ੍ਰਾਂਟਾਂ ਦੀ ਸਹੀ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਦੇ ਵਿਕਾਸ ਕਰਕੇ ਉਨ੍ਹਾਂ ਨੂੰ ਹੋਰ ਤਰੱਕੀ ਦੀਆਂ ਲੀਹਾਂ ਵੱਲ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਪੰਚ, ਸਰਪੰਚ ਆਪਣੀ ਡਿਊਟੀ ਬਾਖੂਬੀ ਨਿਭਾਉਣ ਤਾਂ ਉਹ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਚਾਇਤਾਂ ਦੇ ਕੰਮਾਂ ਦੇ ਵੇਰਵਿਆਂ ਨੂੰ ਦੇਖਦਿਆਂ ਉਨ੍ਹਾਂ ਨੂੰ 5 ਲੱਖ ਰੁਪਏ ਦੀ ਸਪੈਸ਼ਲ ਗ੍ਰਾਂਟ ਵੀ ਦਿੱਤੀ ਜਾਵੇਗੀ ਅਤੇ ਸੂਬਾ ਸਰਕਾਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਹਰ ਨੇਕ ਕੰਮ ਲਈ ਪੂਰਨ ਸਹਿਯੋਗ ਦੇਵੇਗੀ। ਵਿੱਤ ਮੰਤਰੀ ਨੇ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਦੀ ਸਰਗਰਮ ਭੂਮਿਕਾ ਨਾਲ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਕਾਰਜ ਲਈ ਵਚਨਬੱਧ ਤੇ ਕਾਰਜਸੀਲ ਹੈ ਅਤੇ ਇਸ ਕੰਮ ਲਈ ਹਰ ਸੰਭਵ ਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਪੰਚਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਨੇਕ ਉਪਰਾਲੇ ਵਿੱਚ ਆਪਣਾ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਭਲਾਈ ਲਈ ਪੰਚ ਅਤੇ ਸਰਪੰਚਾਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਨਿਭਾਉਣ। ਉਨ੍ਹਾਂ ਇਹ ਵੀ ਕਿਹਾ ਕਿ ਪੰਚਾਇਤ ਹਰ ਫੈਸਲਾ ਪਿੰਡ ਵਾਸੀਆਂ ਨਾਲ ਸਲਾਹ-ਮਸ਼ਵਰਾ ਕਰ ਕੇ ਲੈਣ ਤਾਂ ਹੀ ਪਿੰਡ ਦੇ ਸਰਬਪੱਖੀ ਵਿਕਾਸ ਵਿੱਚ ਪੰਚਾਇਤ ਆਪਣਾ ਅਹਿਮ ਰੋਲ ਅਦਾ ਕਰ ਸਕਦੀ ਹੈ। ਇਸ ਮੌਕੇ ਵਿੱਤ ਮੰਤਰੀ ਨੇ ਹਾਜ਼ਰੀਨ ਪੰਚਾਇਤਾਂ ਦੇ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਤੇ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੀ ਸੰਭਾਲ ਲਈ ਚੰਗਾ ਪਾਣੀ, ਸ਼ੁੱਧ ਹਵਾ ਨੂੰ ਬਰਕਰਾਰ ਰੱਖਣ। ਇਸ ਤੋਂ ਪਹਿਲਾ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਰਾਮਪੁਰਾ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ ਵਲੋਂ ਆਪਣੇ ਵਡਮੁੱਲੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਦੀ ਤਰੱਕੀ ਤੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਉਪਲੱਬਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਇਕੱਤਰ ਪੰਚਾਂ, ਸਰਪੰਚਾਂ ਨੂੰ ਵੀ ਸੂਬੇ ਦੀ ਤਰੱਕੀ ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਗਮ ਦੇ ਮੁੱਖ ਮਹਿਮਾਨ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਵਿੱਤ ਮੰਤਰੀ ਸ ਚੀਮਾ ਵਲੋਂ ਵਿਸ਼ਵ ਪਖਾਨਾ ਦਿਵਸ ਦੇ ਮੱਦੇਨਜ਼ਰ ਪੋਸਟਰ ਜਾਰੀ ਅਤੇ ਲਾਭਪਾਤਰੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ ਗਈ। ਇਸ ਦੌਰਾਨ ਪੰਚਾਇਤ ਅਫਸਰ ਸ ਗੁਰਜੀਵਨ ਸਿੰਘ ਨੇ ਪੰਚਾਇਤਾਂ ਦੇ ਕੰਮਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੁਖਰਾਜ ਸਿੰਘ ਢੱਡਿਆਂ ਵਾਲੇ ਕਵੀਸ਼ਰੀ ਜਥੇ ਨੇ ਆਪਣੀਆਂ ਬੀਰ ਰਸੀ ਵਾਰਾਂ ਤੇ ਕਵੀਸ਼ਰੀ ਰਾਹੀਂ ਸਮੂਹ ਹਾਜ਼ਰੀਨ ਨੂੰ ਨਿਹਾਲ ਕੀਤਾ।