ਪਿੰਡ ਗਣੇਸ਼ਪੁਰ ਦੀ 7 ਏਕੜ 4 ਕਨਾਲ 18 ਮਰਲੇ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ

ਪਟਿਆਲਾ, 30 ਮਈ : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਨੂੰ ਪਟਿਆਲਾ ਜ਼ਿਲ੍ਹੇ ਅੰਦਰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲੋੜੀਂਦੀ ਕਾਰਵਾਈ ਅਮਲ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਵਧੀਕ ਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਦੀ ਦੇਖ-ਰੇਖ ਹੇਠ ਪਟਿਆਲਾ ਜ਼ਿਲ੍ਹੇ ਅੰਦਰ ਵੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਕਾਰਵਾਈ ਜਾਰੀ ਹੈ। ਅਮਨਦੀਪ ਕੌਰ ਨੇ ਦੱਸਿਆ ਕਿ ਕਾਰਜਕਾਰੀ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਮਨਦੀਪ ਸਿੰਘ ਉਪਲ ਦੀ ਟੀਮ ਨੇ ਕਬਜ਼ਾ ਵਾਰੰਟਾਂ ਤਹਿਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਪਿੰਡ ਗਣੇਸ਼ਪੁਰ ਦੀ 7 ਏਕੜ 4 ਕਨਾਲ 18 ਮਰਲੇ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਨਾਲ ਹੀ ਨਾਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਆਪਣੇ ਆਪ ਹੀ ਸ਼ਾਮਲਾਤ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਖਾਲੀ ਕਰ ਦੇਣ ਅਤੇ ਜੇਕਰ ਉਹ ਅਜਿਹਾ ਨਹੀਂ ਕਰਨਗੇ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।