ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਦੀ ਦਿੱਤੀ ਜਾ ਰਹੀ ਜਾਣਕਾਰੀ

ਫ਼ਤਹਿਗੜ੍ਹ ਸਾਹਿਬ, 19 ਜਨਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨਜ ਜੱਜ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਦੀ ਜਾਣਕਾਰੀ ਦੇਣ ਵਾਸਤੇ ਜਾਗਰੂਕਤਾ ਵੈਨ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋੜਵੰਦਾਂ ਨੂੰ ਕਾਨੂੰਨੀ ਸਹਾਇਤਾ ਲੈਣ ਸਬੰਧੀ ਕੈਂਪ ਵੀ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਦੀ ਨਿਗਰਾਨੀ ਹੇਠ ਖਮਾਣੋਂ ਵਿਖੇ ਕਾਨੂੰਨੀ ਸਹਾਇਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਵੱਖ-ਵੱਖ ਸਕੀਮਾਂ ਅਤੇ ਸਹੂਲਤਾਂ ਜਿਵੇਂ ਕਿ ਅਦਾਲਤਾਂ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਲੋਕ ਅਦਾਲਤਾਂ, ਸਮਝੌਤਾ ਸਦਨ/ਰਾਜੀਨਾਮਾ ਕੇਂਦਰ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਸ਼੍ਰੀਮਤੀ ਮਨਪ੍ਰੀਤ ਕੌਰ ਨੇ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ, ਅਨੁਸੂਚਿਤ ਕਬੀਲੇ, ਔਰਤ, ਬੱਚੇ, ਮਾਨਸਿਕ ਤੌਰ ਤੇ ਬਿਮਾਰ, ਉਦਯੋਗਿਕ ਕਾਮੇ ਜਾਂ ਹਿਰਾਸਤ ਵਿੱਚ ਆਦਿ ਲੋਕ ਅਦਾਲਤਾਂ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਾਗਰੂਕਤਾ ਵੈਨ ਰਾਹੀਂ ਵੱਖ-ਵੱਖ ਥਾਵਾਂ ਤੇ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਦੂਰ-ਦੂਰਾਡੇ ਬੈਠੇ ਲੋਕਾਂ ਨੂੰ ਘਰ ਬੈਠੇ ਹੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕੰਮਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਤੇ ਸਹੂਲਤਾਂ ਸਬੰਧੀ ਬੁੱਕਲੈਟ ਤੇ ਪੈਂਫਲਿਟ ਵੀ ਵੰਡੇ ਗਏ।