ਡਿਪਟੀ ਕਮਿਸ਼ਨਰ ਜੋਰਵਾਲ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਵਿੱਚ ਚੀਨੀ ਡੋਰ ਦੀ ਵਿਕਰੀ ਰੋਕਣ ਲਈ ਛਾਪੇਮਾਰੀ 

  • ਡਿਪਟੀ ਕਮਿਸ਼ਨਰ ਵੱਲੋਂ ਪਤੰਗਬਾਜ਼ੀ ਕਰਨ ਵਾਲਿਆਂ ਨੂੰ ਅਪੀਲ, ਚੀਨੀ ਡੋਰ ਵਰਤ ਕੇ ਕਿਸੇ ਦੀ ਜਾਨ ਜੋਖ਼ਮ ਵਿੱਚ ਨਾ ਪਾਈ ਜਾਵੇ 

ਸੰਗਰੂਰ, 26 ਦਸੰਬਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੀਨੀ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਰਗਰਮ ਕਦਮ ਚੁੱਕਦਿਆਂ ਚੈਕਿੰਗ ਅਭਿਆਨ ਤੇਜ਼ ਕਰ ਦਿੱਤਾ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਸਬ ਡਵੀਜ਼ਨਾਂ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਚੀਨੀ ਡੋਰ ਖ਼ਿਲਾਫ਼ ਸਖ਼ਤ ਤਲਾਸ਼ੀ ਮੁਹਿੰਮ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਹੁਕਮਾਂ ਤਹਿਤ ਵੱਖ ਵੱਖ ਸਬ ਡਵੀਜ਼ਨਾਂ ਵਿਚ ਉਪ ਮੰਡਲ ਮੈਜਿਸਟ੍ਰੇਟ ਦੀ ਅਗਵਾਈ ਹੇਠ ਟੀਮਾਂ ਵੱਲੋਂ ਡੋਰ ਵਿਕਰੇਤਾਵਾਂ ਦੀਆਂ ਦੁਕਾਨਾਂ ਉੱਤੇ ਅਚਨਚੇਤ ਛਾਪਾਮਾਰੀ ਕਰਕੇ ਜਾਂਚ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਚੀਨੀ ਡੋਰ ਦੀ ਵਿਕਰੀ ਅਤੇ ਭੰਡਾਰ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਸਮੁੱਚੇ ਜ਼ਿਲ੍ਹੇ ਵਿੱਚ ਛੋਟੇ ਤੇ ਵੱਡੇ ਦੁਕਾਨਦਾਰਾਂ ਦੀ ਨਿਰੰਤਰ ਚੈਕਿੰਗ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਪਤੰਗਬਾਜ਼ੀ ਦਾ ਸ਼ੌਕ ਰੱਖਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸ਼ੌਕ ਦੀ ਪੂਰਤੀ ਲਈ ਕਿਸੇ ਦੀ ਵੀ ਜਾਨ ਜੋਖ਼ਮ ਵਿੱਚ ਨਾ ਪਾਉਣ। ਉਨ੍ਹਾਂ ਕਿਹਾ ਕਿ ਜਿਹੜੇ ਦੁਕਾਨਦਾਰ ਲੋਕਾਂ ਤੇ ਪਸ਼ੂ ਪੰਛੀਆਂ ਦੀ ਜਾਨ ਨੂੰ ਖ਼ਤਰੇ ਵਿਚ ਪਾ ਕੇ ਚੀਨੀ ਡੋਰ ਦੀ ਵਿਕਰੀ ਜਾਂ ਭੰਡਾਰ ਕਰਨਗੇ, ਉਨ੍ਹਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਚੀਨੀ ਡੋਰ ਦੀ ਵਿਕਰੀ, ਵਰਤੋਂ ਅਤੇ ਭੰਡਾਰ ਉਤੇ ਪਾਬੰਦੀ ਹੁਕਮ ਲਾਗੂ ਹਨ ਅਤੇ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਨੂੰ ਅਣਦੇਖਿਆ ਕਰਕੇ ਇਸ ਜਾਨਲੇਵਾ ਡੋਰ ਦੀ ਵਰਤੋਂ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਾਗਰਿਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ ਹਿੱਤਾਂ ਵਿੱਚ ਚੀਨੀ ਡੋਰ ਖ਼ਿਲਾਫ਼ ਮੁਹਿੰਮ ਨੂੰ ਸਫਲਤਾ ਨਾਲ ਲਾਗੂ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਤਾਂ ਜੋ ਇਹ ਡੋਰ ਕਿਸੇ ਲਈ ਵੀ ਨੁਕਸਾਨਦਾਇਕ ਨਾ ਸਾਬਤ ਹੋ ਸਕੇ।