ਹੜਾਂ ਕਾਰਨ ਫੈਲਣ ਵਾਲੀਆਂ ਬੀਮਾਰੀਆਂ ਡਾਇਰੀਆ, ਹੈਜ਼ਾ ਤੇ ਡੇਂਗੂ ਤੋਂ ਬਚਾਅ ਲਈ ਹਦਾਇਤਾਂ ਜਾਰੀ

  • ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਤੇ ਸੜਕਾਂ ਦੀ ਮੁਰੰਮਤ ਸਬੰਧੀ ਮੁੱਦੇ 'ਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
  • ਪਾਣੀ ਦੇ ਵੱਧ ਤੋਂ ਵੱਧ ਸੈਂਪਲ ਲੈ ਕੇ ਜਾਂਚ ਕਰਨ ਦੇ ਨਿਰਦੇਸ਼
  • ਹੜ੍ਹਾਂ ਕਾਰਨ ਟੁੱਟੀਆਂ ਸੜਕਾਂ ਦੀ ਜਲਦੀ ਕੀਤੀ ਜਾਵੇ ਮੁਰੰਮਤ: ਡਿਪਟੀ ਕਮਿਸ਼ਨਰ
  • ਪੀਣ ਵਾਲੇ ਪਾਣੀ ਦੀਆਂ ਪਾਈਪਾਂ ਦੀ ਮੁਰੰਮਤ ਸਬੰਧੀ ਵੀ  ਦਿੱਤੇ ਨਿਰਦੇਸ਼ 

ਐਸ.ਏ.ਐਸ. ਨਗਰ, 31 ਜੁਲਾਈ : ਹੜ੍ਹਾਂ ਦੀ ਮਾਰ ਤੋਂ ਬਾਅਦ ਜ਼ਿਲ੍ਹੇ ਵਿੱਚ ਸਾਹਮਣੇ ਆ ਰਹੇ ਡਾਇਰੀਆ, ਹੈਜ਼ੇ ਤੇ ਡੇਂਗੂ ਦੇ ਕੇਸਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਬਿਮਾਰੀਆਂ ਨੂੰ ਪੂਰੀ ਤਰ੍ਹਾਂ ਕਾਬੂ ਕਰਨ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਹ ਗੱਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾਇਰੀਆ, ਹੈਜ਼ਾ ਤੇ ਡੇਂਗੂ ਤੋਂ ਬਚਾਅ ਸਬੰਧੀ ਸੱਦੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਖੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੈਜ਼ੇ, ਡਾਇਰੀਆ, ਡੇਂਗੂ ਦੀਆਂ ਬੀਮਾਰੀਆਂ ਦੇ ਕੇਸ ਕਾਫੀ ਘੱਟ ਕੇਸ ਹਨ ਪਰ ਫਿਰ ਵੀ ਸਾਨੂੰ ਸਾਵਧਾਨੀ ਵਰਤਣ ਦੀ ਜਰੂਰਤ ਹੈ। ਜ਼ਿਲ੍ਹੇ ਵਿੱਚ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਤਾਰ ਸੈਂਪਲ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਡੇਂਗੂ ਦਾ ਲਾਰਵਾ ਪਾਏ ਜਾਣ ਦੀ ਸੂਰਤ ਵਿੱਚ ਚਲਾਨ ਕੱਟੇ ਜਾ ਰਹੇ ਹਨ। ਡੇਂਗੂ ਤੋਂ ਬਚਾਅ ਲਈ ਡੇਂਗੂ ਦੇ ਫੈਲਣ ਤੋਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਵੱਲੋਂ ਚੈਕਿੰਗ ਤੇਜ਼ ਕਰਨ ਤੇ ਵੱਧ ਤੋਂ ਵੱਧ ਚਲਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਾਇਰੀਆ ਤੇ ਹੈਜ਼ੇ ਦੇ ਕੇਸ ਕਾਬੂ ਹੇਠ ਤਾਂ ਹਨ ਪਰ ਸਾਫ਼ ਪਾਣੀ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਸਿਹਤ ਬਲਾਕ ਘੜੂੰਆਂ ਦੇ ਬਡਮਾਜਰਾ ਤੇ ਬਲੌਂਗੀ ਤੋਂ ਕਾਫੀ ਕੇਸ ਆਏ ਪਰ ਹੁਣ ਸਥਿਤੀ ਕਾਬੂ ਹੇਠ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਡੋਰ ਟੂ ਡੋਰ ਸਰਵੇਖਣ ਹੋਰ ਤੇਜ਼ ਕੀਤਾ ਜਾਵੇ। ਡਿਪਟੀ ਕਮਿਸ਼ਨਰ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਰਵਾ ਰੋਕਣ ਲਈ ਸਪਰੇਅ ਲਗਾਤਾਰ ਕੀਤੀ ਜਾਵੇ ਤੇ ਨਾਲ ਹੀ ਫੌਗਿੰਗ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਹੜ੍ਹਾਂ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਹੋਏ ਨੁਕਸਾਨ ਦੇ ਮੱਦੇਨਜ਼ਰ ਟੁੱਟੀਆਂ ਸੜਕਾਂ ਤੇ ਵਾਟਰ ਸਪਲਾਈ ਪਾਈਪਾਂ ਦੀ ਜਲਦੀ ਤੋਂ ਜਲਦੀ ਮੁਰੰਮਤ ਲਈ ਨਿਰਦੇਸ਼ ਦਿੱਤੇ ਗਏ ਹਨ । ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਤਿ ਜ਼ਰੂਰੀ ਸੜਕਾਂ ਦੀ ਪਛਾਣ ਕਰ ਕੇ ਪਹਿਲ ਦੇ ਆਧਾਰ ਉਤੇ ਉਨ੍ਹਾਂ ਸਬੰਧੀ ਐਸਟੀਮੇਟ ਤਿਆਰ ਕਰ ਕੇ ਐਸ.ਡੀ.ਐਮਜ਼ ਦੀ ਪ੍ਰਵਾਨਗੀ ਨਾਲ ਅਗਲੇਰੀ ਪ੍ਰਵਾਨਗੀ ਲਈ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਿਆ ਜਾਵੇ। ਇਸੇ ਤਰ੍ਹਾਂ ਵਾਟਰ ਸਪਲਾਈ ਪਾਈਲਾਈਨਜ਼ ਦੀ ਮੁਰੰਮਤ ਹਿਤ ਵੀ ਐਸ.ਡੀ.ਐਮਜ਼ ਨਾਲ ਰਾਬਤਾ ਕਰ ਕੇ ਐਸਟੀਮੇਟ ਤਿਆਰ ਕਰ ਕੇ ਉਨ੍ਹਾਂ ਦੇ ਦਫ਼ਤਰ ਭੇਜੇ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ ਸ. ਪਰਮਦੀਪ ਸਿੰਘ, ਸਿਵਲ ਸਰਜਨ ਡਾ. ਮਹੇਸ਼ ਕੁਮਾਰ ਅਹੂਜਾ, ਐੱਸ.ਡੀ.ਐਮ. ਮੋਹਾਲੀ ਸ਼੍ਰੀਮਤੀ ਸਰਬਜੀਤ ਕੌਰ, ਐੱਸ.ਡੀ.ਐਮ. ਡੇਰਾਬੱਸੀ ਸ਼੍ਰੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐਮ. ਖਰੜ ਸ. ਰਵਿੰਦਰ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।