ਸੈਕਟਰ ਅਫ਼ਸਰ, ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਵੋਟਰਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਿਚਕਾਰ ਪੁਲ਼ ਵਜੋਂ ਕੰਮ ਕਰਨ ਦਾ ਸੱਦਾ

  • ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ

ਮੋਗਾ, 10 ਅਪ੍ਰੈਲ : ਡਿਪਟੀ ਕਮਿਸ਼ਨਰ - ਕਮ - ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਵਿੱਚ ਸੈਕਟਰ ਅਫ਼ਸਰ ਵਜੋਂ ਕੰਮ ਕਰ ਰਹੇ ਕਰਮਚਾਰੀਆਂ, ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਿੰਗ ਕਰਵਾਉਣ ਲਈ ਵੋਟਰਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਿਚਕਾਰ ਪੁਲ਼ ਵਜੋਂ ਕੰਮ ਕਰਨ। ਉਹ ਅੱਜ ਇਹਨਾਂ ਕਰਮਚਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿੱਚ ਸਵੀਪ ਗਤੀਵਿਧੀਆਂ ਦੇ ਨੋਡਲ ਅਫ਼ਸਰ ਅਤੇ ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਸ਼ੁਭੀ ਆਂਗਰਾ ਵੀ ਵਿਸ਼ੇਸ਼ ਤੌਰ ਉਤੇ ਹਾਜ਼ਰ ਸਨ। ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੇ 10 ਬੀ ਐਲ ਓਜ਼ ਪਿੱਛੇ ਇਕ ਸੈਕਟਰ ਅਫ਼ਸਰ ਤਾਇਨਾਤ ਕੀਤਾ ਹੈ ਤਾਂ ਜੋ ਹੇਠਲੇ ਪੱਧਰ ਤੱਕ ਚੋਣਾਂ ਦਾ ਕੰਮ ਸੁਚਾਰੂ ਤਰੀਕੇ ਨਾਲ ਚਲਾਇਆ ਜਾ ਸਕੇ। ਇਸੇ ਤਰ੍ਹਾਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਡਿਊਟੀ ਲਗਾਈ ਗਈ ਹੈ। ਉਹਨਾਂ ਇਹਨਾਂ ਸਾਰੇ ਕਰਮਚਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਨਵੇਂ ਵੋਟਰ ਰਜਿਸਟਰ ਕਰਨ ਲਈ ਉਹਨਾਂ ਤੱਕ ਖੁਦ ਪਹੁੰਚ ਕਰਨ। ਵੋਟਰ ਬਣਾਉਣ ਤੋਂ ਬਾਅਦ ਵੋਟਰਾਂ ਨੂੰ ਵੋਟ ਦਾ ਸਹੀ ਅਤੇ ਜਰੂਰੀ ਇਸਤੇਮਾਲ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਵੋਟਰਾਂ (ਯੋਗ ਵੋਟਰਾਂ ਸਮੇਤ) ਨੂੰ ਛੋਹਣ ਲਈ ਇੱਕ ਵਿਆਪਕ ਯੋਜਨਾ ਉਲੀਕੀ ਗਈ ਹੈ ਤਾਂ ਜੋ ਉਹ ਆਪਣੀ ਵੋਟ ਜਰੂਰ ਪਾਉਣ। ਇਸ ਸਬੰਧੀ ਦਿਸ਼ਾ-ਨਿਰਦੇਸ਼ ਦਿੰਦਿਆਂ ਉਹਨਾਂ ਦੱਸਿਆ ਕਿ ਪਿਛਲੀਆਂ ਲੋਕ ਸਭਾ ਚੋਣਾਂ 2019 ਦੌਰਾਨ ਜ਼ਿਲ੍ਹਾ ਮੋਗਾ ਵਿੱਚ ਵੋਟ ਪ੍ਰਤੀਸ਼ਤਤਾ ਬਹੁਤ ਮਾੜੀ ਰਹੀ, ਸਿਰਫ਼ 58 ਫ਼ੀਸਦੀ ਵੋਟਰ ਹੀ ਆਪਣੀ ਵੋਟ ਪਾਉਣ ਲਈ ਨਿਕਲੇ ਜਦਕਿ ਰਾਜ ਦੇ ਅੰਕੜੇ 67 ਫੀਸਦੀ ਸਨ। ਇਸ ਤੋਂ ਇਲਾਵਾ ਔਰਤਾਂ ਦੀ ਭਾਗੀਦਾਰੀ ਵੀ ਬਹੁਤ ਘੱਟ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਪ੍ਰਸ਼ਾਸਨ ਇਸ ਖੇਤਰ ਵਿੱਚ ਸੁਧਾਰ ਕਰਨਾ ਚਾਹੁੰਦਾ ਹੈ।  ਭਾਰਤੀ ਚੋਣ ਕਮਿਸ਼ਨ ਵੱਲੋਂ ਤੈਅ ਕੀਤੇ‘ਇਸ ਵਾਰ 70 ਪਾਰ’ ਟੀਚੇ ਨੂੰ ਹਾਸਲ ਕਰਨ ਲਈ ਸਭ ਤੋਂ ਪਹਿਲਾਂ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਯੋਗ ਵੋਟਰਾਂ ਨੂੰ ਲੱਭਣ ਲਈ ਆਈਲੈਟਸ ਕੇਂਦਰਾਂ ਅਤੇ ਵਿਦਿਅਕ ਸੰਸਥਾਵਾਂ ਤੱਕ ਪਹੁੰਚ ਕੀਤੀ ਜਾਵੇਗਾ। ਉਨ੍ਹਾਂ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਾਮਜ਼ਦਗੀਆਂ ਦੇ ਆਖਰੀ ਦਿਨ ਤੱਕ 18 ਸਾਲ ਦੀ ਉਮਰ ਪਾਰ ਕਰ ਰਹੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਮਾਡਲ ਪੋਲਿੰਗ ਸਟੇਸ਼ਨ, ਪਿੰਕ ਪੋਲਿੰਗ ਸਟੇਸ਼ਨ, ਦਿਵਿਆਂਗ ਕਰਮਚਾਰੀਆਂ ਦੇ ਪੋਲਿੰਗ ਸਟੇਸ਼ਨ ਅਤੇ ਨੌਜਵਾਨ ਕਰਮਚਾਰੀ ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮਹਿਲਾ ਆਈਕਨਜ਼ ਔਰਤਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ ਕੰਮ ਕਰ ਰਹੀਆਂ ਹਨ। ਇੱਟਾਂ ਦੇ ਭੱਠਿਆਂ, ਫੈਕਟਰੀਆਂ ਅਤੇ ਵਪਾਰਕ ਕੰਪਲੈਕਸਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਰਜਿਸਟ੍ਰੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਇਲੈਕਟੋਰਲ ਲਿਟਰੇਸੀ ਕਲੱਬਾਂ ਨੂੰ ਸਰਗਰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦੀ ਹੀ ਪੂਰੇ ਜ਼ਿਲ੍ਹੇ ਵਿੱਚ ਫਲੈਗ ਅਤੇ ਮੁਹੱਲਾ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਬਣਕੇ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਆਪਣੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹੋਰਨਾਂ ਨੂੰ ਪ੍ਰੇਰਿਤ ਕਰਨ।