ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣਾ ਪਾਰਟੀ ਦਾ ਫਰ਼ਜ : ਚੇਤਨ ਸਿੰਘ ਜੌੜਾਮਾਜਰਾ

ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ  ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਮ ਘਰਾਂ ਦੇ ਬੱਚਿਆਂ ਨੂੰ ਸਿਆਸੀ ਆਹੁਦਿਆਂ ਤੇ ਬਿਰਾਜਮਾਨ ਕਰਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ ਅਤੇ ਆਮ ਆਦਮੀ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣਾ ਪਾਰਟੀ ਦਾ ਮੁਢਲਾ ਫਰਜ਼ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਅਨਾਜ ਮੰਡੀ ਸਰਹਿੰਦ ਵਿਖੇ ਮਾਰਕੀਟ ਕਮੇਟੀ ਸਰਹਿੰਦ ਦੇ ਨਵਨਿਯੁਕਤ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ ਨੂੰ ਆਹੁਦਾ ਸੰਭਾਲਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਿਹਨਤੀ ਵਰਕਰਾਂ ਕਾਰਨ ਹੀ ਅੱਜ ਆਮ ਆਦਮੀ ਪਾਰਟੀ ਕੌਮੀ ਪੱਧਰ ਤੇ ਰਾਸ਼ਟਰੀ ਪਾਰਟੀ ਵਜੋਂ ਉਭਰ ਕੇ ਸਾਹਮਣੇ ਆਈ ਹੈ ਜਿਸ ਵਿੱਚ ਵਰਕਰਾਂ ਅਤੇ ਦੇਸ਼ ਵਾਸੀਆਂ ਦਾ ਬਹੁਤ ਵੱਡਾ ਯੋਗਦਾਨ ਹੈ। ਕੇਂਦਰ ਸਰਕਾਰ ਵੱਲੋਂ ਕੁਦਰਤੀ ਆਫਤ ਕਾਰਨ ਨੁਕਸਾਨੀ ਫਸਲ ਤੇ ਲਗਾਏ ਕੱਟ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ. ਜੋੜੇਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕੱਟ ਲਗਾਇਆ ਗਿਆ ਹੈ ਉਹ ਪੰਜਾਬ ਸਰਕਾਰ ਆਪਣੀ ਪੱਧਰ ਤੇ ਭਰ ਰਹੀ ਹੈ ਅਤੇ ਪਹਿਲੀ ਵਾਰ ਹੋਇਆ ਹੈ ਕਿ ਮੰਡੀਆਂ ਵਿੱਚ ਫਸਲ ਪਹੁੰਚਣ ਤੋਂ ਪਹਿਲਾਂ ਹੀ ਮੁਆਵਜਾ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਚਾਹੀਦਾ ਸੀ ਕਿ ਕੁਦਰਤੀ ਆਫਤ ਕਾਰਨ ਨੁਕਸਾਨੀਆਂ ਫਸਲਾਂ ਤੇ ਕਿਸੇ ਕਿਸਮ ਦਾ ਕੱਟ ਨਾ ਲਗਾਉਂਦੀ ਸਗੋਂ ਕੱਟ ਲਗਾਉਣ ਦੀ ਥਾਂ ਕਿਸਾਨਾਂ ਲਈ ਬੋਨਸ ਦਾ ਐਲਾਨ ਕੀਤਾ ਜਾਂਦਾ ਪ੍ਰੰਤੂ ਕੇਂਦਰ ਸਰਕਾਰ ਨੇ ਕੱਟ ਲਗਾ ਕੇ ਕਿਸਾਨ ਮਾਰੂ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੇ ਨਾਲ ਖੜੀ ਹੈ। ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਵਿਜੀਲੈਂਸ ਵੱਲੋਂ ਕੀਤੀ ਜਾਣ ਵਾਲੀ ਪੁੱਛਗਿੱਛ ਤੇ ਰਾਜਨੀਤੀ ਤੋਂ ਪ੍ਰੇਰਿਤ ਹੋਣ ਦਾ ਦੋਸ਼ ਲਗਾਉਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੁੱਧ ਲੜੇ ਗਏ ਸੰਘਰਸ਼ ਵਿੱਚੋਂ ਨਿਕਲੀ ਹੈ ਅਤੇ ਸਾਡੀ ਸਰਕਾਰ ਨੇ ਸ਼ੁਰੂ ਤੋਂ ਹੀ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਲਰੈਂਸ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡਾ ਇੱਕੋ ਕਹਿਣਾ ਹੈ ਕਿ ਜਿਸ ਕਿਸੇ ਨੇ ਵੀ ਲੋਕਾਂ ਦੇ ਪੈਸੇ ਦੀ ਲੁੱਟ ਕੀਤੀ ਹੈ ਉਹ ਬਖਸ਼ੇ ਨਹੀਂ ਜਾਣਗੇ ਅਤੇ ਜੇਕਰ ਸ. ਚੰਨੀ ਨੇ ਕੁਝ ਗਲਤ ਨਹੀਂ ਕੀਤਾ ਤਾਂ ਉਹ ਡਰ ਕਿਸ ਗੱਲ ਤੋਂ ਰਹੇ ਹਨ। ਜਲੰਧਰ ਜ਼ਿਮਨੀ ਚੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ. ਚੇਤਨ ਸਿੰਘ ਜੋੜੇਮਾਜਰਾ ਨੇ ਕਿਹਾ ਕਿ ਲੋਕ ਹਮੇਸ਼ਾਂ ਸਰਕਾਰ ਦੇ ਪੱਖ ਵਿੱਚ ਹੀ ਵੋਟ ਪਾਉਂਦੇ ਹਨ ਅਤੇ ਜਲੰਧਰ ਉਪ ਚੋਣ ਵਿੱਚ ਵੀ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਵੇਖਦੇ ਹੋਏ ਪਾਰਟੀ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰੇਗਾ।ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਸ. ਗੁਰਵਿੰਦਰ ਸਿੰਘ ਢਿੱਲੋਂ ਮਿਹਨਤੀ ਤੇ ਇਮਾਨਦਾਰ ਸਖਸ਼ੀਅਤ ਦੇ ਮਾਲਕ ਹਨ ਅਤੇ ਉਹ ਆਪਣੀ ਮਿਹਨਤ ਨਾਲ ਮਾਰਕੀਟ ਕਮੇਟੀ ਸਰਹਿੰਦ ਨੂੰ ਹੋਰ ਵੀ ਬੁਲੰਦੀਆਂ ਤੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਆਪਣੇ ਮਿਹਨਤੀ ਵਰਕਰਾਂ ਦਾ ਸਾਥ ਦਿੱਤਾ ਹੈ ਅਤੇ ਭਵਿੱਖ ਵਿੱਚ ਵੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਨਵਨਿਯੁਕਤ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਵੱਡੀ ਜਿੰਮੇਵਾਰੀ ਸੌਂਪੀ ਹੈ ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪਾਰਟੀ ਦੀਆਂ ਨੀਤੀਆ ਘਰ-ਘਰ ਪਹੁੰਚਾਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਅਜੈ ਸਿੰਘ ਲਿਬੜਾ, ਜ਼ਿਲ੍ਹਾ ਮੰਡੀ ਅਫਸਰ ਸ. ਸਵਰਨ ਸਿੰਘ, ਸ. ਕੰਵਰਬੀਰ ਸਿੰਘ ਰਾਏ, ਅਮਰਿੰਦਰ ਸਿੰਘ ਮੰਡੋਫਲ, ਗੁਰਸਤਿੰਦਰ ਸਿੰਘ ਜੱਲ੍ਹਾ, ਸਾਧੂ ਰਾਮ ਭੱਟਮਾਜਰਾ, ਪਵੇਲ ਹਾਂਡਾ, ਨਵਦੀਪ ਸਿੰਘ ਨਵੀ, ਸਮਰਜੀਤ ਲੱਕੀ, ਜਸਪ੍ਰੀਤ ਕਲੇਰ, ਰਾਜਵੰਤ ਸਿੰਘ ਰਾਜੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਤੇ ਹੋਰ ਪਤਵੰਤੇ ਮੌਜੂਦ ਸਨ।