ਵਾਤਾਵਰਣ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਜਰੂਰੀ: ਜ਼ਿਲ੍ਹਾ ਪੁਲਿਸ ਮੁਖੀ

  • ਜ਼ਿਲ੍ਹੇ ਦੇ ਪੁਲਿਸ ਥਾਣਿਆਂ, ਪੁਲਿਸ ਦੀਆਂ ਇਮਾਰਤਾਂ ਤੇ ਬੂਟੇ ਲਗਾਉਣ ਦੀ ਮੁਹਿੰਮ ਹੋਈ ਸ਼ੁਰੂ
  • ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਪੁਲਿਸ ਲਾਇਨ ਮਹੱਦੀਆਂ ਵਿਖੇ ਪੌਦਾ ਲਗਾ ਕੇ ਬੂਟੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 12 ਜੁਲਾਈ 2024 : ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਪੈਂਦੇ ਸਮੂਹ ਪੁਲਿਸ ਥਾਣਿਆਂ ਤੇ ਪੁਲਿਸ ਦੀਆਂ ਇਮਾਰਤਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਵਾਤਾਵਰਣ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਪੁਲਿਸ ਲਾਇਨ ਮਹੱਦੀਆਂ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜਿਸ ਤੇਜੀ ਨਾਲ ਅਸੀਂ ਦਰਖ਼ਤਾਂ ਦੀ ਕਟਾਈ ਕਰਦੇ ਜਾ ਰਹੇ ਹਾਂ ਉਸ ਨਾਲ ਸਾਡਾ ਵਾਤਾਵਰਣ ਵੀ ਗੰਧਲਾ ਹੁੰਦਾ ਜਾ ਰਿਹਾ ਹੈ ਅਤੇ ਜੇਕਰ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਅਤੇ ਹਰਿਆ ਭਰਿਆ ਬਣਾਉਣ ਵਾਸਤੇ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਦਰਖਤ ਇਨਸਾਨ ਦੇ ਜਨਮ ਤੋਂ ਲੈ ਕੇ ਉਸ ਦੀ ਮੌਤ ਤੱਕ ਇਨਸਾਨ ਦਾ ਸਾਥ ਦਿੰਦੇ ਹਨ ਇਸ ਲਈ ਦਰਖ਼ਤਾਂ ਦੀ ਸਾਂਭ ਸੰਭਾਲ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਧਾਰਮਿਕ ਗ੍ਰੰਥਾਂ ਅਤੇ ਪੰਜਾਬ ਦੇ ਮਹਾਨ ਸਾਹਿਤ ਵਿੱਚ ਵੀ ਰੁੱਖਾਂ ਨੂੰ ਵੱਡਾ ਸਥਾਨ ਦਿੱਤਾ ਗਿਆ ਹੈ ਕਿਉਂਕਿ ਰੁੱਖ ਜਿਥੇ ਸਾਨੂੰ ਜੀਉਣ ਲਈ ਜਰੂਰੀ ਆਕਸੀਜ਼ਨ ਗੈਸ ਦਿੰਦੇ ਹਨ ਉਥੇ ਹੀ ਮਨੁੱਖੀ ਸਿਹਤ ਲਈ ਖ਼ਤਰਨਾਕ ਕਾਰਬਨ ਗੈਸ ਨੂੰ ਆਪਣੇ ਅੰਦਰ ਜਜਬ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਰੁੱਖਾਂ ਦਾ ਤੇ ਇਨਸਾਨਾਂ ਦਾ ਮੁਢ ਕਦੀਮੀ ਰਿਸ਼ਤਾ ਹੈ। ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਮਨੁੱਖ ਨੇ ਆਪਣੇ ਨਿੱਜੀ ਮੁਫਾਦਾਂ ਲਈ ਜਿਸ ਤੇਜੀ ਨਾਲ ਦਰਖਤਾਂ ਦੀ ਕਟਾਈ ਕੀਤੀ ਉਸ ਨਾਲ ਗਲੋਬਲ ਵਾਰਮਿੰਗ ਵਿੱਚ ਵੱਡਾ ਵਾਧਾ ਹੋਇਆ ਹੈ। ਇਸ ਲਈ ਹਰੇਕ ਇਨਸਾਨ ਨੂੰ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਦਰਖ਼ਤ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਵੀ ਨਿਭਾਈ ਜਾਵੇ। ਡਾ: ਗਰੇਵਾਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਦਰਖ਼ਤ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਜਿਸ ਤਰ੍ਹਾਂ ਸਮਾਜ ਅੰਦਰੋਂ ਜੁਰਮ ਨੂੰ ਖ਼ਤਮ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰ ਰਿਹਾ ਹੈ ਉਸੇ ਤਰ੍ਹਾਂ ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਵੀ ਆਪਣਾ ਬਣਦਾ ਯੋਗਦਾਨ ਪਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਹੋਈ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾਵੇਗਾ ਤਾਂ ਜ਼ੋ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜਰ ਸਨ।