ਕਿਰਤੀ ਕਿਸਾਨ ਯੂਨੀਅਨ ਵੱਲੋਂ ਭਾਰਤ ਪਾਕਿਸਤਾਨ 'ਚ ਵਪਾਰ ਲਈ ਸੜਕੀ ਲਾਂਘੇ ਖੋਲ੍ਹਣ ਦੀ ਮੰਗ 

ਮੋਗਾ, 26 ਮਈ : ਕਿਰਤੀ ਕਿਸਾਨ ਯੂਨੀਅਨ ਵੱਲੋਂ ਮੋਗਾ ਵਿਖੇ ਕੀਤੀ ਰੈਲੀ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਹਰ ਖੇਤ ਤੱਕ ਨਹਿਰੀ ਪਾਣੀ-ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ, ਖੇਤੀ ਮਾਡਲ ਬਦਲਣ ਤੇ ਭਾਰਤ-ਪਾਕਿਸਤਾਨ ਵਪਾਰ ਲਈ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘੇ ਖੋਲ੍ਹਣ ਵਰਗੀਆਂ ਅਹਿਮ ਮੰਗਾਂ ਚੁੱਕੀਆਂ। ਰੈਲੀ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਹਰਮੇਸ਼ ਸਿੰਘ ਢੇਸੀ, ਸਤਿਬੀਰ ਸਿੰਘ ਸੁਲਤਾਨੀ ਅਤੇ ਔਰਤ ਕਿਸਾਨ ਆਗੂ ਛਿੰਦਰਪਾਲ ਕੌਰ ਰੋਡੇ ਨੇ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਖੇਤੀ ਸੰਕਟ ਨੂੰ ਹੱਲ ਕਰਨ ਲਈ ਫ਼ਸਲੀ-ਵਿਭਿੰਨਤਾ ਦੇ ਦਾਅਵੇ ਮਹਿਜ ਕਾਗਜ਼ੀ ਇਸ਼ਤਿਹਾਰ ਬਣ ਕੇ ਰਹਿ ਗਏ ਹਨ। ਖੇਤੀ ਸੰਕਟ ਦੀ ਬੁਨਿਆਦੀ ਜੜ੍ਹ ਹਰੇ ਇਨਕਲਾਬ ਦੇ ਕਾਰਪੋਰੇਟ ਪੱਖੀ ਖੇਤੀ ਵਿਕਾਸ ਮਾਡਲ ਵਿੱਚ ਪਈ ਹੈ, ਜਿਸਨੇ ਅੱਜ ਕਿਸਾਨੀ ਦਾ ਵਾਲ-ਵਾਲ ਕਰਜ਼ਾਈ ਕਰਨ ਦੇ ਨਾਲ ਨਾਲ ਪਾਣੀ ਅਤੇ ਵਾਤਾਵਰਨ ਦਾ ਸੰਕਟ ਖੜਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ  ਇਸ ਮਾਡਲ ਨੂੰ ਆਤਮ-ਨਿਰਭਰ, ਜ਼ਹਿਰ ਮੁਕਤ ਕੁਦਰਤ ਪੱਖੀ ਅਤੇ ਲਾਭਕਾਰੀ ਖੇਤੀ ਮਾਡਲ ਨਾਲ ਬਦਲਣ ਦੀ ਲੋੜ ਹੈ ਪਰ ਅਜਿਹਾ ਕਰਨ ਤੋਂ ਘੇਸਲ ਵੱਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਨੇ ‘ਬਦਲਵੇਂ ਖੇਤੀ ਮਾਡਲ ਨੂੰ ਲਾਗੂ ਕਰੋ’ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਮੁਹਿੰਮ ਵਿੱਢੀ ਹੋਈ ਹੈ। ਜਿਸ ਤਹਿਤ  ਸਵਾਮੀਨਾਥਨ ਫਾਰਮੂਲੇ ਨਾਲ ਐਮ.ਐਸ.ਪੀ. ’ਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ  ਪਾਣੀ ਦੀ ਸੰਭਾਲ, ਜ਼ਹਿਰ ਮੁਕਤ ਖੇਤੀ  ਅਤੇ ਕਿਸਾਨਾਂ ਦੀ ਕਰਜ਼ਾ ਮੁਕਤੀ ਦੀ ਮੰਗ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰੈਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਅਤੇ ਸੂਬਾ ਖਜ਼ਾਨਚੀ ਜਸਵਿੰਦਰ ਸਿੰਘ ਝਬੇਲਵਾਲੀ ਨੇ ਕਿਹਾ ਕਿ ਇੱਕ ਪਾਸੇ ਤਾਂ ਸੂਬੇ ਵਿੱਚ ਪਾਣੀ ਦਾ ਸੰਕਟ ਦਿਨੋਂ ਦਿਨ ਵਧਦਾ ਜਾ ਰਿਹਾ ਦੂਸਰੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਾਜਸਥਾਨ ਨੂੰ ਅੰਦਰਖਾਤੇ ਵੱਧ ਪਾਣੀ ਦੇਣ ਦੀਆਂ ਕਨਸੋਆਂ ਮਿਲ ਰਹੀਆਂ ਹਨ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਲੋਕਾਂ ਦੇ ਜਜ਼ਬਾਤ ਨਾਲ ਖੇਡਣਾ ਬੰਦ ਕਰਕੇ ‘ਹਰ ਖੇਤ ਤੱਕ ਨਹਿਰੀ ਪਾਣੀ - ਹਰ ਘਰ ਤੱਕ ਪੀਣ ਯੋਗ ਸਾਫ਼ ਪਾਣੀ’ ਪਹੁੰਚਾਉਣ ਦਾ ਪ੍ਰਬੰਧ ਕਰੇ। ਉਨ੍ਹਾਂ ਇਸ ਨਾਅਰੇ ਨੂੰ ਅਵਾਮ ਦੀ ਆਵਾਜ਼ ਬਣਾਉਣ ਦਾ ਸੱਦਾ ਦਿੱਤਾ। ਕਿਰਤੀ ਕਿਸਾਨ ਯੂਨੀਅਨ ਦੀ ਔਰਤ ਵਿੰਗ ਦੀ ਆਗੂ ਹਰਦੀਪ ਕੌਰ ਕੋਟਲਾ ਅਤੇ ਸੂਬਾ ਆਗੂ ਸੁਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਗੁਜਰਾਤ ਦੇ ਰਸਤੇ ਤਾਂ ਪਾਕਿਸਤਾਨ ਨਾਲ ਵਪਾਰ ਕੀਤਾ ਜਾ ਰਿਹਾ ਹੈ ਪ੍ਰੰਤੂ ਪੰਜਾਬ ਤੋਂ ਸੜਕੀ ਲਾਂਘੇ ਰਾਹੀਂ ਪਾਕਿਸਤਾਨ ਨਾਲ ਵਪਾਰ ’ਤੇ ਪਾਬੰਦੀਆਂ ਮੜ੍ਹ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਅਟਾਰੀ ਅਤੇ ਹੁਸੈਨੀਵਾਲਾ ਲਾਂਘੇ ਖੋਲ੍ਹਣ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਹੀ ਨਹੀਂ ਸਗੋਂ  ਉੱਤਰੀ ਭਾਰਤ ਦੇ ਕਿਸਾਨਾਂ ਨੂੰ  ਵੱਡਾ ਲਾਭ ਅਤੇ  ਆਰਥਿਕਤਾ ਨੂੰ ਵੀ ਠੁੰਮਣਾ ਮਿਲ ਸਕਦਾ ਹੈ। ਬੁਲਾਰਿਆਂ ਨੇ ਆਬਾਦਕਾਰਾਂ ਨੂੰ ਉਜਾੜਨਾ ਬੰਦ ਕਰਕੇ ਉਨ੍ਹਾਂ ਨੂੰ ਮਾਲਕੀ ਹੱਕ ਦੇਣ ਦੀ ਮੰਗ ਵੀ ਕੀਤੀ। ਮੋਦੀ ਸਰਕਾਰ  ’ਤੇ  ਫੈਡਰਲ ਢਾਂਚੇ ਨੂੰ ਕਮਜ਼ੋਰ ਕਰਨ ਦਾ ਇਲਜ਼ਾਮ ਲਗਾਉਂਦਿਆਂ ਸੂਬੇ ਦੇ ਅਧਿਕਾਰਾਂ ਦੀ ਰਾਖੀ ਲਈ ਕਿਸਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ।ਰੈਲੀ ਨੂੰ ਸੂਬਾ ਕਮੇਟੀ ਮੈਂਬਰ ਸੰਤੋਖ ਸਿੰਘ ਸੰਧੂ, ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮਲ, ਜਰਨੈਲ ਸਿੰਘ ਜਹਾਂਗੀਰ, ਭੁਪਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਭਿੰਡਰ, ਭੁਪਿੰਦਰ ਸਿੰਘ ਵੜੈਚ, ਸੁਖਚੈਨ ਸਿੰਘ, ਸੁਖਦੇਵ ਸਿੰਘ ਸਹਿੰਸਰਾ, ਨਛੱਤਰ ਸਿੰਘ ਤਰਨਤਾਰਨ, ਬਲਵਿੰਦਰ ਸਿੰਘ ਅਤੇ ਚਮਕੌਰ ਸਿੰਘ ਰੋਡੇ ਆਦਿ ਨੇ ਸੰਬੋਧਨ ਵੀ ਕੀਤਾ।