ਮੰਡੀਆਂ ਵਿੱਚੋਂ 84 ਫੀਸਦੀ ਝੋਨੇ ਦੀ ਕਰਵਾਈ ਗਈ ਲਿਫਟਿੰਗ : ਪਰਨੀਤ ਸ਼ੇਰਗਿੱਲ

  • ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ ਜਾਰੀ ਕੀਤੇ 957.55 ਕਰੋੜ ਰੁਪਏ
  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਏ 444107 ਮੀਟਰਿਕ ਟਨ ਝੋਨੇ ਵਿੱਚੋਂ 440883 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ
  • ਡੀ.ਸੀ. ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 09 ਨਵੰਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਮੰਡੀਆਂ ਵਿੱਚ ਲਿਫਟਿੰਗ ਕਰਵਾਉਣ ਵਿੱਚ ਵੀ ਤੇਜੀ ਆਈ ਹੈ ਜਿਸ ਸਦਕਾ ਹੁਣ ਤੱਕ ਮੰਡੀਆਂ ਵਿੱਚੋਂ 84 ਫੀਸਦੀ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਮੰਡੀਆਂ ਵਿੱਚ ਆਏ 444107 ਮੀਟਰਿਕ ਟਨ ਝੋਨੇ ਵਿੱਚੋਂ 440883 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾ ਲਈ 957.55 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 187741 ਮੀਟਰਿਕ ਟਨ, ਮਾਰਕਫੈੱਡ ਵੱਲੋਂ 99321 ਮੀਟਰਿਕ ਟਨ, ਪਨਸਪ ਵੱਲੋਂ 102514 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 48574 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 1676 ਮੀਟਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1057 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ ਫੈਲਦਾ ਹੈ ਅਤੇ ਇਸ ਨਾਲ ਕਿਸਾਨ ਨੂੰ ਵੀ ਨੁਕਸਾਨ ਹੁੰਦਾ ਹੈ, ਇਸ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦੇਣਾ ਚਾਹੀਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।