ਸਵੈ-ਰੋਜ਼ਗਾਰ ਲਈ 05 ਦਿਵਿਆਂਗਜਨਾਂ ਨੂੰ 14.50 ਲੱਖ ਦਾ ਦਿੱਤਾ ਕਰਜ਼ਾ : ਡਿਪਟੀ ਕਮਿਸ਼ਨਰ  

ਫ਼ਤਹਿਗੜ੍ਹ ਸਾਹਿਬ, 10 ਮਈ : ਪੰਜਾਬ ਸਰਕਾਰ ਵੱਲੋਂ ਜਿਥੇ ਦਿਵਿਆਂਗਜਨਾਂ ਦੀ ਭਲਾਈ ਲਈ ਅਨੇਕਾਂ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਉਥੇ ਹੀ ਐਸ.ਸੀ. ਕਾਰਪੋਰੇਸ਼ਨ ਵੱਲੋਂ ਨੈਸ਼ਨਲ ਫਰੀਦਾਬਾਦ ਫਾਇਨਾਂਸ ਕਾਰਪੋਰੇਸ਼ਨ ਦੀ ਸਕੀਮ ਅਧੀਨ ਕਿਸੇ ਵੀ ਜਾਤੀ ਨਾਲ ਸਬੰਧਤ 40 ਫੀਸਦੀ ਦਿਵਿਆਂਗ ਵਿਅਕਤੀਆਂ ਨੂੰ ਕੋਈ ਵੀ ਕੰਮ ਸ਼ੁਰੂ ਕਰਨ ਵਾਸਤੇ ਬਹੁਤ ਹੀ ਘੱਟ ਵਿਆਜ ਦਰ ਤੇ 05 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਂਦਾ ਹੈ। ਇਸ ਸਕੀਮ ਅਧੀਨ ਸਾਲ 2022-23 ਦੌਰਾਨ 05 ਦਿਵਿਆਂਗਜਨਾ ਨੂੰ 14.50 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਤਾਂ ਜੋ ਉਹ ਆਪਣੇ ਪੈਰ੍ਹਾਂ ਤੇ ਖੜੇ ਹੋ ਸਕਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਵਿਆਂਗਜਨਾ ਦੀ ਭਲਾਈ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਸਕੀਮ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ ਤਾਂ ਜੋ ਜ਼ਿਲ੍ਹੇ ਦੇ ਦਿਵਿਆਂਗਜਨ ਇਨ੍ਹਾਂ ਸਕੀਮਾਂ ਤੋਂ ਲਾਭ ਲੈ ਕੇ ਆਪਣਾ ਆਰਥਿਕ ਪੱਧਰ ਉਚਾ ਚੁੱਕ ਸਕਣ। ਸ਼੍ਰੀਮਤੀ ਸ਼ੇਰਗਿੱਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੱਗਰ ਸਿੱਖਿਆ ਅਭਿਆਨ ਤਹਿਤ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਜਿੰਦਗੀ ਵਿੱਚ ਸਿੱਖਿਆ ਦੀ ਰੌਸ਼ਨੀ ਕਰਨ ਲਈ ਲਏ ਗਏ ਅਹਿਦ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਸਰਵੇ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਬੱਚਿਆਂ ਨੂੰ ਹੋਰਨਾਂ ਬੱਚਿਆਂ ਵਾਂਗ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਉਂਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਆਮ ਬੱਚਿਆਂ ਨਾਲ ਸਾਂਝੀ ਸਿੱਖਿਆ ਪ੍ਰਦਾਨ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਕੀਮ ਅਧੀਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਕੂਲਾਂ ਵਿੱਚ ਰਿਸੋਰਸ ਰੂਮ ਦਾ ਪ੍ਰਬੰਧ ਕਰਨ, ਮਾਹਰ ਅਧਿਆਪਕਾਂ ਵੱਲੋਂ ਸਿੱਖਿਆ ਮੁਹੱਈਆ ਕਰਵਾਉਣ, ਰਿਸੋਰਸ ਰੂਮ ਤੱਕ ਆਉਣ ਜਾਣ ਦਾ ਕਿਰਾਇਆ ਦੇਣਾ ਆਦਿ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਲੀਡ ਬੈਂਕ ਮੇਨੇਜਰ ਮੁਕੇਸ਼ ਸੈਣੀ ਨੂੰ ਕਿਹਾ ਕਿ ਜ਼ਿਲ੍ਹੇ ਦੇ ਬੈਂਕ ਦੀਆਂ ਬ੍ਰਾਂਚਾ ਜਿਥੇ ਕਿ ਦਿਵਿਆਂਗਜਨਾਂ ਲਈ ਰੈਂਪ ਦਾ ਪ੍ਰਬੰਧ ਨਹੀਂ ਹੈ ਉਨ੍ਹਾਂ ਥਾਵਾਂ ਤੇ ਰੈਂਪ ਬਣਾਉਣ ਲਈ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੁੰ ਵੀ ਦਿਵਿਆਂਗਜ਼ਨਾਂ ਲਈ ਲੋੜੀਂਦੀਆਂ ਥਾਵਾਂ ਤੇ ਰੈਂਪ ਬਣਾਉਣ ਲਈ ਕਿਹਾ। ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਂਕਡਰੀ) ਸ਼੍ਰੀ ਸਮਸ਼ੇਰ ਸਿੰਘ, ਐਸ.ਸੀ. ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਸ਼੍ਰੀਮਤੀ ਮਨਜੀਤ ਕੌਰ, ਸਮਾਜ ਸੇਵੀ ਮਨਮੋਹਨ ਜਰਗਰ, ਗੁਰਵਿੰਦਰ ਸੋਨੀ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਮੇਟੀ ਮੈਂਬਰ ਹਾਜਰ ਸਨ।