ਮਲੇਰਕੋਟਲਾ: ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖਤਾ ਰਹੇਗੀ : ਡੀ ਸੀ 

  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਤੋਂ ਜ਼ਿਲ੍ਹੇ ‘ਚ ਚੱਲ ਰਹੇ ਕਾਰਜਾਂ ਬਾਰੇ ਲਿਆ ਸੰਖੇਪ ਜਾਇਜ਼ਾ
  • ਲੋਕਾਂ ਨੂੰ ਸਾਫ਼ ਸੁਥਰੀਆਂ, ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ- ਪਰਮਵੀਰ ਸਿੰਘ 

ਮਲੇਰਕੋਟਲਾ, 25 ਅਪ੍ਰੈਲ : ਆਈ.ਏ.ਐਸ ਅਧਿਕਾਰੀ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਸ੍ਰੀ ਸੰਯਮ ਅਗਰਵਾਲ ਦੇ ਛੁੱਟੀ ਉੱਤੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਇੱਥੇ ਵਰਨਣਯੋਗ ਹੈ ਕਿ ਉਹ ਵਧੀਕ ਡਿਪਟੀ ਕਮਿਸ਼ਨਰ( ਵਿਕਾਸ) ਬਰਨਾਲਾ ਵਜੋਂ ਸੇਵਾਵਾਂ ਨਿਭਾਅ ਰਹੇ ਹਨ । ਇਸ ਤੋਂ ਪਹਿਲਾ ਉਹ ਵਧੀਕ ਮੈਨੇਜਿੰਗ ਡਾਇਰੈਕਟਰ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ,ਮੈਨੇਜਿੰਗ ਡਾਇਰੈਕਟਰ ਉਦਯੋਗਾਂ, ਸਹਾਇਕ ਸਕੱਤਰ ਡਿਪਾਰਟਮੈਂਟ ਆਫ ਪਰਸੋਨਲ ਐਂਡ ਟਰੇਨਿੰਗ, ਐਸ.ਡੀ.ਐਮ. ਜਲੰਧਰ,ਵਧੀਕ ਡਿਪਟੀ ਕਮਿਸ਼ਨਰ(ਵਿਕਾਸ਼) ਜਲੰਧਰ, ਮੁੱਖ ਪ੍ਰਬੰਧਕ ਪੀ.ਡੀ.ਏ. ਬੰਠਿਡਾ ਆਦਿ ਤੋਂ ਇਲਾਵਾ ਹੋਰ ਉੱਚ ਅਹੁੱਦਿਆਂ ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਰਸਮੀ ਤੌਰ ਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਦੇ ਪ੍ਰਸਾਸਨਿਕ ਅਧਿਕਾਰੀਆਂ ਕੋਲੋ ਜ਼ਿਲ੍ਹੇ ਵਿੱਚ ਚੱਲ ਰਹੇ ਕਾਰਜਾਂ ਬਾਰੇ ਸੰਖੇਪ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਨੂੰ ਪ੍ਰਮੁੱਖਤਾ ਰਹੇਗੀ ਅਤੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ।ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚੜ੍ਹਵਾਉਣ ਦੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਨਵੇਂ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ਼ ਸੰਭਵ ਹੋ ਸਕੇ । ਉਨ੍ਹਾਂ ਸਮੁੱਚੇ ਜ਼ਿਲ੍ਹ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸਾਫ਼ ਸੁਥਰੀਆਂ, ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖਤਾ ਰਹੇਗੀ । ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ 'ਤੇ ਹੱਲ ਕਰਨ ਨੂੰ ਸਾਰੇ ਅਧਿਕਾਰੀ ਤਰਜੀਹ ਦੇਣ ਤਾਂ ਕਿ ਕਿਸੇ ਨਾਗਰਿਕ ਨੂੰ ਵੀ ਸਰਕਾਰੀ ਦਫ਼ਤਰਾਂ 'ਚ ਖੱਜਲ ਖ਼ੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ  ਵੀ ਵਿਅਕਤੀ ਉਨ੍ਹਾਂ ਨਾਲ ਸਬੰਧਿਤ ਸਮੱਸਿਆਵਾਂ ਲੈ ਕੇ ਉਨ੍ਹਾਂ ਦੇ ਦਫ਼ਤਰ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮਿਸ ਰਾਜਦੀਪ ਕੌਰ,ਐਸ.ਡੀ.ਐਮ.ਮਾਲੇਰਕੋਟਲਾ ਸ੍ਰੀ ਕਰਨਦੀਪ ਸਿੰਘ, ਐਸ.ਡੀ.ਐਮ.ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ,ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਜ਼ਿਲ੍ਹਾ ਮਾਲ ਅਫਸਰ ਗੁਰਮੰਦਰ ਸਿੰਘ ਤੋਂ ਜ਼ਿਲ੍ਹੇ ਵਿੱਚ ਚੱਲ ਰਹੇ ਕਾਰਜਾਂ ਬਾਰੇ ਸੰਖੇਪ ਜਾਇਜ਼ਾ ਲਿਆ।