ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਸੰਭਾਵਿਤ ਗ੍ਰਿਫਤਾਰੀ ਦੇ ਡਰੋਂ ਅਦਾਲਤ ਦਾ ਖੜਕਾਇਆ ਦਰਵਾਜ਼ਾ 

ਬਠਿੰਡਾ, 23 ਸਤੰਬਰ : ਪੰਜਾਬ ਦੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਸੰਭਾਵਿਤ ਗ੍ਰਿਫਤਾਰੀ ਦੇ ਡਰੋਂ ਹੁਣ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਖਿਲਾਫ਼ ਚੱਲ ਰਹੀ ਵਿਜੀਲੈਂਸ ਜਾਂਚ ਦੌਰਾਨ ਆਪਣੇ ਵਕੀਲ ਰਾਹੀਂ ਪਟੀਸ਼ਨ ਦਾਇਰ ਕਰਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਠਿੰਡਾ ਦੀ ਅਦਾਲਤ ਤੋਂ ਅਗਾਊਂ ਜਮਾਨਤ ਮੰਗੀ ਹੈ। ਪਤਾ ਲੱਗਿਆ ਹੈ ਕਿ ਮਨਪ੍ਰੀਤ ਬਾਦਲ ਨੇ ਆਪਣੀ ਅਰਜ਼ੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿਆਸੀ ਰੰਜ਼ਿਸ਼ ਤਹਿਤ ਫ਼ਸਾਉਣ ਦੇ ਦੋਸ਼ ਲਾਏ ਹਨ। ਉਨ੍ਹਾਂ ਇਸ ਸੰਬੰਧ ਵਿੱਚ ਕੁਝ ਸਬੂਤ ਵੀ ਅਦਾਲਤ ਅੱਗੇ ਪੇਸ਼ ਕੀਤੇ ਹਨ। ਸਾਬਕਾ ਵਿੱਤ ਮੰਤਰੀ ਵੱਲੋਂ ਸਬੂਤ ਦੇ ਤੌਰ ਤੇ ਇਕ ਵੀਡੀਓ ਵੀ ਪੇਸ਼ ਕੀਤੀ ਦੱਸੀ ਜਾ ਰਹੀ ਹੈ ਜਿਸ ਵਿੱਚ ਮੁੱਖ ਮੰਤਰੀ ਵੱਲੋਂ ਉਨ੍ਹਾਂ ਖ਼ਿਲਾਫ਼ ਪੁਲਸ ਕੇਸ ਦਰਜ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਜਦੋਂ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਪਹਿਲੀ ਵਾਰ ਤਲਬ ਕੀਤਾ ਸੀ ਤਾਂ ਉਦੋਂ ਉਹਨਾਂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੂੰ ਨਿਸ਼ਾਨੇ ਤੇ ਲਿਆ ਅਤੇ ਵਿਜੀਲੈਂਸ ਤੋਂ ਨਾ ਡਰਨ ਦੀ ਗੱਲ ਆਖੀ ਸੀ ਜਦੋਂ ਕਿ ਹੁਣ ਸਾਬਕਾ ਮੰਤਰੀ ਨੇ ਪ੍ਰਗਟਾਇਆ ਹੈ ਕਿ ਵਿਜੀਲੈਂਸ ਉਨ੍ਹਾਂ ਨੂੰ ਕਿਸੇ ਵੀ ਵਕਤ ਗ੍ਰਿਫਤਾਰ ਕਰ ਸਕਦੀ ਹੈ। ਉਨ੍ਹਾਂ ਅਦਾਲਤ ਤੋਂ ਮੰਗ ਕੀਤੀ ਹੈ ਕਿ ਉਹਨਾਂ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ  ਨੋਟਿਸ ਦਿੱਤਾ ਜਾਵੇ। ਦੱਸਣਯੋਗ ਹੈ ਕਿ ਮਨਪ੍ਰੀਤ ਬਾਦਲ ਨੇ ਬਠਿੰਡਾ 'ਚ ਆਪਣੀ ਰਿਹਾਇਸ਼ ਬਣਾਉਣ ਲਈ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਬਠਿੰਡਾ ਵਿਕਾਸ ਅਥਾਰਟੀ ਤੋਂ  ਜਗ੍ਹਾ ਖਰੀਦੀ ਸੀ ਜਿਸ ਦੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।