ਮੁੱਖ ਮੰਤਰੀ ਮਾਨ ਨਾਲ ਮੀਟਿੰਗ ਕਰਵਾਉਣ ਤੋਂ ਭੱਜੇ ਮਾਨਸਾ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਵਿਚਕਾਰ ਯੂਨੀਅਨ ਦੀ ਹੋਈ ਤਿੱਖੀ ਬਹਿਸਬਾਜ਼ੀ

ਮਾਨਸਾ,10  ਜੂਨ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਤੋਂ ਭੱਜੇ ਮਾਨਸਾ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਵਿਚਕਾਰ ਤਿੱਖੀ ਬਹਿਸਬਾਜ਼ੀ ਹੋਈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ਕਿਸਾਨ ਆਗੂ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਨਾਲ ਮੀਟਿੰਗ ਕਰਨ ਪਹੁੰਚੇ ਸਨ। ਇਸ ਮੌਕੇ ਜਦੋਂ ਕਿਸਾਨ ਆਗੂਆਂ ਨੇ ਪੁਲਿਸ ਦੇ  ਕਿਸਾਨ ਆਗੂ ਭੜਕ ਗਏ। ਇਸ ਮੌਕੇ ਇੱਕ ਐਸ ਪੀ ਨੇ ਕਿਸਾਨਾਂ ਨੂੰ ਹੱਥ ਜੋੜ ਕੇ ਮਨਾਉਣ ਦੀ ਕੋਸ਼ਿਸ਼  ਕੀਤੀ ਪਰ ਆਗੂਆਂ ਦਾ ਪਾਰਾ ਚੜ੍ਹਿਆ ਹੀ ਰਿਹਾ। ਇਸ ਤਕਰਾਰ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਮੌਕੇ ਕਿਸਾਨ ਆਗੂ  ਸ਼ਿੰਗਾਰਾ ਸਿੰਘ ਮਾਨ ਨੇ ਪੁਲਿਸ ਦੇ ਐਸ ਪੀ ਨੂੰ ਕਾਫ਼ੀ ਖ਼ਰੀਆਂ ਖ਼ਰੀਆਂ ਸੁਣਾਈਆਂ ਅਤੇ ਆਖਿਆ ਕਿ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਜਮਹੂਰੀ ਹੱਕ ਹੈ ਜਿਸ ਨੂੰ ਪੁਲਿਸ ਪ੍ਰਸ਼ਾਸਨ ਘੱਟੇ ਵਿੱਚ ਰੋਲ ਰਿਹਾ ਹੈ । ਕਿਸਾਨ ਆਗੂਆਂ ਦਾ ਰੋਸ ਵੇਖ ਕੇ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਸੁਮਝਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਆਗੂ ਲਗਾਤਾਰ ਰੋਸ ਜਿੱਤ ਜਤਾਉਂਦੇ ਰਹੇ। ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਕਿਹਾ ਕਰਦੇ ਸਨ ਕਿ ਉਨ੍ਹਾਂ ਦੀ ਸਰਕਾਰ ਆਉਣ ਦਿਓ ਧਰਨੇ ਨਹੀਂ ਲੱਗਣਗੇ ਪਰ ਗੱਦੀ ਤੇ ਬੈਠਣ ਤੋਂ ਬਾਅਦ ਨਾ ਕਿ ਕੇਵਲ ਮੰਗਾਂ ਮੰਨਣ ਤੋਂ ਅੱਖਾਂ ਫੇਰ ਲਈਆਂ ਹਨ ਬਲਕਿ ਲੋਕਾਂ ਨੂੰ ਆਪਣਾ ਦੁੱਖ ਵੀ ਨਹੀਂ ਰੋਣ ਦਿੱਤਾ ਜਾ ਰਿਹਾ ਹੈ। ਮਾਨਸਾ ਪੁਲਿਸ ਅੱਜ ਭਾਵੇਂ ਇਨ੍ਹਾਂ ਕਿਸਾਨ ਆਗੂਆਂ ਦੀ ਮੰਤਰੀਆਂ ਨਾਲ ਗੱਲਬਾਤ ਅਸਫਲ ਬਣਾਉਣ ਵਿੱਚ ਤਾਂ ਸਫਲ ਰਹੀ ਪਰ ਕਿਸਾਨਾਂ ਦੀਆਂ ਤਬਾਹ ਹੋਈਆਂ ਫਸਲਾਂ ਦੇ ਢੁਕਵੇਂ ਮੁਆਵਜ਼ੇ ਅਤੇ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨ ਆਗੂਆਂ ਨੂੰ ਇਕੋ ਥਾਂ ਸੀਮਿਤ ਰੱਖਣ ਦੀ ਇਸ ਦੀ ਨੀਤੀ ਫੇਲ੍ਹ ਰਹੀ । ਮਾਨਸਾ ਪੁਲੀਸ ਨੇ ਅੱਜ ਸ਼ਹਿਰ ਵਿੱਚ ਪੁਲੀਸ ਮੁਲਾਜ਼ਮ ਚੱਪੇ-ਚੱਪੇ ‘ਤੇ ਤਾਇਨਾਤ ਕਰਕੇ  ਜ਼ਿਲ੍ਹੇ ਭਰ ਦੀ ਚੁਫੇਰਿਓਂ ਨਾਕਾਬੰਦੀ ਕੀਤੀ ਹੋਈ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਫਸਲਾਂ ਦੇ ਮੁਆਵਜ਼ੇ ਦੀ ਮੰਗ ਕਰਨ ਵਾਲਿਆਂ  ਦਾ ਜੇਰਾ ਪਰਖਣ ਲੱਗੀ ਹੈ ਤਾਹੀਓਂ ਤਾਂ ਉਨ੍ਹਾਂ  ਨੂੰ ਅਜੇ ਤੱਕ ਫੁੱਟੀ ਕੌਡੀ ਵੀ ਨਸੀਬ ਨਹੀਂ ਹੋ ਸਕੀ ਹੈ । ਉਨ੍ਹਾਂ ਆਖਿਆ ਕਿ ਖੁਦ ਨੂੰ ਕਿਸਾਨਾਂ ਦਾ ਮਸੀਹਾ ਦੱਸਣ ਵਾਲੇ ਮੁੱਖ ਮੰਤਰੀ ਕਿਰਸਾਨੀ ਦਾ ਦੁੱਖ ਪਛਾਨਣ ਤੋਂ ਭੱਜ ਗਏ ਹਨ। ਦੱਸਣਯੋਗ ਹੈ ਕਿ  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬੇਮੌਸਮੇ ਮੀਂਹ ਅਤੇ ਗੜੇਮਾਰੀ ਨਾਲ ਨੁਕਸਾਨੀ ਕਣਕ ਅਤੇ ਹੋਰ ਫਸਲਾਂ ਦਾ ਪੰਜਾਬ ਸਰਕਾਰ ਵੱਲੋਂ ਐਲਾਨਿਆ ਮੁਆਵਜਾ ਨਾ ਦੇਣ ਸਮੇਤ ਹੋਰ ਮੰਗਾਂ ਪੂਰੀਆਂ ਨਾ ਹੋਣ ਨੂੰ ਲੈ ਕੇ ਮੁੱਖ ਮੰਤਰੀ ਦੀ ਆਮਦ ਮੌਕੇ ਮਾਨਸਾ ਸ਼ਹਿਰ ਵਿੱਚ ਰੋਸ ਮਾਰਚ ਕੱਢਣ ਦੀ ਰਣਨੀਤੀ ਘੜੀ ਗਈ ਸੀ। ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਜਥੇਬੰਦੀ ਅਤੇ ਮਾਨਸਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੀ ਸਾਂਝੀ ਮੀਟਿੰਗ ਹੋਈ ਸੀ ਜਿਸ ਦੌਰਾਨ ਡਿਪਟੀ ਕਮਿਸ਼ਨਰ ਟੀ.ਬੈਨਿਥ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਅੱਜ ਦੁਪਹਿਰ 2 ਵਜੇ  ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਈਡਨ ਗਾਰਡਨ ਪੈਲੇਸ ਵਿੱਚ ਮੀਟਿੰਗ ਕਰਵਾਉਣ ਦਾ ਭਰੋਸਾ ਦਵਾਇਆ ਸੀ। ਕਿਸਾਨ ਆਗੂ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਅੱ ਉਨਾਂ ਨੇ ਅਧਿਕਾਰੀਆਂ ਦੇ ਭਰੋਸੇ ਤੇ ਵਿਸ਼ਵਾਸ ਕਰਕੇ ਰੋਸ ਮਾਰਚ ਮੁਲਤਵੀ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਅੱਜ ਜਥੇਬੰਦੀ ਦੇ ਵਫਦ ਨੂੰ ਇਕ ਵਜੇ ਦਾ ਸਮਾਂ ਦੇ ਦਿੱਤਾ ਗਿਆ ਪਰ ਗੱਲਬਾਤ ਕਰਵਾਉਣ ਦੀ ਥਾਂ ਟਾਲ ਵੱਟ ਲਿਆ ਜੋ ਰੋਸ ਦਾ ਕਾਰਨ ਬਣਿਆ ਹੈ। ਕਿਸਾਨ ਆਗੂਆਂ ਕਿਹਾ ਕਿ ਇਹਨਾਂ ਸਾਰੀਆਂ ਮੰਗਾਂ ਮਨਵਾਉਂਣ ਲਈ ਆਉਂਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾ ਝਾੜ, ਰੂਪ ਸਿੰਘ ਛੰਨਾ, ਜ਼ੋਗਿੰਦਰ ਸਿੰਘ ਦਿਆਲਪੁਰਾ, ਸੁਖਪਾਲ ਸਿੰਘ ਗੋਰਖਨਾਥ, ਉੱਤਮ ਸਿੰਘ ਰਾਮਾਨੰਦੀ, ਜਗਸੀਰ ਸਿੰਘ ਜਵਾਹਰਕੇ, ਹਰਪਾਲ ਸਿੰਘ ਮੀਰਪੁਰ, ਕੁਲਦੀਪ ਸਿੰਘ ਚਚੋਹਰ ਆਦਿ ਕਿਸਾਨ ਆਗੂ ਹਾਜ਼ਰ ਸਨ।