ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਪੁਲੀਸ ਮੁਲਾਜ਼ਮਾਂ ਨੇ ਦਿੱਤੀ ਸ਼ਹਾਦਤਾਂ: ਡਾ. ਰਵਜੋਤ ਗਰੇਵਾਲ

  • ਜ਼ਿਲ੍ਹਾ ਪੁਲੀਸ ਮੁਖੀ ਨੇ ਸ਼ਹੀਦਾਂ ਦੇ ਪਰਿਵਾਰਾਂ ਦੇ ਮੈਂਬਰਾਂ ਦੀਆਂ ਮੁਸ਼ਕਲਾਂ ਸੁਣੀਆਂ 
  • ਡਿਊਟੀ ਦੌਰਾਨ ਸ਼ਹੀਦ ਹੋਏ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਮਹੱਦੀਆਂ ਵਿਖੇ ਮਨਾਇਆ ਗਿਆ ਪੁਲੀਸ ਸ਼ਹੀਦੀ ਦਿਵਸ
  • ਜ਼ਿਲ੍ਹਾ ਤੇ ਸੈਸ਼ਨ ਜੱਜ ਸਮੇਤ ਸਿਵਲ ਤੇ ਪੁਲੀਸ ਅਧਿਕਾਰੀਆਂ ਨੇ ਸ਼ਹੀਦ ਪੁਲੀਸ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
  • ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਗਿਆ ਸਨਮਾਨ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ : ਪੰਜਾਬ ਪੁਲੀਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਪੁਲਿਸ ਲਾਈਨ ਮਹੱਦੀਆਂ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਲਾਈਨ, ਮਹਦੀਆਂ, ਕਰਵਾਏ ਗਏ ਪੁਲੀਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੇ ਨਾਲ ਪੁਲੀਸ ਲਾਈਨ ਵਿਖੇ ਸਥਿਤ ਪੁਲੀਸ ਸ਼ਹੀਦੀ ਸਮਾਰਕ 'ਤੇ ਸ਼ਹੀਦਾਂ ਨੂੰ ਸ਼ਰਧਾ ਸੁਮਨ ਵੀ ਭੇਟ ਕੀਤੇ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲੀਸ ਜਵਾਨਾਂ ਨੇ ਜੋ ਕੁਰਬਾਨੀਆਂ ਦਿੱਤੀਆਂ ਉਹ ਆਪਣੇ ਆਪ ਵਿੱਚ ਬੇਮਿਸਾਲ ਹਨ ਅਤੇ ਸਮੁੱਚੇ ਦੇਸ਼ ਵਾਸੀ ਇਨ੍ਹਾਂ ਸ਼ਹਾਦਤਾਂ ਨੂੰ ਹਮੇਸ਼ਾਂ ਯਾਦ ਰੱਖਣਗੇ। ਉਨ੍ਹਾਂ ਨੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਉਹ ਆਪਣੀਆਂ ਦੁੱਖ ਤਕਲੀਫਾਂ ਬਾਰੇ ਕਿਸੇ ਵੀ ਸਮੇਂ ਆ ਕੇ ਦੱਸ ਸਕਦੇ ਹਨ ਅਤੇ ਉਨ੍ਹਾਂ ਦੀ ਸਮੱਸਿਆ ਦਾ ਫੌਰੀ ਹੱਲ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਦੀ ਟੁਕੜੀ ਨੇ ਸਲਾਮੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਲਈ ਜ਼ਿਲ੍ਹੇ ਦੇ ਪੁਲਿਸ ਕਰਮਚਾਰੀਆਂ ਨੇ ਵੀ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ। ਉਨ੍ਹਾਂ ਨੇ ਪੁਲੀਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲੀਸ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ ਤੇ ਪੰਜਾਬ ਪੁਲੀਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜ੍ਹੀ ਹੈ। ਇਸ ਮੌਕੇ ਸਬ ਇੰਸਪੈਕਟਰ ਗੁਰਜੰਟ ਸਿੰਘ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਐਸ.ਪੀ. (ਹੈ/ਕੁ) ਸ਼੍ਰੀ ਰਮਿੰਦਰ ਸਿੰਘ, ਐੱਸ.ਪੀ. ਚੰਦ ਸਿੰਘ, ਐੱਸ ਪੀ ਰਾਕੇਸ਼ ਯਾਦਵ, ਐਸ.ਡੀ.ਐਮ. ਖਮਾਣੋਂ ਡਾ. ਸੰਜੀਵ ਕੁਮਾਰ, ਡੀ ਐਸ ਪੀ ਕੁਲਬੀਰ ਸਿੰਘ ਟਿਵਾਣਾ, ਡੀ ਐਸ ਪੀ ਹਰਤੇਸ਼ ਕੌਸ਼ਿਕ, ਡੀ.ਐਸ.ਪੀ. ਖਮਾਣੋਂ ਸ਼੍ਰੀ ਰਮਿੰਦਰ ਸਿੰਘ ਕਾਹਲੋਂ, ਡੀ.ਐਸ.ਪੀ. ਸ਼੍ਰੀ ਗੁਰਬੰਸ ਸਿੰਘ ਬੈਂਸ ਤੋਂ ਇਲਾਵਾ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ, ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।