ਪਰਾਲੀ ਪ੍ਰਬੰਧਨ ਲਈ ਪਿੰਡ ਦੀਪ ਸਿੰਘ ਵਾਲਾ ਦੇ ਕਿਸਾਨਾਂ ਨਾਲ ਮੀਟਿੰਗ

ਫ਼ਰੀਦਕੋਟ 1 ਨਵੰਬਰ : ਝੋਨੇ/ਬਾਸਮਤੀ ਫਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ  ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ.ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਦੀ ਅਗਵਾਈ ਹੇਠ ਪਿੰਡ ਦੀਪ ਸਿੰਘ ਵਾਲਾ ਵਿਖੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਇੱਕ ਜਰੂਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਾ.ਗਿੱਲ ਵੱਲੋਂ ਪਰਾਲੀ ਨੂੰ ਸਾੜਨ ਸਬੰਧੀ ਵੱਧ ਰਹੇ ਕੇਸਾਂ ਕਰਕੇ ਕਿਸਾਨਾਂ ਨਾਲ ਵਾਰਤਾਲਾਪ ਕੀਤੀ ਗਈ ਅਤੇ ਚਿੰਤਾ ਜਾਹਿਰ ਕੀਤੀ ਗਈ। ਜਿਸ ਤਹਿਤ ਕਿਸਾਨਾਂ ਵੱਲੋਂ ਅੱਗ ਲਗਾਉਣ ਦੇ ਕਾਰਨਾਂ ਅਤੇ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ। ਡਾ.ਗਿੱਲ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਦੱਸੇ ਗਏ ਅਤੇ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ । ਉਹਨਾਂ ਕਿਹਾ ਕਿ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਏਗਾ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਕੰਮ ਨੂੰ ਨੇਪਰੇ ਚਾੜਨ ਲਈ ਪ੍ਰਸਾਸ਼ਨ ਵੱਲੋਂ ਜਿਲ੍ਹੇ ਵਿੱਚ ਕਲੱਸਟਰ ਅਫਸਰ ਅਤੇ ਨੋਡਲ ਅਫਸਰ ਨਿਯੁਕਤ ਕੀਤੇ ਜਾ ਚੁੱਕੇ ਹਨ।ਇਸ ਉਪਰੰਤ ਡਾ. ਗੁਰਬਚਨ ਸਿੰਘ ਖੇਤੀ ਬਾੜੀ ਵਿਸਥਾਰ ਅਫਸਰ, ਸਾਦਿਕ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਡਾ.ਦਵਿੰਦਰਪਾਲ ਸਿੰਘ ਗਰੇਵਾਲ ਨੇ ਪਰਾਲੀ ਸਾੜਨ ਦੇ ਨਾਲ ਹੋ ਰਹੇ ਵਾਤਾਵਰਨ ਦੇ ਨੁਕਸਾਨ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਸੁਚੱਜਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਡਾ. ਖੁਸ਼ਵੰਤ ਸਿੰਘ ਡੀ.ਪੀ.ਡੀ.ਆਤਮਾ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।