ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫਰੀਦਕੋਟ 11 ਅਕਤੂਬਰ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਤੇ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਡਾ. ਗਿੱਲ ਨੇ ਹਾਜਰ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਹੋਰਨਾਂ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਅਪੀਲ ਕੀਤੀ। ਇਸ ਤੋਂ ਇਲਾਵਾ ਡਾ. ਗਿੱਲ ਵੱਲੋਂ ਜਿਲ੍ਹੇ ਵਿੱਚ ਖਾਦਾਂ ਦੇ ਪ੍ਰਬੰਧਨ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਡਾ. ਕੁਲਵੰਤ ਸਿੰਘ ਬਲਾਕ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਦੇ ਪ੍ਰਦੂਸ਼ਿਤ ਹੋਣ ਸਬੰਧੀ ਵਿਸਥਾਰਪੂਰਵਕ ਦੱਸਿਆ ਗਿਆ। ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਵੱਲੋਂ ਕੁਆਲਟੀ ਕੰਟਰੋਲ ਦੇ ਸਬੰਧ ਵਿੱਚ ਦੱਸਿਆ ਗਿਆ ਕਿ ਜਿਲ੍ਹਾ ਫਰੀਦਕੋਟ ਦੇ ਖਾਦ ਵਿਕਰੇਤਾਵਾਂ ਦੀ ਸਮੇਂ-ਸਮੇਂ ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸੇ ਕਿਸਮ ਦੀ ਕਾਲਾ ਬਜਾਰੀ ਅਤੇ ਟੈਗਿੰਗ ਨਹੀਂ ਹੋਣ ਦਿੱਤੀ ਜਾਵੇਗੀ। ਇੰਜ ਹਰਚਰਨ ਸਿੰਘ ਵੱਲੋਂ ਸਬਸਿਡੀ ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਬਾਰੇ ਦੱਸਿਆ ਗਿਆ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਗਿਆ ਕਿ ਜੇਕਰ ਕਿਸੇ ਕਿਸਾਨ ਵੀਰ ਕੋਲ ਪਰਾਲੀ ਪ੍ਰਬੰਧਨ ਸਬੰਧੀ ਕੋਈ ਮਸ਼ੀਨਰੀ ਨਹੀਂ ਹੈ ਤਾਂ ਵਿਭਾਗ ਉਸ ਨੂੰ ਕਿਰਾਏ ਉੱਤੇ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪਾਬੰਦ ਹੋਵੇਗਾ। ਇਸ ਤੋਂ ਬਾਅਦ ਕਿਸਾਨ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ ਗਈ ਅਤੇ ਖੇਤੀ ਦੇ ਸਬੰਧ ਵਿੱਚ ਕਈ ਸੁਝਾਅ ਵੀ ਦਿੱਤੇ ਗਏ। ਮੀਟਿੰਗ ਦੇ ਅੰਤ ਵਿੱਚ ਮੁੱਖ ਖੇਤੀਬਾੜੀ ਅਫਸਰ ਵਲੋਂ ਭਰੋਸਾ ਦਵਾਇਆ ਗਿਆ ਕਿ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਉਹਨਾਂ ਦਾ ਹੱਲ ਕੱਢਿਆ ਜਾਵੇਗਾ।