ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਤਿੰਨ ਰੋਜ਼ਾ ਸ਼ਹੀਦੀ ਸਭਾ ਧਾਰਮਿਕ ਜਾਹੋ ਜਲਾਲ ਨਾਲ ਸ਼ੁਰੂ

  • ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ
  • ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸ਼ਰਧਾਲੂ ਨਤਮਸਤਕ ਹੋਣ ਪੁੱਜੇ

ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ 'ਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਧਾਰਮਿਕ ਰਵਾਇਤਾਂ ਅਤੇ ਪੂਰੇ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ ਹੋਈ। ਸ਼ਹੀਦਾਂ ਦੀ ਯਾਦ 'ਚ ਜੁੜੀ ਸ਼ਹੀਦੀ ਸਭਾ ਦੇ ਪਹਿਲੇ ਦਿਨ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸ਼ਰਧਾਲੂ ਪੁੱਜੇ। ਸ਼ਹੀਦੀ ਸਭਾ ਦੀ ਅਰੰਭਤਾ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਆਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਹੋਈ। ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਨਤਮਸਤਕ ਹੋਣ ਉਪਰੰਤ ਫ਼ਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿਲ ਨੇ ਸਮੁੱਚੀ ਸੰਗਤ ਨੂੰ ਬੇਨਤੀ ਕੀਤੀ ਕਿ ਉਹ ਸ਼ਰਧਾਭਾਵ ਅਤੇ ਸ਼ਾਤੀਪੂਰਵਕ, ਸ਼ਹੀਦਾਂ ਨੂੰ ਨਤਮਸਤਕ ਹੁੰਦੇ ਹੋਏ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਣ ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਸ੍ਰੀਮਤੀ ਪਰਨੀਤ ਸ਼ੇਰਗਿਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੀ ਸੁਵਿਧਾ ਲਈ ਰੈਣ ਬਸੇਰੇ ਬਣਾਉਣ ਸਮੇਤ ਪਖਾਨਿਆਂ ਦਾ ਵੀ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਏ.ਡੀ.ਸੀ. (ਜ) ਇਸ਼ਾ ਸਿੰਗਲ, ਐਸ.ਡੀ.ਐਮ. ਅਰਵਿੰਦ ਕੁਮਾਰ, ਮੈਨੇਜਰ ਗੁਰਦੀਪ ਸਿੰਘ ਸਮੇਤ ਐੱਸ.ਜੀ.ਪੀ.ਸੀ. ਦੇ ਨੁਮਾਇੰਦੇ ਤੇ ਹੋਰ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਸੰਗਤ ਹਾਜ਼ਰ ਸੀ। ਸ਼ਹੀਦੀ ਸਭਾ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ 28 ਦਸੰਬਰ ਨੂੰ ਇਸੇ ਅਸਥਾਨ 'ਤੇ ਪਾਏ ਜਾਣਗੇ ਅਤੇ ਉਸੇ ਦਿਨ ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋ ਕੇ ਦੁਪਹਿਰ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਪੁੱਜੇਗਾ।