ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਭੁੱਲਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

  • ਕਿਸਾਨਾਂ ਲਈ ਵੱਧ ਤੋਂ ਵੱਧ ਮੁਆਵਜ਼ੇ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਨੂੰ ਮਿਲਾਂਗਾ-ਭੁੱਲਰ
  • ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼

ਫ਼ਿਰੋਜ਼ਪੁਰ 26 ਮਾਰਚ : ਬੀਤੇ ਦਿਨ ਪਏ ਭਾਰੀ ਮੀਂਹ ,ਗੜੇਮਾਰੀ ਅਤੇ ਤੇਜ਼ ਹਨੇਰੀ ਕਾਰਨ ਕਿਸਾਨਾਂ ਦੀ ਮੁੱਖ ਫਸਲ ਕਣਕ, ਸਬਜ਼ੀਆਂ ,ਹਰੇ ਚਾਰੇ ਆਦਿ ਦਾ ਭਾਰੀ ਨੁਕਸਾਨ ਹੋਇਆ। ਇਸ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਤੇ ਪੀੜਤ ਕਿਸਾਨਾਂ ਨੂੰ ਪੰਜਾਬ ਸਰਕਾਰ ਤੋਂ ਯੋਗ ਮੁਆਵਜਾ ਦਿਵਾਉਣ ਲਈ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮਾਲ ਵਿਭਾਗ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਤਿੰਨ-ਚਾਰ ਦਿਨ ਭਾਰੀ ਮੀਂਹ , ਗੜੇਮਾਰੀ ਤੇ ਤੇਜ ਹਨੇਰੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵਿਧਾਇਕਾਂ ਤੇ ਅਧਿਕਾਰੀਆਂ ਨੂੰ ਹਦਾਇਤਾਂ ਹਨ ਕਿ ਉਹ ਆਪਣੇ ਆਪਣੇ ਹਲਕੇ ਵਿੱਚ ਜਾ ਕੇ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਤਾਂ ਜੋ ਪੀੜਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਹਲਕੇ ਦੇ ਪਿੰਡ ਅਟਾਰੀ, ਆਰਿਫ ਕੇ, ਕੁਤਬੇ ਵਾਲਾ, ਗੇਂਦਰ, ਉਸਮਾਨ ਵਾਲਾ, ਨਿਜ਼ਾਮਵਾਲਾ, ਕਟੋਰਾ, ਵਸਤੀ ਖਲੀਲ ਤੇ ਅੰਬਰਸਰ ਵਾਲੀ ਵਸਤੀ ਸਮੇਤ ਵੱਡੀ ਗਿਣਤੀ ਵਿੱਚ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨੁਕਸਾਨੀਆਂ ਗਈਆਂ ਫਸਲਾਂ ਦਾ ਐਸਟੀਮੇਟ ਤਿਆਰ ਕਰਨ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੁਕਸਾਨੀ ਗਈ ਫਸਲ ਦੀ ਗਿਰਦਾਵਰੀ ਕੀਤੀ ਜਾਵੇ ਤਾਂ ਜੋ ਪੀੜਤ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਯੋਗ ਮੁਆਵਜ਼ਾ ਦਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜ਼ਰੂਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੁਦਰਤ ਦਾ ਕਹਿਰ ਸੀ ਜਿਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ ਪਰ ਪੰਜਾਬ ਸਰਕਾਰ ਹਮੇਸ਼ਾ ਵਾਂਗ ਆਪਣੇ ਰਾਜ ਦੇ ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਦੇ ਨਾਲ ਹੈ ਤੇ ਉਨ੍ਹਾਂ ਨੂੰ ਕਿਸੇ ਤਰਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਜਲਦੀ ਹੀ ਮੁੱਖ ਮੰਤਰੀ ਜੀ ਨੂੰ ਮਿਲ ਕੇ ਨੁਕਸਾਨੀਆਂ ਗਈਆਂ ਫਸਲਾਂ ਸਬੰਧੀ ਜਾਣਕਾਰੀ ਦੇਣਗੇ ਅਤੇ ਕਿਸਾਨਾਂ ਲਈ ਵੱਧ ਤੋਂ ਵੱਧ ਮੁਆਵਜ਼ੇ ਦੀ ਮੰਗ ਵੀ ਕਰਨਗੇ।
ਇਸ ਮੌਕੇ ਨਾਇਬ ਤਹਿਸੀਲਦਾਰ ਰਾਕੇਸ ਅਗਰਵਾਲ, ਕਾਨੂੰਗੋ ਸੰਤੋਖ ਕੁਮਾਰ, ਪਟਵਾਰੀ ਰਮਨ ਬੇਦੀ ਤੇ ਵਿਜੇ ਕੁਮਾਰ, ਬਲਰਾਜ ਸਿੰਘ ਕਟੋਰਾ, ਜ਼ਿਲ੍ਹਾ ਮੀਤ ਪ੍ਰਧਾਨ ਕਿਸਾਨ ਵਿੰਗ ਗੁਰਜੀਤ ਸਿੰਘ ਚੀਮਾ, ਕਿੱਕਰ ਸਿੰਘ ਕੁਤਬੇ ਵਾਲਾ, ਨਿਸ਼ਾਨ ਸਿੰਘ ਕੁਤਬਦੀਨ ਵਾਲਾ, ਸੁਖਦੇਵ ਸਿੰਘ ਭਦਰੂ, ਸੁਖਵਿੰਦਰ ਸਿੰਘ ਵਸਤੀ ਰਾਮ ਲਾਲ, ਦਿਲਬਾਗ ਸਿੰਘ ਔਲਖ, ਨਿਰਮਲ ਸਿੰਘ, ਹਰਪ੍ਰੀਤ ਸਿੰਘ ਭੁੱਲਰ, ਮੇਜਰ ਸਿੰਘ ਟੁਰਨਾ ਅਤੇ ਦੀਪਕ ਨਾਰੰਗ ਸਮੇਤ ਆਪ ਆਗੂ ਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।