ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਬਾਜੀਗਰ ਬਸਤੀ ਦੀ ਸੜਕ ਦਾ ਕੰਮ ਕਰਵਾਇਆ ਸ਼ੁਰੂ

ਫ਼ਰੀਦਕੋਟ 28 ਦਸੰਬਰ : ਫ਼ਰੀਦਕੋਟ ਨਿਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਬਾਜੀਗਰ ਬਸਤੀ ਦੀ ਸੜਕ ਬਣਾਉਣ ਦੀ ਮੰਗ ਸੀ। ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਇਲਾਕਾ ਨਿਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਬਾਜ਼ੀਗਰ ਬਸਤੀ ਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ  ਵੱਲੋਂ ਰਾਜ ਦੇ ਹਰ ਵਰਗ ਦੀ ਭਲਾਈ ਅਤੇ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੀ ਪੱਧਰ ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫ਼ਰੀਦਕੋਟ ਦੀ ਇੱਕ ਅਹਿਮ ਸੜਕ ਹੈ ਜਿਹੜੀ ਫ਼ਰੀਦਕੋਟ ਸ਼ਹਿਰ ਨੂੰ ਸਾਦਿਕ ਦੇ ਨਾਲ ਜੋੜਦੀ ਹੈ । ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਤੇ 37.43 ਲੱਖ ਦੀ ਲਾਗਤ ਆਵੇਗੀ।ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਕਾਰਜ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਤੇ ਕੁਆਲਟੀ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਜਿਹੜੇ ਵੀ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਭਾਵੇਂ ਉਹ ਸੀਵਰੇਜ ਦਾ ਪ੍ਰੋਜੈਕਟ ਹੋਵੇ ਚਾਹੇ ਕੋਈ ਹੋਰ, ਉਹ ਸਾਰੇ ਕੰਮ ਪੂਰੇ ਕੀਤੇ ਜਾ ਰਹੇ ਹਨ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ,ਪਿਛਲੀਆਂ ਸਰਕਾਰਾਂ ਵੱਲੋਂ ਅਧੂਰੇ ਛੱਡੇ ਕਾਰਜਾਂ ਨੂੰ ਵੀ ਪੂਰਾ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।