ਵਿਧਾਇਕ ਹੈਪੀ ਨੇ 1 ਕਰੋੜ 20 ਲੱਖ ਦੀ ਲਾਗਤ ਨਾਲ ਅਪਗ੍ਰੇਡ ਹੋਏ ਗਰਿੱਡ ਦਾ ਕੀਤਾ ਉਦਘਾਟਨ

  • ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ

ਫਤਹਿਗੜ੍ਹ ਸਾਹਿਬ, 27 ਜੁਲਾਈ : ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਲਗਭਗ 90 ਫੀਸਦੀ ਘਰਾਂ ਦਾ ਬਿਜਲੀ ਬਿਲ ਜੀਰੋ ਆਇਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਪਿੰਡ ਭੜੀ ਵਿਖੇ ਅਪਗ੍ਰੇਡਿਡ ਗਰਿੱਡ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਗਰਿੱਡ ਨੂੰ ਅਪਗ੍ਰੇਡ ਕਰਨ ਤੇ 1 ਕਰੋੜ 20 ਲੱਖ ਰੁਪਏ ਦਾ ਖਰਚਾ ਆਇਆ ਹੈ। ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਦੀ ਖੁਸ਼ਕਿਸਮਤੀ ਹੈ ਕਿ ਸ. ਭਗਵੰਤ ਸਿੰਘ ਮਾਨ ਵਰਗਾ ਇਮਾਨਦਾਰ ਮੁੱਖ ਮੰਤਰੀ ਮਿਲਿਆ ਜੋ ਕਿ 24 ਘੰਟੇ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਸਖਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਸਾਰ ਨਹੀਂ ਲਈ ਜਦੋਂ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਾਰ ਲੈਣ ਲਈ ਮੁੱਖ ਮੰਤਰੀ ਖੁਦ ਸੜਕਾਂ 'ਤੇ ਉਤਰੇ ਅਤੇ ਲੋਕਾਂ ਨੂੰ ਰਾਹਤ ਪਹੁੰਚਾਈ। ਉਨ੍ਹਾਂ ਇਹ ਵੀ ਕਿਹਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸ. ਹੈਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਡੇਢ ਸਾਲ ਦੇ ਸਮੇਂ ਵਿੱਚ ਜਿੰਨਾਂ ਵਿਕਾਸ ਕੀਤਾ ਹੈ ਉਹ ਅੱਜ ਤੱਕ ਕਿਸੇ ਵੀ ਸਰਕਾਰ ਵੱਲੋਂ ਨਹੀਂ ਕੀਤਾ ਗਿਆ ਅਤੇ ਹੁਣ ਤੱਕ ਹਜ਼ਾਰਾਂ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇ ਕੇ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਗਰਿੱਡ ਅਪਗ੍ਰੇਡ ਕਰਨ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਿੰਡ ਵਾਸੀ ਤੇ ਪਤਵੰਤੇ ਹਾਜ਼ਰ ਸਨ।