ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਪਿੰਡਾਂ ਵਿੱਚ ਵੱਖੋ ਵੱਖ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ

  • ਵਿਕਾਸ ਪ੍ਰੋਜੈਕਟ ਖੁਸ਼ਹਾਲ ਪੰਜਾਬ ਦੀ ਸਿਰਜਣਾ ਵੱਲ ਕਦਮ ਕਰਾਰ, ਵਿਕਾਸ ਪ੍ਰੋਜੈਕਟਾਂ ਵਿਚ ਖੇਡ ਮੈਦਾਨ ਤੇ ਸੜਕਾਂ ਸ਼ਾਮਲ

ਖਮਾਣੋਂ, 03 ਅਗਸਤ : ਕਿਸੇ ਵੀ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਸ ਸਮਾਜ ਦੇ ਲੋਕਾਂ ਦਾ ਸਰੀਰਕ ਤੇ ਮਾਨਸਿਕ ਤੌਰ ਉਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਮਾਨਸਿਕ ਤੰਦਰੁਸਤੀ ਵਿੱਚ ਸਰੀਰਕ ਤੰਦਰੁਸਤੀ ਦਾ ਅਹਿਮ ਯੋਗਦਾਨ ਹੁੰਦਾ ਹੈ। ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੰਜਾਬ ਦੇ ਲੋਕਾਂ ਤੇ ਖ਼ਾਸਕਰ ਕੇ ਸੂਬੇ ਦੇ ਨੌਜਵਾਨਾਂ ਦਾ ਤੰਦਰੁਸਤ ਹੋਣਾ ਲਾਜ਼ਮੀ ਹੈ। ਸੋ ਪੰਜਾਬ ਦੀ ਖੁਸ਼ਹਾਲੀ ਵੱਲ ਇੱਕ ਹੋਰ ਅਹਿਮ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ ਤੇ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ  ਨੇ ਪਿੰਡ ਮਨਸੂਰਪੁਰ ਵਿਖੇ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ। ਇਸ ਦੇ ਨਾਲ-ਨਾਲ ਪਿੰਡ ਬਾਠਾਂ ਖੁਰਦ ਤੇ ਸੰਘੋਲ ਵਿਖੇ ਸੜਕਾਂ ਤੇ ਰਸਤਿਆਂ ਬਾਬਤ ਪ੍ਰੋਜੈਕਟ ਲੋਕ ਅਰਪਿਤ ਕੀਤੇ ਗਏ। ਹਲਕਾ ਵਿਧਾਇਕ ਨੇ ਕਿਹਾ ਕਿ ਉਹ ਇਸ ਗੱਲ ਤੋਂ ਭਲੀਭਾਂਤ ਜਾਣੂ ਹਨ ਕਿ ਖੇਡਾਂ ਮਨੁੱਖ ਦੀ ਸ਼ਖ਼ਸੀਅਤ ਘੜਨ ਵਿੱਚ ਕਿੰਨਾ ਅਹਿਮ ਰੋਲ ਅਦਾ ਕਰਦੀਆਂ ਹਨ। ਖੇਡਾਂ ਨਾਲ ਮਨੁੱਖ ਕੇਵਲ ਸਰੀਰਕ ਤੌਰ ਉਤੇ ਹੀ ਮਜ਼ਬੂਤ ਨਹੀਂ ਹੁੰਦਾ ਸਗੋਂ ਮਾਨਸਿਕ ਤੌਰ ਉਤੇ ਵੀ ਹੋਰਨਾਂ ਨਾਲੋਂ ਵੱਧ ਮਜ਼ਬੂਤ ਹੋ ਜਾਂਦਾ ਹੈ ਤੇ ਉਸ ਵਿੱਚ ਹਰ ਖੇਤਰ ਵਿੱਚ ਹੋਰਨਾਂ ਨਾਲੋਂ ਚੰਗਾ ਪ੍ਰਦਰਸ਼ਨ ਕਰਨ ਦੀ ਸਮਰੱਥਾ ਪੈਦਾ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸੇ ਤੋਂ ਮੋੜ ਕੇ ਉਨ੍ਹਾਂ ਨੂੰ ਚੰਗੀ ਜ਼ਿੰਦਗੀ ਦੇ ਰਾਹ ਪਾਉਣ ਲਈ ਅਹਿਮ ਉਪਰਾਲੇ ਕੀਤੇ ਹਨ ਤੇ ਖੇਡਾਂ ਨੂੰ ਪ੍ਰਫੁੱਲਤ ਕਰਨਾ, ਉਨ੍ਹਾਂ ਉਪਰਾਲਿਆਂ ਵਿੱਚੋਂ ਇੱਕ ਉਪਰਾਲਾ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਵੱਲ ਪੰਜਾਬ ਸਰਕਾਰ ਵਿਸ਼ੇਸ਼ ਕਦਮ ਚੁੱਕ ਰਹੀ ਹੈ। ਪਿੰਡਾਂ ਦੀਆਂ ਸੜਕਾਂ, ਗਲੀਆਂ, ਸਟਰੀਟ ਲਾਈਟਾਂ, ਪਾਰਕਾਂ,  ਸ਼ਮਸ਼ਾਨਘਾਟਾਂ ਤੇ ਕਬਰਸਤਾਨਾਂ, ਪਾਣੀ ਦੀ ਨਿਕਾਸੀ ਅਤੇ ਪਿੰਡਾਂ ਦੇ ਸਕੂਲਾਂ ਸਬੰਧੀ ਵੱਡੇ ਪੱਧਰ ਉਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।