ਵਿਧਾਇਕ ਸੇਖੋਂ ਨੇ ਸਿਵਲ ਹਸਪਤਾਲ ਵਿਖੇ ਸਰਜਰੀ ਵਾਰਡ ਦਾ ਕੀਤਾ ਉਦਘਾਟਨ

ਫਰੀਦਕੋਟ 14 ਸਤੰਬਰ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਸਰਜਰੀ ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਇੰਮਪਰੂਵਮੈਂਟ ਟਰਸੱਟ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਸਿਵਲ ਸਰਜਨ ਡਾ. ਅਨਿਲ ਗੋਇਲ, ਐਸ.ਐਮ.ਓ ਡਾ. ਚੰਦਰ ਸ਼ੇਖਰ, ਡਾ. ਗੁਰਪ੍ਰੀਤ ਸਿੰਘ ਐਸ.ਐਮ.ਓ ਮੋਬਾਇਲ ਯੂਨਿਟ, ਡਾ. ਵਿਸ਼ਵਦੀਪ ਸਿੰਘ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਲਈ ਸਮੇਂ ਸਮੇਂ ਤੇ ਸਰਕਾਰੀ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਲਈ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਫਰੀਦਕੋਟ ਨੂੰ 20 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ ਤਾਂ ਜੋ ਹੋਰ ਜਰੂਰੀ ਅਤੇ ਰਹਿੰਦੇ ਕੰਮ ਕਰਵਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਹਨ ਕਿ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਚੰਗੀਆਂ ਅਤੇ ਮੁਫਤ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾਣ ਤਾਂ ਜੋ ਕਿਸੇ ਨੂੰ ਵੀ ਸਿਹਤ ਸਹੂਲਤਾਂ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਅਨਿਲ ਗੋਇਲ ਨੇ ਦੱਸਿਆ ਕਿ ਸਿਵਲ ਹਸਪਤਾਲ ਫਰੀਦਕੋਟ ਵਿਖੇ 10 ਕਰੋੜ ਰੁਪਏ ਦੇ ਲਗਭਗ ਉਸਾਰੂ ਨਿਰਮਾਣ ਦੇ ਕੰਮ ਚੱਲ ਰਹੇ ਹਨ, ਜਿੰਨਾ ਵਿੱਚ ਜੱਚਾ-ਬੱਚਾ ਵਾਰਡ, ਡਾਇਆਲਸਿਸ ਯੂਨਿਟ, ਬਲੱਡ ਬੈਂਕ, ਹਸਪਤਾਲ ਦੀ ਰਿਪੇਅਰ ਆਦਿ ਸ਼ਾਮਲ ਹਨ।