ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਦਿੱਤੀ ਜਾਣ ਵਾਲੀ ਆਧੁਨਿਕ ਖੇਤੀ ਮਸ਼ੀਨਰੀ ਨੂੰ ਦੇਣੀ ਚਾਹੀਦੀ ਹੈ ਤਰਜ਼ੀਹ : ਵਿਧਾਇਕ ਰਾਏ

  • 06 ਅਕਤੂਬਰ ਨੂੰ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਹੋਣਗੇ ਮੁੱਖ ਮਹਿਮਾਨ
  • ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਤੇ ਦਿੱਤੀਆਂ ਜਾਣ ਵਾਲੀਆਂ ਖੇਤੀ ਮਸ਼ੀਨਾਂ ਦੀ ਲਗਾਈ ਜਾਵੇਗੀ ਪ੍ਰਦਰਸ਼ਨੀ

ਫ਼ਤਹਿਗੜ੍ਹ ਸਾਹਿਬ, 29 ਸਤੰਬਰ : ਅੱਜ ਜਦੋਂ ਕਿ ਸਾਡੇ ਦੇਸ਼ ਅੰਦਰ ਵਾਤਾਵਰਣ ਪ੍ਰਦੂਸ਼ਣ ਇੱਕ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ ਤਾਂ ਉਸ ਸਮੇਂ ਸਾਨੂੰ ਸਾਰਿਆਂ ਨੂੰ ਆਪੋ ਆਪਣੀ ਸਮਰੱਥਾ ਤੇ ਸੂਝ ਬੂਝ ਨਾਲ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਜੇਕਰ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਅਸੀਂ ਹੁਣ ਵੀ ਜਾਗਰੂਕ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ 06 ਅਕਤੂਬਰ ਨੂੰ ਹੰਸਾਲੀ ਦੇ ਖੇਡ ਮੈਦਾਨ ਵਿੱਚ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ 80 ਫੀਸਦੀ ਸਬਸਿਡੀ ਤੇ ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਚਾਹੀਦਾ ਹੈ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਲਈ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ। ਵਿਧਾਇਕ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਇਸ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀ ਜਾਂਦੀ ਖੇਤੀ ਮਸ਼ੀਨਰੀ ਜਿਵੇਂ ਕਿ ਬੇਲਰ, ਰੈਕ, ਪੈਡੀ ਚੋਪਰ, ਮਲਚਰ ਅਤੇ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਹੈਪੀ ਸੀਡਰ, ਸੁਪਰ ਸੀਡਰ ਤੇ ਸਮਾਰਟ ਸੀਡਰ ਆਦਿ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਖੇਤੀ ਮਾਹਰਾਂ ਵੱਲੋਂ ਹਾੜੀ ਦੀਆਂ ਫਸਲਾਂ, ਮਿੱਟੀ ਪਾਣੀ ਪਰਖ ਅਤੇ ਪਰਾਲੀ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਦੇ ਸਹਾਇਕ ਧੰਦੇ ਵਜੋਂ ਹੋਰ ਧੰਦੇ ਅਪਣਾਉਣ ਬਾਰੇ ਵੀ ਦੱਸਿਆ ਜਾਵੇਗਾ ਕਿਉਂਕਿ ਕਿਸਾਨਾਂ ਦੇ ਆਰਥਿਕ ਪੱਧਰ ਵਿੱਚ ਵਾਧਾ ਕਰਨਾ ਅੱਜ ਦੀ ਮੁੱਖ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਸੱਦਾ ਪੱਤਰ ਵੀ ਜਾਰੀ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਸ਼੍ਰੀ ਅਮਰਿੰਦਰ ਸਿੰਘ ਮੰਡੋਫਲ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਹਰਮਨਜੀਤ ਸਿੰਘ, ਜਤਿੰਦਰ ਸਿੰਘ, ਬਲਬੀਰ ਸਿੰਘ ਚੀਮਾ ਕੋਟਲਾ ਬਜਵਾੜਾ, ਅਨਾਇਤਪੁਰਾ ਦੇ ਸਾਬਕਾ ਸਰਪੰਚ ਅਮਰਜੀਤ ਸਿੰਘ, ਕੋਟਲਾ ਭਾਈਕਾ ਦੇ ਨੰਬਰਦਾਰ ਸੇਵਾ ਸਿੰਘ ਮਾਨੂੰਪੁਰ, ਜਸਵਿੰਦਰ ਸਿੰਘ ਭੈਰੋਂਪੁਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।