ਹੜ੍ਹ ਪੀੜ੍ਹਤਾਂ ਨੂੰ 01 ਕਰੋੜ 53 ਲੱਖ ਤੋਂ ਵੱਧ ਦਾ ਦਿੱਤਾ ਮੁਆਵਜ਼ਾ: ਡਿਪਟੀ ਕਮਿਸ਼ਨਰ

  • ਪਟਵਾਰੀਆਂ ਵੱਲੋਂ ਰੱਖੇ ਪ੍ਰਾਈਵੇਟ ਵਿਅਕਤੀਆਂ ਬਾਰੇ ਐਸ.ਡੀ.ਐਮਜ਼ ਨੂੰ ਰਿਪੋਰਟ ਦੇਣ ਦੇ ਆਦੇਸ਼
  • ਜਮ੍ਹਾਂ ਬੰਦੀ ਤੇ ਨਿਸ਼ਾਨਦੇਹੀ ਦੇ ਕੇਸਾਂ ਵਿੱਚ ਦੇਰੀ ਕਰਨ ਵਾਲੇ ਮਾਲ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ
  • ਈ.ਸੇਵਾ ਦੇ ਕੰਮਾਂ ਵਿੱਚ ਤੇਜੀ ਲਿਆਉਣ ਦੀ ਕੀਤੀ ਹਦਾਇਤ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਸਤੰਬਰ : ਜ਼ਿਲ੍ਹੇ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹੁਣ ਤੱਕ 01 ਕਰੋੜ 53 ਲੱਖ 48 ਹਜ਼ਾਰ 204 ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ ਜਿਸ ਵਿੱਚੋਂ ਸਬ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਵਿਖੇ 01 ਕਰੋੜ 13 ਲੱਖ 30 ਹਜ਼ਾਰ 129 ਰੁਪਏ, ਸਬ ਡਵੀਜ਼ਨ ਅਮਲੋਹ ਵਿੱਚ 20 ਲੱਖ 47 ਹਜ਼ਾਰ 329 ਰੁਪਏ ਤੇ ਸਬ ਡਵੀਜ਼ਨ ਖਮਾਣੋਂ ਵਿੱਚ 19 ਲੱਖ 70 ਹਜ਼ਾਰ 746 ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੁੰ ਕਿਹਾ ਕਿ ਜੇਕਰ ਅਜੇ ਵੀ ਕੋਈ ਹੜ੍ਹ ਪੀੜ੍ਹਤ ਮੁਆਵਜ਼ਾ ਰਾਸ਼ੀ ਲੈਣ ਤੋਂ ਵਾਂਝਾ ਹੈ ਤਾਂ ਉਸ ਸਬੰਧੀ ਰਿਪੋਰਟ ਉਨ੍ਹਾਂ ਨੂੰ ਭੇਜੀ ਜਾਵੇ। ਪਰਨੀਤ ਸ਼ੇਰਗਿੱਲ ਨੇ ਸਮੂਹ ਐਸ.ਡੀ.ਐਮਜ਼ ਨੂੰ ਇਹ ਵੀ ਕਿਹਾ ਕਿ ਪਟਵਾਰੀਆਂ ਵੱਲੋਂ ਰੱਖੇ ਗਏ ਪ੍ਰਾਈਵੇਟ ਵਿਅਕਤੀਆਂ ਬਾਰੇ ਜਾਂਚ ਕਰਕੇ ਰਿਪੋਰਟ ਉਨ੍ਹਾਂ ਨੂੰ ਭੇਜੀ ਜਾਵੇ ਤਾਂ ਜੋ ਇਸ ਸਬੰਧੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਇਹ ਵੀ ਕਿਹਾ ਕਿ ਆਪੋ ਆਪਣੇ ਸਬ ਡਵੀਜ਼ਨ ਦੇ ਪਟਵਾਰੀਆਂ ਦੇ ਕੰਮਾਂ ਬਾਰੇ ਸਮੇਂ-ਸਮੇਂ ਸਿਰ ਚੈਕਿੰਗ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਮਾਲ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਮ੍ਹਾਂਬੰਦੀ ਤੇ ਨਿਸ਼ਾਨਦੇਹੀ ਤੇ ਰਿਕਵਰੀ ਦੇ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਨੰਬਰਦਾਰੀ ਦੇ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਬਾਰੇ ਰਿਪੋਰਟ ਉਨ੍ਹਾਂ ਨੂੰ ਭੇਜੀ ਜਾਵੇ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਦੀ ਸਮੇਂ-ਸਮੇਂ ਤੇ ਨਿਰੰਤਰ ਚੈਕਿੰਗ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਝੱਲਣੀ ਪਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਈ.ਸੇਵਾ ਦੇ ਕੇਸਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੁੰ ਕਿਹਾ ਕਿ ਲਰਨਿੰਗ ਲਾਇਸੈਂਸ ਤੇ ਆਰ.ਸੀ. ਦੇ ਕੇਸਾਂ ਦੀ ਰਿਪੋਰਟ ਤਿਆਰ ਕਰਕੇ ਉਨ੍ਹਾਂ ਨੂੰ ਦਿੱਤੀ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ.ਬੱਸੀ ਪਠਾਣਾ ਡਾ: ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਗੁਰਵਿੰਦਰ ਸਿੰਘ ਜੋਹਲ,  ਜ਼ਿਲ੍ਹਾ ਮਾਲ ਅਫਸਰ ਸ਼੍ਰੀ ਸੰਦੀਪ ਕੁਮਾਰ, ਅੰਡਰ ਟਰੇਨਿੰਗ ਪੀ.ਸੀ.ਐਸ. ਅਧਿਕਾਰੀ ਮਨਦੀਪ ਕੌਰ, ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ  ਹਿਤੇਨ ਕਪਲਾ, ਸਮੂਹ ਤਹਿਸੀਲਦਾਰ, ਸਮੂਹ ਕਾਰਜਸਾਧਕ ਅਫਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।