ਸਿਹਤ ਵਿਭਾਗ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ: ਡਾ. ਜਗਦੀਪ ਚਾਵਲਾ ਸਿਵਲ ਸਰਜਨ

  • ਤੰਦਰੁਸਤ ਸਰੀਰ ਲਈ ਜਰੂਰੀ ਹੈ ਪੌਸ਼ਟਿਕ ਖੁਰਾਕ: ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 02 ਸਤੰਬਰ 2024 : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਇਸ ਸਬੰਧ ਵਿੱਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 1 ਤੋਂ 7 ਸਤੰਬਰ ਤੱਕ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਸਿਹਤ ਵਿਭਾਗ ਦੇ ਸਟਾਫ ਵੱਲੋਂ ਜਿਲ੍ਹੇ ਅਧੀਨ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਪੋਸ਼ਟਿਕ ਖੁਰਾਕ ਦੀ ਮਹੱਤਤਾ ਸਬੰਧੀ ਮੀਟਿੰਗਾਂ ਅਤੇ ਸਮਾਗਮ ਕਰਕੇ ਜਾਗਰੁਕ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਅਤੇ ਸੰਤੁਲਿਤ ਭੋਜਨ ਦੇ ਸੋਮਿਆਂ ਸਬੰਧੀ ਜਾਗਰੂਕ ਕਰਨਾ ਹੈ।  ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਾਰਾ ਸਾਲ ਹੀ ਸੰਤੁਲਿਤ ਭੋਜਨ ਬਾਰੇ ਜਾਗਰੂਕਤਾ ਦਿੱਤੀ ਜਾਂਦੀ ਹੈ, ਪਰ ਇਸ ਹਫ਼ਤੇ ਵਿੱਚ ਇੱਕ ਵਿਸ਼ੇਸ ਮੁਹਿੰਮ ਵਿੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਰ ਇਨਸਾਨ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਆਪਣੇ ਕੰਮਾਂ ਦੇ ਨਾਲ ਨਾਲ ਆਪਣੇ ਭੋਜਨ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹਰੇਕ ਆਦਮੀ ਨੂੰ ਆਪਣੇ ਰੋਜਾਨਾ ਲੋੜੀਦੀ ਮਾਤਰਾ ਵਿੱਚ ਕਾਰਬੋਹਾਈਡ੍ਰੇਟਸ, ਪ੍ਰੋਟੀਨ, ਪਾਣੀ, ਫੈਟ, ਵਿਟਾਮਿਨ, ਖਣਿਜ ਪਦਾਰਥਾਂ ਵਾਲਾ ਭੋਜਨ ਖਾਣਾ ਚਾਹੀਦਾ ਹੈ ਜਿਵੇਂ ਕਿ ਹਰੀਆਂ ਸਬਜ਼ੀਆਂ, ਦੁੱਧ, ਫਲ, ਉਬਲੀਆਂ ਅਤੇ ਪੁੰਗਰੀਆਂ ਦਾਲਾਂ ਆਦਿ। ਉਹਨਾਂ ਜਿਲ੍ਹੇ ਦੇ ਸਿਹਤ ਸਟਾਫ ਨੂੰ ਹਦਾਇਤ ਕੀਤੀ ਕਿ ਗਰਭਵਤੀ ਮਾਵਾਂ ਨਾਲ ਸੰਪਰਕ ਕਰਕੇ ਉਨ੍ਹਾ ਨੂੰ ਆਪਣੇ ਪੇਟ ਵਿੱਚ ਪਲ ਰਹੇ ਬੱਚੇ ਦੀ ਖੁਰਾਕ ਦਾ ਧਿਆਨ ਰੱਖ ਕੇ ਸਾਫ਼ ਸੁਥਰਾ ਅਤੇ ਸੰਤੁਲਿਤ ਭੋਜਨ ਖਾਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਕਿਸੇ ਮਾਹਿਰ ਡਾਕਟਰ ਤੋਂ ਘੱਟੋ ਘੱਟ 4 ਵਾਰ ਚੈਕਅੱਪ ਕਰਵਾਉਣ, ਤਾਂ ਜੋ ਤੰਦਰੂਸਤ ਬੱਚਾ ਪੈਦਾ ਹੋਵੇ। ਉਹਨਾਂ ਨੂੰ ਆਪਣੀ ਰੋਜਾਨਾ ਦੀ ਖੁਰਾਕ ਵਿੱਚ ਮੌਸਮੀ ਫ਼ਲ ਅਤੇ ਸਬਜੀਆਂ, ਆਂਡਾ, ਪਨੀਰ ਅਤੇ ਸੋਇਆਬੀਨ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਸਬੰਧੀ ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚਿਆਂ ਨੂੰ ਸੂਚੀ ਅਨੁਸਾਰ ਸੰਪੂਰਨ ਟੀਕਾਕਰਣ ਕਰਵਾਉਣਾ ਚਾਹੀਦਾ ਹੈ ਤਾਂ ਜੋ ਬੱਚਾ ਆਪਣੀ ਪੂਰੀ ਜਿੰਦਗੀ 11 ਮਾਰੂ ਬਿਮਾਰੀਆਂ ਤੋਂ ਬਚਿਆ ਰਹੇ।ਉਨ੍ਹਾ ਕਿਹਾ ਕਿ ਗਰਭਵਤੀ ਔਰਤਾਂ ਨੂੰ ਆਪਣੇ ਭੋਜਨ ਵਿੱਚ ਆਇਓਡੀਨ ਨਮਕ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ ਅਤੇ ਜਨੇਪਾ ਕਿਸੇ ਮਾਹਿਰ ਡਾਕਟਰ ਕੋਲੋਂ ਕਰਵਾਉਣਾ ਚਾਹੀਦਾ ਹੈ। ਬੱਚੇ ਨੂੰ ਜਨਮ ਤੋਂ ਇੱਕ ਘੰਟੇ ਦੇ ਅੰਦਰ ਅੰਦਰ ਦੁੱਧ ਪਿਲਾਉਣਾ ਸੁਰੂ ਕਰ ਦੇਣਾ ਚਾਹੀਦਾ ਹੈ ਅਤੇ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਛੇ ਮਹੀਨੇ ਤੋਂ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਪੂਰਕ ਖੁਰਾਕ ਵੀ ਦੇਣੀ ਸ਼ੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਮਾਂ ਦਾ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਤਲੇ ਹੋਏ, ਫਾਸਟ ਫੂਡ, ਜ਼ਿਆਦਾ ਨਮਕ, ਜ਼ਿਆਦਾ ਚੀਨੀ, ਸ਼ਰਾਬ ਅਤੇ ਸਿਗਰਟ ਤੋਂ ਪ੍ਰਹੇਜ਼ ਕੀਤਾ ਜਾਵੇ। ਸਿਹਤ ਵਿਭਾਗ ਦੇ ਸਟਾਫ ਵਲੋਂ ਇਸ ਹਫਤੇ ਦੋਰਾਨ ਸ਼ਹਿਰਾਂ ਅਤੇ ਪਿੰਡਾਂ ਵਿੱਚ ਸਮਾਗਮ ਕਰਕੇ ਅਤੇ ਗਰੁੱਪ ਮੀਟਿੰਗਾਂ ਕਰਕੇ ਲੋਕਾਂ ਨੂੰ ਸੰਤੁਲਿਤ ਭੋਜਨ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾ ਰਹੀ ਹੈ।