ਹਰੇਕ ਤਰ੍ਹਾਂ ਦੇ ਰਾਜ਼ੀਨਾਮੇ ਯੋਗ ਝਗੜਿਆਂ ਦੇ ਨਿਪਟਾਰੇ ਲਈ  9 ਮਾਰਚ ਨੂੰ ਆਯੋਜਿਤ ਕੀਤੀ ਜਾਵੇਗੀ ਕੌਮੀ ਲੋਕ ਅਦਾਲਤ

  • ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ

ਫਤਿਹਗੜ ਸਾਹਿਬ 08 ਫਰਵਰੀ : ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥੋਰਟੀ ਦੇ ਨਿਰਦੇਸ਼ਾਂ ਤਹਿਤ 09 ਮਾਰਚ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਹਰੇਕ ਤਰ੍ਹਾਂ ਦੇ ਰਾਜੀਨਾਮੇ ਯੋਗ ਝਗੜਿਆਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜਿਲਾ ਤੇ ਸੈਸ਼ਨ ਜੱਜ ਸ੍ਰੀ ਅਰੁਣ ਗੁਪਤਾ ਨੇ ਦਿੱਤੀ। ਉਹਨਾਂ ਦੱਸਿਆ ਕਿ ਫਤਿਹਗੜ੍ਹ ਸਾਹਿਬ ਅਤੇ ਸਬ ਡਿਵੀਜ਼ਨ ਪੱਧਰ ਦੀਆਂ ਸਮੂਹ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਅਰੁਣ ਗੁਪਤਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਜਿਲ੍ਹਾ ਪੱਧਰ ਤੇ ਨਿਆਂਇਕ ਅਧਿਕਾਰੀਆਂ, ਬੈਂਕ ਅਧਿਕਾਰੀਆਂ, ਬੀਮਾ ਅਧਿਕਾਰੀਆਂ, ਵਾਟਰ ਸਪਲਾਈ, ਪੀ.ਐਸ.ਪੀ.ਸੀ.ਐੱਲ, ਅਤੇ ਬੀ.ਐਸ.ਐਨ.ਐਲ. ਦੇ ਅਧਿਕਾਰੀਆਂ ਨਾਲ  ਮੀਟਿੰਗਾਂ ਕੀਤੀਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਕੇ ਆਮ ਪਬਲਿਕ ਨੂੰ ਲਾਭ ਪਹੁੰਚਾਇਆ ਜਾ ਸਕੇ। ਸ੍ਰੀ ਅਰੁਣ ਗੁਪਤਾ ਨੇ ਜਿਲੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵੱਖ ਵੱਖ ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਿਆ ਕੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਹਨਾਂ ਕਿਹਾ  ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।