ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਵਰਜਣ ਲਈ ਜਾਗਰੂਕਤਾ ਦੇ ਨਾਲ-ਨਾਲ ਸਬਸਿਡੀ ‘ਤੇ ਵੀ ਵੰਡੇ ਜਾ ਰਹੇ ਹਨ ਲੋੜੀਂਦੇ ਉਪਕਰਨ: ਵਧੀਕ ਡਿਪਟੀ ਕਮਿਸ਼ਨਰ

ਸੰਗਰੂਰ, 1 ਸਤੰਬਰ : ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਘੱਟ ਤੋਂ ਘੱਟ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਅੱਜ ਵੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ ਵੱਲੋਂ ਸਬੰਧਤ ਵਿਭਾਗਾਂ ਅਤੇ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਇਸ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਵਰਜਣ ਲਈ ਜਾਗਰੂਕਤਾ ਦੇ ਨਾਲ-ਨਾਲ ਸਬਸਿਡੀ ‘ਤੇ ਲੋੜੀਂਦੇ ਉਪਕਰਨ ਵੀ ਵੰਡੇ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬਸਿਡੀ ਉੱਪਰ ਦਿੱਤੇ ਗਏ ਉਪਕਰਨਾਂ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪਰਾਲੀ ਪ੍ਰਬੰਧਕ ਲਈ ਨਵੀਂ ਤਿਆਰ ਕੀਤੀ ਗਈ ਮਸ਼ੀਨ ‘ਸਰਫੇਸ ਸੀਡਰ’ ਦੀ ਵਰਤੋਂ ਲਈ ਵੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵੱਧ ਤੋਂ ਵੱਧ ਕੈਂਪ ਲਾਏ ਜਾਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਬੇਲਰਾਂ ਦੀ ਵਰਤੋਂ ਨੂੰ ਵੀ ਉਤਸ਼ਾਹਤ ਕੀਤਾ ਜਾਵੇ ਅਤੇ ਪਰਾਲੀ ਵਰਤਣ ਵਾਲੀਆਂ ਸਨਅਤੀ ਯੂਨਿਟਾਂ ਨੂੰ ਪਰਾਲੀ ਦੀਆਂ ਗੰਢਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਬਣਦਾ ਤਾਲਮੇਲ ਕੀਤਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਭੱਠਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸਰਕਾਰ ਵੱਲੋਂ ਪਰਾਲੀ ਦੀਆਂ ਗਿੱਟੀਆਂ ਨੂੰ ਬਾਲਣ ਦੇ 20 ਫੀਸਦ ਬਦਲ ਵਜੋਂ ਵਰਤਣ ਦੀਆਂ ਹਦਾਇਤਾਂ ਬਾਰੇ ਵੀ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸੰਬੰਧੀ ਲਗਾਤਾਰ ਭੱਠਿਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਭੱਠਾ ਮਾਲਕਾਂ ਤੇ ਹੋਰਨਾਂ ਸਬੰਧਤ ਧਿਰਾਂ ਦੇ ਨੁਮਾਇੰਦਿਆਂ ਨੂੰ ਪਰਾਲੀ ਤੋਂ ਗਿੱਟੀਆਂ ਬਣਾਉਣ ਵਾਲੀਆਂ ਯੂਨਿਟਾਂ ਦਾ ਦੌਰਾ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਵੀ ਇਨ੍ਹਾਂ ਦੀ ਵਰਤੋਂ ਲਈ ਉਤਸ਼ਾਹਤ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ, ਐਕਸੀਅਨ ਪੀ.ਪੀ.ਸੀ.ਬੀ. ਹਰਿੰਦਰ ਸਿੰਘ, ਡਿਪਟੀ ਡਾਇਰੈਕਟਰ ਫੈਕਟਰੀਜ਼ ਸਾਹਿਲ ਗੋਇਲ ਅਤੇ ਇੰਸਪੈਕਟਰ ਫੂਡ ਸਪਲਾਈਜ਼ ਤਰੰਗਾ ਗੁਪਤਾ ਵੀ ਹਾਜ਼ਰ ਸਨ।