ਅਜੌਕੇ ਦੌਰ ਵਿੱਚ ਲੜਕੀਆਂ ਦੀ ਉਚੇਰੀ ਸਿੱਖਿਆ ਵੱਲ ਵਧੇਰੇ ਧਿਆਨ ਦੇਣ ਦੀ ਲੋੜ : ਵਿਧਾਇਕ ਰਾਏ

  • ਸਮਾਜ ਵਿੱਚ ਲੜਕੀਆਂ ਨੂੰ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰਨਾ ਮਾਪਿਆਂ ਦਾ ਮੁਢਲਾ ਫਰਜ਼: ਡਿਪਟੀ ਕਮਿਸ਼ਨਰ
  • ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿੱਤੀਆਂ ਗਈਆਂ 45 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚ ਲੜਕੀਆਂ ਨੇ 50 ਫੀਸਦੀ ਨੌਕਰੀਆਂ ਹਾਸਲ ਕੀਤੀਆਂ
  • ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਖਾਸ ਬਾਗ ਵਿਖੇ ਮਨਾਈ ਗਈ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ
  • ਧੀਆਂ ਦੀ ਲੋਹੜੀ ਦੌਰਾਨ 50 ਨਵ-ਜੰਮੀਆਂ ਬੇਟੀਆਂ ਦਾ ਕੀਤਾ ਗਿਆ ਸਨਮਾਨ  

ਫ਼ਤਹਿਗੜ੍ਹ ਸਾਹਿਬ, 16 ਜਨਵਰੀ : ਅੱਜ ਦੇ ਇਸ ਸੂਚਨਾਂ ਤਕਨਾਲੌਜੀ ਦੇ ਯੁੱਗ ਵਿੱਚ ਉੱਚੇਰੀ ਸਿੱਖਿਆ ਬਹੁਤ ਜਰੂਰੀ ਬਣ ਗਈ ਹੈ ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਆਪਣੇ ਬੇਟੀਆਂ ਦੀ ਉੱਚੇਰੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਸਾਡੀਆਂ ਬੇਟੀਆਂ ਸਮਾਜ ਦੇ ਹਰੇਕ ਖੇਤਰ ਵਿੱਚ ਵੱਡੀਆਂ ਪੁਲਾਂਘਾ ਪੁੱਟ ਕੇ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਆਮ ਖਾਸ ਬਾਗ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਨਾਈ ਗਈ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਭਾਵੇਂ ਗੱਲ ਸਾਇੰਸ ਤਕਨਾਲੌਜੀ ਦੀ ਕੀਤੀ ਜਾਵੇ ਜਾਂ ਖੇਡਾਂ ਦੇ ਖੇਤਰ ਦੀ ਜਾਂ ਫਿਰ ਪ੍ਰਸ਼ਾਸ਼ਨਿਕ ਤੇ ਪੁਲਿਸ ਸਰਵਸਿਜ਼ ਦੀ ਸਾਡੀਆਂ ਬੇਟੀਆਂ ਨੇ ਉਚ ਆਹੁਦੇ ਸੰਭਾਲ ਕੇ ਆਪਣੇ ਆਪ ਨੂੰ ਸਿੱਧ ਕੀਤਾ ਹੈ। ਜਿਸ ਨੂੰ ਮੁੱਖ ਰੱਖਦੇ ਹੋਏ ਸਰਕਾਰ ਵੱਲੋਂ ਵੀ ਲੜਕੀਆਂ ਦੇ ਸੁਨਿਹਰੇ ਭਵਿੱਖ ਲਈ ਕਈ ਅਹਿਮ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਸਾਡੀਆਂ ਬੇਟੀਆਂ ਇਸੇ ਤਰ੍ਹਾਂ ਅੱਗੇ ਵੱਧ ਕੇ ਹੋਰ ਵੀ ਤਰੱਕੀ ਕਰ ਸਕਣ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਜੋ 45 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਉਨ੍ਹਾਂ ਵਿੱਚੋਂ 50 ਫੀਸਦੀ ਨੌਕਰੀਆਂ ਲੜਕੀਆਂ ਨੇ ਹਾਸਲ ਕੀਤੀਆਂ ਹਨ ਜੋ ਕਿ ਸਾਡੇ ਸਭਨਾ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਤਕਨਾਲੌਜੀ ਦੇ ਵਿਕਾਸ ਨਾਲ ਜਿਥੇ ਕਈ ਵੱਡੀਆਂ ਖੋਜਾਂ ਕੀਤੀਆਂ ਗਈਆਂ ਉਥੇ ਹੀ ਤਕਨਾਲੌਜੀ ਦੇ ਕਈ ਨੁਕਸਾਨ ਵੀ ਝੱਲਣੇ ਪਏ ਕਿਉਂਕਿ ਕਈ ਮਾਪੇ ਕੁੱਖ ਵਿੱਚ ਹੀ ਬੇਟੀਆਂ ਨੂੰ ਮਾਰਨ ਲੱਗ ਪਏ ਜੋ ਕਿ ਮਨੁੱਖਤਾ ਦੇ ਨਾਮ ਤੇ ਵੱਡਾ ਕਲੰਕ ਬਣਦਾ ਜਾ ਰਿਹਾ ਸੀ। ਇਸ ਨੂੰ ਰੋਕਣ ਲਈ ਸਰਕਾਰ ਵੱਲੋਂ ਕਈ ਅਹਿਮ ਸਕੀਮਾਂ ਚਲਾਈਆਂ ਗਈਆਂ ਜਿਨ੍ਹਾਂ ਵਿੱਚ ਬੇਟੀ ਬਚਾਓ ਬੇਟੀ ਪੜਾਓ ਵਿਸ਼ੇਸ਼ ਤੌਰ ਤੇ ਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਲੜਕੀਆਂ ਦਾ ਭਵਿੱਖ ਉੱਜਵਲ ਬਣਾਉਣ ਲਈ ਉਨ੍ਹਾਂ ਦੇ ਸਰਬਪੱਖੀ ਵਿਕਾਸ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸਾਡੇ ਧਾਰਮਿਕ ਗ੍ਰੰਥਾਂ ਵਿੱਚ ਲੜਕੀਆਂ ਨੂੰ ਉੱਚਤਮ ਦਰਜ਼ਾ ਦਿੱਤਾ ਗਿਆ ਹੈ ਅਤੇ ਸਾਡਾ ਇਤਿਹਾਸ ਵੀ ਬਹਾਦਰ ਔਰਤਾਂ ਦੀਆਂ ਪ੍ਰਾਪਤੀਆਂ ਨਾਲ ਭਰਿਆ ਪਿਆ ਹੈ। ਸਾਨੂੰ ਇਸ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਆਪਣੀਆਂ ਲੜਕੀਆਂ ਨੂੰ ਵੀ ਆਪਣੇ ਲੜਕਿਆਂ ਵਾਂਗ ਹੀ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ ਅਤੇ ਆਪਣੀਆਂ ਲੜਕੀਆਂ ਨੂੰ ਸਮਾਜ ਵਿੱਚ ਫੈਲ ਰਹੀਆਂ ਕੁਰੀਤੀਆਂ ਬਾਰੇ ਵੀ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਸਾਡੀਆਂ ਲੜਕੀਆਂ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਦੁਨੀਆਂ ਦੇ ਹਰੇਕ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰ ਸਕਣ। ਉਨ੍ਹਾਂ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੜਕੀਆਂ ਦੀ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਤੇ ਧੀਆਂ ਦੀ ਲੋਹੜੀ ਵੀ ਮਨਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਇੱਕ ਸੁਨੇਹਾਂ ਦਿੱਤਾ ਜਾ ਸਕੇ ਕਿ ਅੱਜ ਲੜਕੇ ਤੇ ਲੜਕੀ ਵਿੱਚ ਕੋਈ ਅੰਤਰ ਨਹੀ. ਹੈ। ਇਸ ਮੌਕੇ ਵਿਧਾਇਕ ਰਾਏ ਤੇ ਡੀ.ਸੀ. ਪਰਨੀਤ ਸ਼ੇਰਗਿੱਲ ਨੇ 50 ਨਵ-ਜੰਮੀਆਂ ਲੜਕੀਆਂ ਨੂੰ ਸਨਮਾਨਤ ਵੀ ਕੀਤਾ। ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਲੋਕ ਨਾਚ ਭੰਗੜਾ ਤੇ ਗਿੱਧਾ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ, ਆਮ ਆਦਮੀ ਪਾਰਟੀ ਦੇ ਗੁਰਸਤਿੰਦਰ ਸਿੰਘ ਜੱਲ੍ਹਾ, ਪਵੇਲ ਹਾਂਡਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮੂਹ ਸੀ.ਡੀ.ਪੀ.ਓਜ਼ ਤੇ ਹੋਰ ਪਤਵੰਤੇ ਹਾਜਰ ਸਨ।