‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 23 ਦਸਬੰਰ ਨੂੰ ਹੋਵੇਗਾ ਲੁਧਿਆਣਾ 'ਚ : ਮੰਤਰੀ ਧਾਲੀਵਾਲ

ਲੁਧਿਆਣਾ, 22 ਦਸਬੰਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਲੁਧਿਆਣਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੱਲ੍ਹ 23 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਜਦਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਮਿਲਣੀ ਸਮਾਗਮਾਂ ਤਹਿਤ ਕਵਰ ਕੀਤਾ ਜਾਵੇਗਾ, ਜਿਨ੍ਹਾਂ ਲਈ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ।