ਬਾਬਾ ਸ਼ੇਖ ਫਰੀਦ ਜੀ ਦੇ 850ਵੇਂ ਆਗਮਨ ਪੁਰਬ ਮੌਕੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ

  • ਸਪੀਕਰ ਸੰਧਵਾਂ ਨੇ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਸਮੂਹ ਸੰਗਤਾਂ ਨੂੰ ਦਿੱਤੀਆਂ ਵਧਾਈਆਂ
  • ਨਗਰ ਕੀਰਤਨ ਟਿੱਲਾ ਬਾਬਾ ਫਰੀਦ ਤੋਂ ਸ਼ੁਰੂ ਹੋ ਕੇ ਮਾਈ ਗੋਦੜੀ ਸਾਹਿਬ ਵਿਖੇ ਹੋਇਆ ਸਮਾਪਤ
  • ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਕੀਤੀ ਸਮੂਲੀਅਤ

ਫਰੀਦਕੋਟ, 23 ਸਤੰਬਰ : ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜਿੰਨਾਂ ਸਾਰੀ ਮਾਨਵ ਜਾਤੀ ਨੂੰ ਮਿੱਠਤ, ਹਲੀਮੀ, ਸਾਦਗੀ ਅਤੇ ਬੁਰੇ ਦਾ ਭਲਾ ਕਰਨ ਦਾ ਮਹਾਨ ਉਪਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਦੇ ਮਨੋਰਥ ਸਦਕਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਫਰੀਦਕੋਟ ਵਿਖੇ ਮਨਾਏ ਜਾ ਰਹੇ ਬਾਬਾ ਫਰੀਦ ਜੀ ਦੇ 850ਵੇਂ ਆਗਮਨ ਪੁਰਬ ਦੇ 5ਵੇਂ ਦਿਨ ਸਰਬੱਤ ਦੇ ਭਲੇ ਲਈ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ,ਐਮ.ਐਲ ਏ. ਸ. ਗੁਰਦਿੱਤ ਸਿੰਘ ਸੇਖੋਂ, ਸ੍ਰੀ ਗੁਰਤੇਜ ਸਿੰਘ ਖੋਸਾ ਚੇਅਰਮੈਨ ਨਗਰ ਸੁਧਾਰ ਟਰੱਸਟ,ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ  ਤੇ ਹੋਰ ਜਿਲਾ ਅਧਿਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਅਤੇ ਕਿਹਾ ਕਿ ਬਾਬਾ ਫਰੀਦ ਜੀ ਦੀ ਇਸ ਧਰਤੀ ਤੇ ਸਾਰੇ ਧਰਮਾਂ ਦੇ ਲੋਕ ਇੱਕ ਦੂਜੇ ਦਾ ਹੱਥ ਫੜ ਕੇ ਇਕੱਠੇ ਹੋ ਕੇ ਏਕਤਾ ਅਤੇ ਭਾਈਚਾਰੇ ਦਾ ਸਬੂਤ ਦਿੰਦੇ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਬਾਬਾ ਫਰੀਦ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ ।