ਸਮੁੱਚੇ ਦੇਸ਼ ਵਾਸੀਆਂ ਲਈ ਗੌਰਵ ਦੇ ਪ੍ਰਤੀਕ 15 ਅਗਸਤ ਮੌਕੇ ਅਧਿਕਾਰੀ ਸਮਰਪਣ ਦੀ ਭਾਵਨਾਂ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ : ਸ਼ੇਰਗਿੱਲ

  • ਪੁਲਿਸ ਦੇ ਜਵਾਨਾਂ, ਐਨ ਸੀ ਸੀ ਕੈਡਿਟਾਂ ਦੀ ਪਰੇਡ ਅਤੇ ਸਕੂਲਾਂ ਕਾਲਜਾਂ ਦੇ ਬੱਚਿਆਂ ਦਾ ਰੰਗਾਂਰੰਗ ਪ੍ਰੋਗਰਾਮ ਹੋਵੇਗਾ ਖਿੱਚ ਦਾ ਕੇਂਦਰ
  • ਡੀ ਸੀ. ਨੇ ਖੇਡ ਸਟੇਡੀਅਮ, ਮਾਧੋਪੁਰ ਵਿਖੇ ਜਿਲ੍ਹਾ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੇ ਕੀਤੀ ਸਮੀਖਿਆ ਮੀਟਿੰਗ

ਫ਼ਤਹਿਗੜ੍ਹ ਸਾਹਿਬ, 04 ਅਗਸਤ : 15 ਅਗਸਤ ਦਾ ਦਿਨ ਸਮੂਹ ਭਾਰਤੀਆਂ ਲਈ ਇੱਕ ਗੌਰਵਮਈ ਦਿਹਾੜਾ ਹੈ ਕਿਉਂਕਿ ਅੱਜ ਤੋਂ 76 ਸਾਲ ਪਹਿਲਾਂ 15 ਅਗਸਤ 1947 ਨੂੰ ਦੇਸ਼ ਵਾਸੀਆਂ ਨੇ ਲੰਮੀ ਗੁਲਾਮੀ ਤੋਂ ਬਾਅਦ ਆਜ਼ਾਦ ਫਿਜ਼ਾ ਵਿੱਚ ਸਾਹ ਲਿਆ ਸੀ। ਇਸ ਮਹਾਨ ਦਿਹਾੜੇ ਨੂੰ ਹੋਰ ਯਾਦਗਾਰ ਬਣਾਉਣ ਲਈ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾਂ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰੀਏ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਖੇਡ ਸਟੇਡੀਅਮ ਸਰਹਿੰਦ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਜਾਣ ਵਾਲਾ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਖਿੱਚ ਦਾ ਕੇਂਦਰ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਸਵੇਰੇ 08:58 ਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਉਸ ਉਪਰੰਤ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟ ਤੇ ਸਕੂਲਾਂ ਦੇ ਬੈਂਡ ਦੀ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਤੇ ਦਿਵਿਆਂਗਜ਼ਨਾਂ ਨੂੰ ਟਰਾਈ ਸਾਇਕਲ ਤੇ ਸਿਲਾਈ ਮਸ਼ੀਨਾਂ ਵੰਡੀਆ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ਦੇ ਆਲੇ ਦੁਆਲੇ ਦੀ ਸਾਫ ਸਫਾਈ ਕਰਵਾਈ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਤੱਕ ਜਾਣ ਵਾਲੀ ਸੜ੍ਹਕ ਦੀ ਮੁਰੰਮਤ ਕਰਵਾਉਣ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ ਅਤੇ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕਰਨ, ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ਦੀ ਸਜਾਵਟ ਕਰਨ ਬਾਰੇ ਵੀ ਆਦੇਸ਼ ਦਿੱਤੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਹਰਜੋਤ ਕੌਰ, ਐਸ.ਪੀ. (ਐਚ) ਰਮਿੰਦਰ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।