ਸ਼ਹੀਦੀ ਸਭਾ ਦੀ ਅਰੰਭਤਾ ਮੌਕੇ ਤਹਿਸੀਲ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

  • ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਸੰਗਤ ਨੂੰ ਸ਼ਾਤੀਪੂਰਵਕ ਢੰਗ ਨਾਲ ਸ਼ਹੀਦਾਂ ਨੂੰ ਨਤਮਸਤਕ ਹੋਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਅੱਜ ਤੋਂ ਅਰੰਭ ਹੋਈ ਸ਼ਹੀਦੀ ਸਭਾ ਮੌਕੇ ਨਵੇਂ ਤਹਿਸੀਲ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਕੁਮਾਰ, ਮੁੱਖ ਮੰਤਰੀ ਪੰਜਾਬ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ ਤੇ ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਪ੍ਰੋਮਿਲਾ ਸ਼ਰਮਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਨੂੰ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸੁਰੱਖਿਆ ਤੇ ਸਹੂਲਤ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪ੍ਰਸ਼ਾਸਨ ਵੱਲੋਂ ਸੰਗਤ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਨੇ ਇਸ ਮੌਕੇ ਸੰਗਤ ਨੂੰ ਅਪੀਲ ਕੀਤੀ ਕਿ ਦੁਨੀਆਂ ਦੇ ਇਤਿਹਾਸ ਦੀ ਇਸ ਮਹਾਨ ਸ਼ਹਾਦਤ ਨੂੰ ਸਾਦਗੀ ਤੇ ਸ਼ਾਂਤੀਪੂਰਵਕ ਢੰਗ ਨਾਲ ਨਤਮਸਤਕ ਹੋਇਆ ਜਾਵੇ ਅਤੇ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।