ਜ਼ਿਲ੍ਹੇ ਵਿੱਚ ਜ਼ੀਰੋ ਸਟਬਲ ਬਰਨਿੰਗ ਨੂੰ ਯਕੀਨੀ ਬਣਾਉਣ ਅਧਿਕਾਰੀ: ਪਰਨੀਤ ਸ਼ੇਰਗਿੱਲ

  • ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਨਜ਼ਰ ਰੱਖਣ ਲਈ ਪਿੰਡਾਂ ਵਿੱਚ ਬਣਾਏ ਜਾਣਗੇ ਨੋਡਲ ਅਫਸਰ
  • ਪਰਾਲੀ ਨੂੰ ਉਦਯੋਗਾਂ ਵਿੱਚ ਵਰਤਣ ਲਈ ਉਦਯੋਗਪਤੀਆਂ ਨਾਲ ਕੀਤੀਆਂ ਜਾਣਗੀਆਂ ਮੀਟਿੰਗਾਂ
  • ਸਹਿਕਾਰੀ ਸਭਾਵਾਂ ਵਿੱਚ ਪਰਾਲੀ ਦੀ ਸੁਚੱਜੀ ਸੰਭਾਲ ਲਈ ਮਸ਼ੀਨਰੀ ਹੋਣੀ ਲਾਜ਼ਮੀ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 02 ਅਗਸਤ 2024 : ਦਿਨੋਂ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿਉਂਕਿ ਜੇਕਰ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਲਈ ਸਮੂਹ ਅਧਿਕਾਰੀ ਜ਼ਿਲ੍ਹੇ ਅੰਦਰ ਜੀਰੋ ਸਟਬਲ ਬਰਨਿੰਗ ਨੂੰ ਯਕੀਨੀ ਬਣਾਉਣ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।  ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡਾਂ ਵਿੱਚ ਨੋਡਲ ਅਫਸਰ ਲਗਾਏ ਜਾਣ ਜੋ ਕਿ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਤਿੱਖੀ ਨਜ਼ਰ ਰੱਖਣ ਨੂੰ ਯਕੀਨੀ ਬਣਾਉਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਅੰਦਰ 87,400 ਹੈਕਟੇਅਰ ਰਕਬੇ ਅੰਦਰ ਝੋਨੇ ਦੀ ਬਿਜਾਈ ਕੀਤੀ ਗਈ ਹੈ ਜਿਸ ਤੋਂ 5.5 ਲੱਖ ਟਨ ਪਰਾਲੀ ਪੈਦਾ ਹੋਣ ਦੀ ਸੰਭਾਵਨਾਂ ਹੈ। ਇਸ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਬਲਾਕ ਪੱਧਰ ਤੇ ਪਿੰਡ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਜਾਗਰੂਕਤਾ ਵੈਨਾਂ ਰਾਹੀਂ ਅਤੇ ਵਾਲ ਪੇਟਿੰਗਾਂ ਰਾਹੀਂ ਵੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਵਾਸਤੇ ਡਰਾਅ ਪ੍ਰਕ੍ਰਿਆ ਨਾਲ ਕਿਸਾਨਾਂ ਦੀ ਚੋਣ ਕੀਤੀ ਗਈ ਹੈ ਜਿਨ੍ਹਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਹਿਕਾਰੀ ਸਭਾਵਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਦਿੱਤੀਆਂ ਜਾਣ ਵਾਲੀਆਂ ਖੇਤੀ ਮਸ਼ੀਨਾਂ ਜ਼ਿਲ੍ਹੇ ਵਿੱਚ ਮੌਜੂਦ ਸਾਰੀਆਂ ਸਹਿਕਾਰੀ ਸਭਾਵਾਂ ਕੋਲ ਹੋਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਕਿਸਾਨ ਸਹਿਕਾਰੀ ਸਭਾਵਾਂ ਤੋਂ ਮਸ਼ੀਨਾਂ ਲੈ ਕੇ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਲਈ ਉਪਲਬਧ ਮਸ਼ੀਨਰੀ ਦੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਪਰਾਲੀ ਦੀ ਖਪਤ ਕਰਨ ਵਾਲੇ ਉਦਯੋਗਾਂ ਨੂੰ ਪਰਾਲੀ ਸਟੋਰ ਕਰਨ ਵਾਸਤੇ ਪੰਚਾਇਤੀ ਥਾਵਾਂ ਤੇ ਹੋਰ ਸਾਂਝੀਆਂ ਥਾਵਾਂ ਉਪਲਬਧ ਕਰਵਾਈਆਂ ਜਾਣ ਤਾਂ ਜੋ ਵੱਧ ਤੋਂ ਵੱਧ ਪਰਾਲੀ ਦੀ ਵਰਤੋਂ ਹੋ ਸਕੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਟੀਮਾਂ ਬਣਾਈਆਂ ਜਾਣ ਜੋ ਕਿ ਅੱਗ ਲਗਾਉਣ ਦੀ ਘਟਨਾ ਦਾ ਪਤਾ ਲੱਗਦੇ ਹੀ ਫੌਰੀ ਕਾਰਵਾਈ ਨੂੰ ਅੰਜਾਮ ਦੇਣਗੀਆਂ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਐਸ.ਡੀ.ਐਮ. ਅਮਲੋਹ ਸ਼੍ਰੀ ਕਿਰਨਬੀਰ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਦਮਨ ਝਾਂਜੀ, ਮੋਹਿਤ ਕਲਿਆਣ, ਬੀ.ਡੀ.ਪੀ.ਓ. ਅਮਲੋਹ, ਸ਼੍ਰੀਮਤੀ ਪਰਮਵੀਰ ਕੌਰ ਬੀ.ਡੀ.ਪੀ.ਓ. ਖਮਾਣੋਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਇੰਜ: ਪ੍ਰਿਤਪਾਲ ਕੌਰ, ਇੰਜ ਕਮਲ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।