ਨਸ਼ਿਆਂ ਦੀ ਰੋਕਥਾਮ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਸਹਿਯੋਗ ਕਰਨ: ਡਿਪਟੀ ਕਮਿਸ਼ਨਰ

  • ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਦਿੱਤੀ ਜਾਵੇਗੀ ਵੱਖ-ਵੱਖ ਕਿੱਤਿਆਂ ਦੀ ਸਿਖਲਾਈ
  • ਜ਼ਿਲ੍ਹਾ ਪੁਲਿਸ ਵੱਲੋਂ ਹਾਟ ਸਪਾਟ ਪਿੰਡਾਂ ਵਿੱਚ ਲਗਾਏ ਜਾਣਗੇ ਕੈਂਪ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਨਸ਼ਿਆਂ ਦੇ ਖਾਤਮੇ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 24 ਜਨਵਰੀ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਨਸ਼ਾ ਮੁਕਤ ਕੇਂਦਰਾਂ ਤੋਂ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ ਤਾਂ ਜੋ ਸੂਬੇ ਨੂੰ ਸਿਹਤਮੰਦ ਤੇ ਨਸ਼ਾ ਮੁਕਤ ਕਰਕੇ ਮੁੜ ਤੋਂ ਹੱਸਦਾ-ਵੱਸਦਾ ਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਮੁੜ ਤੋਂ ਸਮਾਜ ਅੰਦਰ ਇੱਕ ਚੰਗੇ ਨਾਗਰਿਕ ਦੀ ਤਰ੍ਹਾਂ ਵਿਚਰਨ ਲਈ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਉਹ ਵਿਅਕਤੀ ਆਪਣੇ ਪਰਿਵਾਰ ਦਾ ਗੁਜਾਰਾ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰ ਸਕਣ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨਾ ਅੱਜ ਦੇ ਦੌਰ ਦਾ ਸਭ ਤੋਂ ਵੱਡਾ ਮੁੱਦਾ ਹੈ ਕਿਉਂਕਿ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਸਾਡੇ ਨੌਜਵਾਨ ਗਲਤ ਰਾਹ ਤੇ ਤੁਰ ਰਹੇ ਹਨ ਜਿਨ੍ਹਾਂ ਨੂੰ ਮੁੜ ਤੋਂ ਸਹੀ ਰਾਹ ਤੇ ਲਿਆਉਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਮੂਹ ਅਧਿਕਾਰੀ ਪੂਰੀ ਮਿਹਨਤ ਤੇ ਲਗਨ ਨਾਲ ਸਹਿਯੋਗ ਦੇਣ ਤਾਂ ਜੋ ਸਾਡੇ ਨੌਜਵਾਨ ਨਸ਼ਿਆਂ ਵਰਗੀ ਲਾਹਣਤ ਤੋਂ ਛੁਟਕਾਰਾ ਪਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਨਸ਼ਿਆਂ ਵਿਰੁੱਧ ਲੋਕ ਲਹਿਰ ਚਲਾ ਕੇ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਤਹਿਤ ਨਸ਼ਿਆਂ ਦੇ ਹਾਟ ਸਪਾਟ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦਾ ਤਿਆਗ ਕਰਨ ਵਾਲੇ ਵਿਅਕਤੀਆਂ ਦੀਆਂ ਗਤੀਵਿਧੀਆਂ ਤੇ ਤਿੱਖੀ ਨਜ਼ਰ ਵੀ ਰੱਖੀ ਜਾਵੇਗੀ ਤਾਂ ਜੋ ਗਲਤ ਅਨਸਰ ਇਸ ਮੁਹਿੰਮ ਦਾ ਗਲਤ ਇਸਤੇਮਾਲ ਨਾ ਕਰ ਸਕਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਛੁਡਾਓ ਕੇਂਦਰਾਂ ਵਿੱਚ ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ, ਸਹਾਇਕ ਕਮਿਸ਼ਨਰ ਸ਼੍ਰੀਮਤੀ ਮਨਦੀਪ ਕੌਰ, ਡੀ.ਡੀ.ਪੀ.ਓ. ਹਿਤੇਨ ਕਪਿਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।