ਜਿਲ੍ਹੇ ਦੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ 907.15 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ

  • ਹੁਣ ਤੱਕ ਹੋਈ 447690 ਮੀਟਰਕ ਟਨ ਝੋਨੇ ਦੀ ਖਰੀਦ
  • 202097 ਮੀਟਰਕ ਟਨ ਲਿਫਟਿੰਗ ਹੋਈ

ਫਰੀਦਕੋਟ 8 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 447690 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ ਅਤੇ ਖਰੀਦੇ ਗਏ ਝੋਨੇ ਦੀ 907.15 ਕਰੋੜ ਰੁਪਏ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 463696 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ  447690 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਵਾਲੀ ਆਪਣੀ ਫਸਲ ਮੰਡੀ ਵਿੱਚ ਲਿਆਉਣ ਤਾਂ ਜੋ ਉਨਾਂ ਨੂੰ ਮੰਡੀਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 184840 ਮੀਟ੍ਰਿਕ ਟਨ,ਮਾਰਕਫੈਡ ਨੇ 118148 ਮੀਟ੍ਰਿਕ ਟਨ, ਪਨਸਪ ਨੇ 94356 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 49064 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1282 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।ਉਨਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 202097 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਸਗੋਂ ਪਰਾਲੀ ਪ੍ਰਬੰਧਨ ਕਰਕੇ ਅਤੇ ਹੋਰ ਤਰੀਕਿਆਂ ਨਾਲ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।