ਸੂਬੇ ਦੇ ਮੋਹਾਲੀ ਤੇ ਲੁਧਿਆਣਾ ਜ਼ਿਲ੍ਹਿਆਂ ਸਮੇਤ ਇਹਨਾਂ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ

ਮੋਹਾਲੀ, 4 ਜਨਵਰੀ : ਪੰਜਾਬ ਵਿੱਚ ਬੀਤੇ ਕਈ ਦਿਨਾਂ ਤੋਂ ਧੁੱਪ ਨਹੀਂ ਨਿਕਲੀ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਅੰਤਰ ਸਿਰਫ 5 ਡਿਗਰੀ ਹੈ। ਪੂਰਾ ਪੰਜਾਬ ਠੰਡ ਅਤੇ ਧੁੰਦ ਦੀ ਲਪੇਟ ‘ਚ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 8 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ ਔਸਤਨ 2.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਧੁੰਦ ਦਾ ਅਸਰ ਹੁਣ ਰੇਲ ਆਵਾਜਾਈ ‘ਤੇ ਵੀ ਸਿੱਧਾ ਪੈ ਰਿਹਾ ਹੈ। ਸਵੇਰੇ ਰਵਾਨਾ ਹੋਣ ਵਾਲੀਆਂ ਜ਼ਿਆਦਾਤਰ ਟਰੇਨਾਂ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਚੇਤਾਵਨੀ ਅਨੁਸਾਰ ਪੰਜਾਬ ਦੇ ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਲੁਧਿਆਣਾ, ਰੂਪਨਗਰ, ਮੋਗਾ ਵਿੱਚ ਧੁੰਦ ਦਾ ਆਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ।