ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਧਾਰਮਿਕ ਥਾਵਾਂ ਤੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

ਫ਼ਤਹਿਗੜ੍ਹ ਸਾਹਿਬ, 01 ਦਸੰਬਰ : ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਊਂਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ। ਇਸ ਕਾਰਨ ਇਲਾਕੇ ਵਿੱਚ ਤਨਾਵ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹਨਾਂ ਹਾਲਾਤਾਂ ਵਿੱਚ ਇਹ ਜਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨਾਂ ਕਿਹਾ ਕਿ ਜ਼ਿਲੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜਰੂਰਤ ਹੈ। ਇਹ ਹੁਕਮ 29 ਜਨਵਰੀ, 2024 ਤੱਕ ਲਾਗੂ ਰਹਿਣਗੇ।