ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਆਈ.ਸੀ.ਏ.ਆਰ. ਅਟਾਰੀ ਜੋਨ-1 ਲੁਧਿਆਣਾ ਦੇ ਸਹਿਯੋਗ ਨਾਲ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਡਾ: ਜੀ.ਪੀ.ਐਸ. ਸੇਠੀ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ: ਸੇਠੀ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਦੀ ਮਹੱਤਤਾ ਤੇ ਚਾਨਣਾ ਪਾਉਂਦੇ ਹੋਏ ਪਰਾਲੀ ਨੂੰ ਅੱਗ ਲਗਾਉਣ ਦੇ ਮਿੱਟੀ ਤੇ ਵਾਤਾਵਰਣ ਉਪਰ ਹੋਣ ਵਾਲੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਮੁੱਖ ਖੇਤੀਬਾੜੀ ਅਫਸਰ ਸ਼੍ਰੀ ਰੰਗੀਲ ਸਿੰਘ ਨੇ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਦਾ ਸੱਦਾ ਦਿੱਤਾ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਝੋਨੇ ਦੀ ਪਰਲੀ ਦੇ ਪ੍ਰਬੰਧਨ ਲਈ ਸਿਫਾਰਸ਼ ਕੀਤੀਆਂ ਤਕਨਾਲੌਜੀਆਂ ਅਪਣਾਉਣ ਦੀ ਸਲਾਹ ਦਿੱਤੀ ਅਤੇ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ-ਵੱਖ ਖੇਤੀ ਮਸ਼ੀਨਾ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਬੇਲਰ, ਸੀਡ ਡਰਿੱਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਹੈਪੀ ਸੀਡਰ ਨਾਲ ਬੀਜੀ ਕਣਕ ਦੀ ਫਸਲ ਦੀ ਕਾਸ਼ਤ ਕਰਦਿਆਂ ਕਿਸਾਨਾਂ ਨੂੰ ਵੱਖ-ਵੱਖ ਸਾਵਧਾਨੀਆਂ ਬਾਰੇ ਵੀ ਜਾਣੂ ਕਰਵਾਇਆ। ਡਾ: ਰੀਤ ਵਰਮਾ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨੂੰ ਝੋਨੇ ਦੇ ਖੇਤਾਂ ਵਿੱਚ ਕੀੜੇ ਮਕੌੜਿਆਂ ਦੇ ਪ੍ਰਬੰਧਨ ਬਾਰੇ ਵਿਸਥਰ ਪੂਰਬਕ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸੈਨਿਕ ਸੁੰਡੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਅ ਕਰਨ ਦੇ ਉਪਾਅ ਵੀ ਦੱਸੇ। ਉਨ੍ਹਾਂ ਨੇ ਵਧੇਰੇ ਪ੍ਰਭਾਵੀ ਨਤੀਜਿਆਂ ਲਈ ਪਿੰਡ ਪੱਧਰ ਤੋਂ ਇੱਕੋ ਸਮੇਂ ਕੀਤੇ ਜਾਣ ਵਾਲੇ ਚੂਹਿਆਂ ਦੇ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ: ਅਰਵਿੰਦਪ੍ਰੀਤ ਕੌਰ ਨੇ ਬਾਗਾਂ,ਸਬਜੀਆਂ ਅਤੇ ਖੁੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਦੱਸਿਆ। ਜਦੋਂ ਕਿ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ: ਮਨੀਸ਼ਾ ਭਾਟੀਆ ਨੇ ਕਿਸਾਨਾਂ ਤੇ ਕਿਸਾਨ ਬੀਬੀਆਂ ਲਈ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਲਗਾਈ ਜਿਸ ਵਿੱਚ ਪਰਾਲੀ ਤੋਂ ਸਜਾਵਟੀ ਸਮਾਨ ਬਣਾ ਕੇ ਘਰੇਲੂ ਪੱਧਰ ਤੇ ਆਮਦਨ ਵਿੱਚ ਵਾਧਾ ਕਰਨ ਲਈ ਪ੍ਰੇਰਿਆ। ਇਸ ਮੌਕੇ ਸੈਲਫ ਹੈਲਪ ਗਰੁੱਪ, ਅਗਾਂਹਵਧੂ ਕਿਸਾਨ, ਮੱਛੀ ਪਾਲਣ ਵਿਭਾਗ, ਇਫਕੋ, ਸਟੇਟ ਬੈਂਕ ਆਫ ਇੰਡੀਆ, ਪੰਜਾਬ ਨੈਸ਼ਨਲ ਬੈਂਕ ਵੱਲੋਂ ਵੀ ਪ੍ਰਦਰਸ਼ਨੀਆਂ ਲਗਾਈਆ ਗਈਆਂ। ਜ਼ਿਲ੍ਹਾ ਲੀਡ ਮੈਨੈਜਰ ਸ਼੍ਰੀ ਮੁਕੇਸ਼ ਸੈਣੀ ਨੇ ਬੈਂਕਾਂ ਵੱਲੋਂ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਭੂਮੀ ਰੱਖਿਆ ਅਫਸਰ ਡਾ: ਇੰਦਰਪਾਲ ਸਿੰਘ ਨੇ ਤੁਪਕਾ ਸਿੰਚਾਈ ਪ੍ਰਣਾਲੀ ਬਾਰੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਬਾਰੇ ਦੱਸਿਅ। ਜਾਗਰੂਕਤਾ ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਦਮਨ ਝਾਂਜੀ ਨੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਅਤੇ ਮਸ਼ੀਨਾਂ ਤੇ ਬੀਜਾਂ ਲਈ ਸਬਸਿਡੀ ਲਾਗੂ ਕਰਨ ਬਾਰੇ ਚਾਨਣਾ ਪਾਇਆ। ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ: ਅਜੈ ਕੁਮਾਰ ਨੇ ਕਣਕ ਨੂੰ ਸਰੋਂ, ਬਰਸੀਮ ਦਾ ਬੀਜ, ਜੈਵਿਕ ਖਾਦਾਂ, ਖਣਿਜ ਮਿਸ਼ਰਣ ਉਪਲਬਧ ਕਰਵਾਇਆ ਗਿਆ। ਕੈਂਪ ਦੇ ਅੰਤ ਵਿੱਚ ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਡਾਂ ਜੀ.ਪੀ.ਐਸ. ਸੇਠੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।