ਸਹਿਕਾਰੀ ਸਭਾ ਸੰਦੌੜ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

  • ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਸੰਕੋਚ ਕਰਨ : ਹਰਬੰਸ ਸਿੰਘ

ਸੰਦੌੜ, 22 ਸਤੰਬਰ : ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ਦੀ ਅਗਵਾਈ ਹੇਠ ਸਹਿਕਾਰੀ ਸਭਾ ਸੰਦੌੜ ਵਿਖੇ ਖੇਤੀਬਾੜੀ ਵਿਭਾਗ ਬਲਾਕ ਅਹਿਮਦਗੜ੍ਹ ਦੇ ਸਹਿਯੋਗ ਦੇ ਨਾਲ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਐਸ.ਡੀ.ਐਮ ਸ੍ਰੀ ਹਰਬੰਸ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਤੰਬਰ ਮਹੀਨੇ ਵਿਚ ਬਲਾਕ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦੂਜੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰ ਰਹੇ ਹਨ ਤਾਂ ਜੋ ਜ਼ਿਲ੍ਹੇ ਵਿੱਚ ਅੱਗ ਲਗਾਉਣ ਦੇ ਰੁਝਾਨ ਨੂੰ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਕੇ  ਉਨ੍ਹਾਂ ਦੇ ਸਹਿਯੋਗ ਨਾਲ ਹੀ ਨਿਲ (ਜ਼ੀਰੋ) ਕੀਤਾ ਜਾ ਸਕੇ । ਅੱਗ ਲਗਾਉਣ ਨਾਲ ਵਾਤਾਵਰਣ ਅਤੇ ਖੇਤੀਬਾੜੀ ਵਾਲੀ ਜ਼ਮੀਨ ਤੇ ਮਾੜੇ ਪ੍ਰਭਾਵ ਸਾਹਮਣੇ ਆ ਰਹੇ ਹਨ ਅਤੇ ਆਪਣੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਸਾਰਿਆਂ ਨੂੰ  ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਖੇਤੀਬਾੜੀ ਵਿਭਾਗ ਵੱਲੋਂ ਸੀ.ਆਰ.ਐਮ.ਸਕੀਮ ਤਹਿਤ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਸਬੰਧੀ ਵੱਖ-ਵੱਖ ਮਸ਼ੀਨਰੀ ਉੱਪਰ ਸਬਸਿਡੀ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਖੇਤੀਬਾੜੀ ਵਿਭਾਗ ਵੱਲੋਂ ਬੀਟੀਐਮ ਮੁਹੰਮਦ ਜਮੀਲ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਜਿਵੇਂ ਕਿ ਉਪਜਾਊ ਤੱਤ ਨਸ਼ਟ ਹੋਣੇ, ਜ਼ਮੀਨ ਦੇ ਮਿੱਤਰ ਕੀੜੇ ਖ਼ਤਮ ਹੋਣ, ਵਾਤਾਵਰਣ ਦੂਸ਼ਿਤ ਹੋਣਾ, ਸਾਹ ਲੈਣ ਦੀਆਂ ਬਿਮਾਰੀਆਂ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਜਗਰੂਪ ਸਿੰਘ ਸੰਦੌੜ, ਅਧਿਕਾਰਤ ਪੰਚ ਚਮਕੌਰ ਸਿੰਘ, ਏਟੀਐਮ ਮਨਦੀਪ ਸਿੰਘ, ਜਥੇਦਾਰ ਪਿਆਰਾ ਸਿੰਘ, ਸਹਿਕਾਰੀ ਸਭਾ ਸੰਦੌੜ ਦੇ ਸਕੱਤਰ ਸੁਮਨਦੀਪ ਸਿੰਘ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਅਤੇ ਹੋਰ ਅਗਾਂਹ ਵਧੂ ਕਿਸਾਨ ਮੌਜੂਦ ਸਨ ।