ਪਿੰਡ ਨੱਥੋਵਾਲ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰੰਬੰਧੀ ਨਗਰ ਕੀਰਤਨ ਦਾ ਆਯੋਜਨ

ਰਾਏਕੋਟ, 30 ਜਨਵਰੀ : ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਸਾਲਾਨਾ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਨੱਥੋਵਾਲ ਵਿਖੇ ਸ਼ਾਨਦਾਰ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਨਗਰ ਦੀ ਪਰਿਕਰਮਾ ਦੌਰਾਨ ਹਰੇਕ ਪੜਾਅ ’ਤੇ ਪਿੰਡ ਵਾਸੀਆਂ ਵੱਲੋਂ ਲੰਗਰ ਅਤੇ ਚਾਹ ਆਦਿ ਦੇ ਭੰਡਾਰੇ ਲਗਾਏ ਗਏ ਸਨ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਵੱਲੋਂ ਕੀਤੀ ਜਾ ਰਹੀ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸੋਹਣੀ ਪਾਲਕੀ ਵਿੱਚ ਸਜਾਇਆ ਗਿਆ ਸੀ। ਇਸ ਮੌਕੇ ਅਜਾਇਬ ਸਿੰਘ ਅਣਖੀ ਬਠਿੰਡੇ ਵਾਲਿਆਂ ਦੇ ਜੱਥੇ ਵੱਲੋਂ ਸੰਗਤ ਨੂੰ ਪੂਰਾ ਦਿਨ ਗੁਰੂ ਇਤਿਹਾਸ ਨਾਲ ਜਾਣੂ ਕਰਵਾਇਆ ਗਿਆ। ਕੀਰਤਨੀ ਜੱਥੇ ਵੱਲੋਂ ਸ਼ਬਦ ਕੀਰਤਨ ਨਾਲ ਹਾਜ਼ਰੀ ਲਗਵਾਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਸੰਬੰਧੀ ਮਿਤੀ 3 ਫਰਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਦਾ ਪ੍ਰਕਾਸ਼ ਕਰਵਾਇਆ ਗਿਆ ਹੈ, ਜਿਸ ਦਾ ਭੋਗ ਮਿਤੀ 5 ਫਰਵਰੀ  ਨੂੰ ਪਾਇਆ ਜਾਵੇਗਾ ਅਤੇ ਸੰਗਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ। ਇਸ ਮੌਕੇ ਵੀ ਕੀਰਤਨੀ ਜੱਥੇ ਵੱਲੋਂ ਹਾਜ਼ਰੀ ਲਗਵਾਈ ਜਾਵੇਗੀ ਅਤੇ ਸੰਗਤ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ। ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਿਰਕਤ ਕਰਕੇ ਲਾਹਾ ਖੱਟਣ ਦਾ ਸੱਦਾ ਦਿੱਤਾ ਹੈ।