ਸਾਡੇ ਸੰਵਿਧਾਨ ਨੇ ਭਾਰਤ ਨੂੰ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਬਣਾਇਆ: ਡਿਪਟੀ ਕਮਿਸ਼ਨਰ

  • ਖੇਡ ਸਟੇਡੀਅਮ ਸਰਹਿੰਦ ਵਿਖੇ 75ਵੇਂ ਗਣਤੰਤਰ ਦਿਵਸ ਮੌਕੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ
  • ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ
  • ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਵੰਡੇ ਗਏ ਟਰਾਈ ਸਾਇਕਲ, ਸਿਲਾਈ ਮਸ਼ੀਨਾਂ ਤੇ ਵੀਲ੍ਹਚੇਅਰਜ਼ 
  • ਸੁਤੰਤਰਤਾ ਸੈਨਾਨੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਕੀਤਾ ਗਿਆ ਸਨਮਾਨ 75ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਲਹਿਰਾਇਆ ਕੌਮੀ ਝੰਡਾ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵਿਧਾਇਕ ਲਖਬੀਰ ਸਿੰਘ ਰਾਏ ਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕੀਤੀ ਸ਼ਿਰਕਤ 

ਫ਼ਤਹਿਗੜ੍ਹ ਸਾਹਿਬ, 27 ਜਨਵਰੀ : ਦੇਸ਼ ਨੂੰ ਆਜ਼ਾਦ ਕਰਵਾਉਣ ਤੋਂ ਬਾਅਦ ਇਸ ਨੂੰ ਸਹੀ ਅਰਥਾਂ ਵਿੱਚ ਗਣਰਾਜ ਬਣਾਉਣ ਵਾਸਤੇ ਦੇਸ਼ ਨੂੰ ਆਪਣੇ ਸੰਵਿਧਾਨ ਦੀ ਲੋੜ ਸੀ, ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿੱਚ ਇੱਕ ਮਹਾਨ ਕਾਰਜ ਸੀ। ਇਸ ਕਾਰਜ ਨੂੰ ਸਿਰੇ ਚੜਾਉਣ ਵਿੱਚ ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਦਾ ਸਭ ਤੋਂ ਵੱਡਾ ਯੋਗਦਾਨ ਹੈ। ਆਜ਼ਾਦ ਭਾਰਤ ਦਾ ਸੰਵਿਧਾਨ ਦੁਨੀਆਂ ਭਰ ਨੂੰ ਅਨੇਕਤਾ ਵਿੱਚ ਏਕਤਾ ਦਾ ਸੁਨੇਹਾ ਦਿੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ 75ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪੰਰਤ ਜ਼ਿਲ੍ਹਾ ਵਾਸੀਆਂ ਦੇ ਨਾਮ ਦਿੱਤੇ ਸੰਦੇਸ਼ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ 26 ਜਨਵਰੀ ਦਾ ਦਿਨ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ ਜਿਸ ਤੇ ਸਾਨੂੰ ਮਾਣ ਹੈ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਵੀ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਪਰੇਡ ਦਾ ਨਰੀਖਣ ਕੀਤਾ ਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵਿਕਾਸ ਦੀ ਗੱਲ ਕਰਦਿਆਂ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 550 ਕਰੋੜ ਦੀ ਲਾਗਤ ਨਾਲ ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਇਸ ਸਕੀਮ ਅਧੀਨ ਸਿਵਲ ਹਸਪਤਾਲ ਵਿਖੇ ਗੰਭੀਰ ਬਿਮਾਰੀਆਂ ਜਾਂ ਦੁਰਘਟਨਾਵਾਂ ਦੌਰਾਨ ਲੋੜੀਂਦੇ ਮਰੀਜਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਕਰੀਟੀਕਲ ਕੇਅਰ ਯੂਨਿਟ ਖੋਲਿਆ ਜਾ ਰਿਹਾ ਹੈ ਜਿਸ ਵਿੱਚ ਮਾਹਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਐਡਵਾਂਸ ਤਕਨਾਲੌਜੀ ਦੀਆਂ ਮਸ਼ੀਨਾਂ ਨਾਲ ਇਲਾਜ ਕੀਤਾ ਜਾਵੇਗਾ। ਇਸ ਸਕੀਮ ਦਾ ਮੁੱਖ ਮੰਤਵ ਮਰੀਜ ਦੀ ਸਿਹਤ ਨੂੰ ਸਥਿਰ ਕਰਨਾ ਤੇ ਸੁਧਾਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ 19 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਲੱਖ 75 ਹਜ਼ਾਰ 527 ਵਿਅਕਤੀਆਂ ਨੇ ਮੁਫਤ ਇਲਾਜ ਕਰਵਾਇਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ 5 ਕਰੋੜ 58 ਲੱਖ ਦੀ ਲਾਗਤ ਨਾਲ ਲਾਇਬ੍ਰੇਰੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ 111 ਕਰੋੜ ਤੋਂ ਵੱਧ ਦੀ ਲਾਗਤ ਨਾਲ 92 ਪਿੰਡਾਂ ਵਿੱਚ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੀ ਸਕੀਮ ਵੀ ਜੰਗੀ ਪੱਧਰ ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਵਿੱਚ ਮਗਨਰੇਗਾ ਸਕੀਮ ਬਹੁਤ ਸ਼ਲਾਘਾਯੋਗ ਯੋਗਦਾਨ ਪਾ ਰਹੀ ਹੈ ਅਤੇ ਜ਼ਿਲ੍ਹੇ ਦੇ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਤੇ ਮਗਨਰੇਗਾ ਸਕੀਮ ਅਧੀਨ 61 ਕਰੋੜ 50 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਸਮੂਹ ਗ੍ਰਾਮ ਪੰਚਾਇਤਾਂ ਦੀ ਸਾਂਝੀ ਜਗ੍ਹਾ, ਸਕੂਲਾਂ, ਖੇਡ ਮੈਦਾਨਾਂ ਤੇ ਪਾਰਕਾਂ ਵਿੱਚ ਕੁੱਲ 2 ਲੱਖ 24 ਹਜ਼ਾਰ 700 ਬੂਟੇ ਵੀ ਲਗਾਏ ਜਾ ਚੁੱਕੇ ਹਨ। ਪਿੰਡਾਂ ਦੇ ਲੋਕਾਂ ਨੂੰ ਸਸਤੇ ਭਾਅ ਰਾਸ਼ਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮਗਨਰੇਗਾ ਸਕੀਮ ਅਧੀਨ 15 ਪਿੰਡਾਂ ਵਿੱਚ ਫੇਅਰ ਪਰਾਈਜ਼ ਸ਼ਾਪ ਵੀ ਖੋਲੀਆਂ ਜਾ ਰਹੀਆਂ ਹਨ। 
ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਸਵੱਛ ਸਰਵੇਖਣ ਵਿੱਚ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਵਾਟਰ ਪਲੱਸ ਸ਼੍ਰੇਣੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਗਿਆ ਹੈ ਅਤੇ ਨਗਰ ਪੰਚਾਇਤ ਖਮਾਣੋਂ ਨੂੰ ਕੂੜਾ ਕਰਕਟ ਮੁਕਤ ਸ਼ਹਿਰਾਂ ਦੀ ਸ਼੍ਰੇਣੀ ਵਿੱਚ 1 ਸਟਾਰ ਦਰਜ਼ਾ ਪ੍ਰਾਪਤ ਹੋਇਆ ਹੈ, ਜੋ ਕਿ ਜ਼ਿਲ੍ਹਾ ਵਾਸੀਆਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ-ਵੱਖ ਖੇਤੀ ਮਸ਼ੀਨਾਂ ਲਈ ਕਿਸਾਨਾਂ ਦੇ ਖਾਤਿਆਂ ਵਿੱਚ 4 ਕਰੋੜ 22 ਲੱਖ ਰੁਪਏ ਦੀ ਸਬਸਿਡੀ ਜਮ੍ਹਾਂ ਕਰਵਾਈ ਗਈ ਹੈ ਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਬੜਾਵਾ ਦੇਣ ਵਾਸਤੇ ਚਲਾਈ ਜਾ ਰਹੀ ਮੁਹਿੰਮ ਤਹਿਤ 453 ਖੇਤੀ ਮਸ਼ੀਨਾਂ ਲਈ 5 ਕਰੋੜ 50 ਲੱਖ ਰੁਪਏ ਦੀ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਤੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਇਕਲ, ਸਿਲਾਈ ਮਸ਼ੀਨਾਂ ਤੇ ਵੀਲ੍ਹ ਚੇਅਰ ਵੀ ਦਿੱਤੀਆਂ ਗਈਆਂ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਪੁਲਿਸ , ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਤੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਪਰੇਡ ਤੇ ਡੀ.ਐਸ.ਪੀ. ਰਾਜ ਕੁਮਾਰ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਗਿਆ। ਇਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਤੇ ਪੰਜਾਬ ਦਾ ਲੋਕ ਨਾਚ ਭੰਗੜਾ ਤੇ ਗਿੱਧਾ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ, ਐਸ.ਪੀ. ਸ. ਚੰਦ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਕੁਮਾਰ, ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ, ਆਮ ਆਦਮੀ ਪਾਰਟੀ ਦੇ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਗੁਰਸਤਿੰਦਰ ਸਿੰਘ ਜੱਲ੍ਹਾ, ਬਹਾਦਰ ਖਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪ੍ਰਸ਼ਾਸ਼ਨਿਕ ਤੇ ਨਿਆਂਇਕ ਅਧਿਕਾਰੀ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਸ਼ਹਿਰੀ ਪਤਵੰਤੇ ਹਾਜਰ ਸਨ।