ਝੋਨੇ ਦੀ ਪਰਾਲੀ ਦਾ ਧੂੰਆਂ ਬੱਚਿਆਂ,ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਮਾੜ੍ਹਾ  ਪ੍ਰਭਾਵ ਪਾਉਂਦਾ ਹੈ: ਮੁੱਖ ਖੇਤੀਬਾੜੀ ਅਫਸਰ 

  • ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਦੇ ਬੱਚਿਆਂ ਨੂੰ ਕੀਤਾ ਜਾਗਰੂਕ

ਫ਼ਰੀਦਕੋਟ, 23 ਅਕਤੂਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ (ਆਈ.ਈ.ਸੀ) ਕੰਪੋਨੈਂਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਖੀ ਕਲਾਂ  ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਬੱਚੇ ਆਪਣੇ ਮਾਪਿਆਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਲਈ ਪ੍ਰੇਰਿਤ ਕਰ ਸਕਣ। ਇਸ ਮੌਕੇ ਬੱਚਿਆਂ ਦੇ ਭਾਸ਼ਣ ,ਪੇਂਟਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ। ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਬੱਚਿਆਂ ਨੂੰ ਜਾਗਰੂਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਤਾਪਮਾਨ ਵਿੱਚ ਕਮੀ ਹੋਣ ਕਾਰਨ ਪ੍ਰਦੂਸ਼ਣ ਦੀ ਸਮੱਸਿਆ ਹੋਰ ਵਧ ਜਾਂਦੀ ਹੈ ਜੋ 6 ਸਾਲ ਤੱਕ ਦੇ ਬੱਚਿਆਂ,ਬਜ਼ੁਰਗਾਂ ਅਤੇ ਗਰਭਵਤੀ ਔਰਤਾਂ  ਦੀ ਸਿਹਤ ਲਈ ਬਹੁਤ ਖਤਰਨਾਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਨਾਲ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ,ਫਾਸਫੋਰਸ,ਪੋਟਾਸ਼ ਅਤੇ ਸਲਫਰ ਆਦਿ ਖੁਰਾਕੀ ਤੱਤਾਂ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਲ 2019 ਵਿੱਚ  ਯੂ.ਐਨ.ਉ  ਦੀ ਅਸੈਂਬਲੀ ਵਿੱਚ ਸਵੀਡਨ ਦੀ 16 ਸਾਲਾ ਲੜਕੀ ਨੇ ਵਿਸ਼ਵ ਪੱਧਰ ਤੇ ਵਾਤਾਵਰਣ ਵਿੱਚ ਆ ਰਹੇ ਵਿਗਾੜ ਬਾਰੇ ਸਾਰੇ ਵਿਸ਼ਵ ਦਾ ਧਿਆਨ ਖਿੱਚਿਆ ਹੈ ਅਤੇ ਕਿਹਾ ਕਿ ਭਵਿੱਖ ਦੀ ਜਵਾਨੀ ਦੀ ਸੁਰੱਖਿਆ ਲਈ ਵਾਤਾਵਰਣ ਨੂੰ ਹੋੲ ਪ੍ਰਦੂਸ਼ਿਤ ਹੋਣ ਤੋਂ ਬਚਾੳਣਾ ਪਵੇਗਾ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਣ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾਂ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਡਾ. ਰਾਜਵੀਰ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲ ਕੇ ਨਵੀਨਤਮ ਮਸ਼ੀਨਰੀ ਜਿਵੇਂ ਸੁਪਰ,ਹੈਪੀ,ਸਮਾਰਟ ਜਾਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਅਖੀਰ ਵਿੱਚ ਪ੍ਰਿੰਸੀਪਲ ਗੋਪਾਲ ਰਾਜ  ਨੇ ਸਕੂਲ ਦੇ ਸਮੁੱਚੇ ਸਟਾਫ ਵੱਲੋਂ ਧੰਨਵਾਦ ਕੀਤਾ  ਅਤੇ ਬੱਚਿਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਆਪਣੇ ਮਾਪਿਆਂ,ਆਢੀਆਂ ਗੁਆਂਢੀਆਂ,ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਣ ਬਾਰੇ ਪ੍ਰੇਰਿਤ ਕਰਨ।