ਸੂਬੇ ’ਚ ਚੱਲ ਰਹੀਆਂ ਪੰਚਾਇਤ ਚੋਣਾਂ ਫੌਰੀ ਰੱਦ ਕੀਤੀਆਂ ਜਾਣ : ਸੁਖਬੀਰ ਸਿੰਘ ਬਾਦਲ

ਗਿੱਦੜਬਾਹਾ, 10 ਅਕਤੂਬਰ 2024 : ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸਡੀਐਮ ਦਫਤਰ ਅੱਗੇ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦਿਆਂ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਸੂਬੇ ’ਚ ਚੱਲ ਰਹੀਆਂ ਪੰਚਾਇਤ ਚੋਣਾਂ ਫੌਰੀ ਰੱਦ ਕੀਤੀਆਂ ਜਾਣ ਕਿਉਂਕਿ ਇਨ੍ਹਾਂ ’ਚ ਵਿਆਪਕ ਬੇਨਿਯਮੀਆਂ ਹੋਈਆਂ ਹਨ ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਤੇ ਉਨ੍ਹਾਂ ਨੇ ਜ਼ਮੀਨੀ ਪੱਧਰ ’ਤੇ ਲੋਕਤੰਤਰ ਦੀ ਬਹਾਲੀ ਲਈ ਚੋਣਾਂ ਨਵੇਂ ਸਿਰੇ ਤੋਂ ਕਰਵਾਉਣ ਦੀ ਮੰਗ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਪੰਚਾਇਤ ਚੋਣਾਂ ’ਚ ਜਿਨਾਂ ਦੇ ਨਾਮਜ਼ਦਗੀ ਪੱਤਰ ਆਪ ਸਰਕਾਰ ਵੱਲੋਂ ਆਨੇ ਬਹਾਨੇ ਰੱਦ ਕੀਤੇ ਗਏ ਹਨ। ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਲੀਗਲ ਟੀਮ ਨਾਲ ਸੰਪਰਕ ਕਰਨ ਜਾਂ ਆਪਣੀਆਂ ਸ਼ਿਕਾਇਤਾਂ ਪਾਰਟੀ ਦਫਤਰਾਂ ’ਚ ਸੌਂਪਣ ਤਾਂ ਜੋ ਨਿਆਂ ਹਾਸਲ ਕਰਨ ਵਾਸਤੇ ਹਾਈ ਕੋਰਟ ਕੋਲ ਪਹੁੰਚ ਕੀਤੀ ਜਾ ਸਕੇ। ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਜ਼ਮੀਨੀ ਪੱਧਰ ’ਤੇ ਲੋਕਤੰਤਰ ਦੀ ਬਹਾਲੀ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਯਕੀਨੀ ਬਣਾਵੇਗਾ ਕਿ ਆਪ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਨਾਲ-ਨਾਲ ਜਿਹੜੇ ਅਫਸਰਾਂ ਨੇ ਲੋਕਤੰਤਰ ਦਾ ਕਤਲ ਕੀਤਾ ਉਨ੍ਹਾਂ ਨੂੰ ਉਨ੍ਹਾਂ ਦੇ ਕੰਮਾਂ ਲਈ ਜਵਾਬਦੇਹ ਠਹਿਰਾਇਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਅਨਸਰਾਂ ਖਿਲਾਫ ਕੇਸ ਦਰਜ਼ ਕਰਵਾਉਣ ਲਈ ਕੰਮ ਕਰਾਂਗੇ। ਸੁਖਬੀਰ ਬਾਦਲ ਨੇ 270 ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਵੱਲੋਂ ਇਨ੍ਹਾਂ ਪਿੰਡਾਂ ’ਚ ਚੋਣਾਂ ਰੋਕਣ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਆਪ ਸਰਕਾਰ ਦਾ ਮਖੌਲ ਉਡਾਇਆ ਜਿਸਨੇ ਦਾਅਵਾ ਕੀਤਾ ਹੈ ਕਿ 3800 ਸਰਪੰਚ ਤੇ 49000 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਆਪ ਦੇ ਆਗੂਆਂ ਨੇ ਧੱਕੇ ਨਾਲ ਇਹ ਸਰਬਸੰਮਤੀ ਥੋਪੀ ਹੈ ਤੇ ਇਸੇ ਲਈ ਅਸੀਂ ਚੋਣਾਂ ਨਵੇਂ ਸਿਰੇ ਤੋਂ ਕਰਵਾਉਣ ਦੀ ਮੰਗ ਕਰ ਰਹੇ ਹਾਂ। ਬਾਦਲ ਨੇ ਕਿਹਾ ਕਿ ਉਨ੍ਹਾਂ ਆਪਣੇ 40 ਸਾਲਾਂ ਦੇ ਸਿਆਸੀ ਸਫਰ ਦੌਰਾਨ ਵਿਰੋਧੀ ਧਿਰ ਖਿਲਾਫ ਅਜਿਹੀ ਧੱਕੇਸ਼ਾਹੀ ਕਦੇ ਨਹੀਂ ਵੇਖੀ।