ਜ਼ਿਮਨੀ ਚੋਣਾਂ ਵਿੱਚ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ : ਵੜਿੰਗ

ਬਰਨਾਲਾ, 17 ਨਵੰਬਰ 2024 : ਬਰਨਾਲਾ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਰਨਾਲਾ ਅਤੇ ਸੰਗਰੂਰ 'ਚ ਹੀ ਆਮ ਆਦਮੀ ਪਾਰਟੀ ਦਾ ਜਨਮ ਹੋਇਆ ਅਤੇ ਬਰਨਾਲਾ ਜ਼ਿਮਨੀ ਚੋਣ 'ਚ ਲੋਕ ਕਾਂਗਰਸ ਪਾਰਟੀ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ ਅਤੇ ਬਰਨਾਲਾ ਉਪ ਚੋਣ 'ਚ ਆਮ ਆਦਮੀ ਪਾਰਟੀ ਦਾ ਸਮਾਪਤੀ ਸਮਾਰੋਹ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੀ ਸਰਕਾਰ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਿਸੇ ਵੀ ਇਲਾਕੇ ਦੀ ਕੋਈ ਜਾਂਚ ਨਹੀਂ ਕਰਵਾਈ ਪਰ ਹੁਣ ਅਰਵਿੰਦ ਕੇਜਰੀਵਾਲ ਉਪ ਚੋਣਾਂ ਦਾ ਪ੍ਰਚਾਰ ਕਰਨ ਆਏ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਤੋਂ ਬਾਅਦ ਵਿਰੋਧੀਆਂ ਨੇ ਤੰਜ ਕਸਨੇ ਸ਼ੁਰੂ ਕਰ ਦਿੱਤੇ ਹਨ। ਸੁਖਬੀਰ ਬਾਦਲ ਦੇ ਅਸਤੀਫੇ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਪਹਿਲਾਂ ਹੀ ਅਸਤੀਫਾ ਦੇ ਦੇਣਾ ਚਾਹੀਦਾ ਸੀ, ਜਦੋਂ ਉਨ੍ਹਾਂ ਦੀ ਪਾਰਟੀ ਦੀ ਕੋਰ ਕਮੇਟੀ ਨੇ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਤਾਂ ਇੰਝ ਜਾਪ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਜਲਦ ਹੀ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਕਿਉਂਕਿ ਉੱਧਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਹੈ, ਇਧਰ ਸੁਖਬੀਰ ਬਾਦਲ ਨੇ ਅਸਤੀਫਾ ਦਿੱਤਾ ਹੈ। ਇਸ ਤੋਂ ਲੱਗਦਾ ਹੈ ਕਿ ਦੋਵੇਂ ਰਲੇਵਾਂ ਵੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਇਹ ਤਾਂ ਉਹੀ ਗੱਲ ਹੋਈ ਕਿ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੇਂਦਰ ਸਰਕਾਰ ਵੱਲੋਂ 2020 ਵਿੱਚ ਲਾਗੂ ਕੀਤੇ ਗਏ ਤਿੰਨ ਕਿਸਾਨੀ ਕਾਨੂੰਨਾਂ ਦਾ ਸਮਰਥਨ ਕਰਦੇ ਹਨ। ਫਿਰ ਜਦੋਂ ਵਿਰੋਧ ਹੋਇਆ ਤਾਂ ਅਸਤੀਫਾ ਦੇ ਦਿੱਤਾ। ਇਹ ਅਸਤੀਫੇ ਦੇਕੇ ਸਾਬਿਤ ਕੀ ਕਰਨਾ ਚਾਹੁੰਦੇ ਹਨ ਕੁਝ ਸਮਝ ਨਹੀਂ ਆਉਂਦਾ ਜਦ ਕੇ ਅੰਦਰੋ ਰਲੇ ਹੋਏ ਹਨ।