‘ਪੰਜਾਬ ਸਰਕਾਰ ਤੁਹਾਡੇ ਦੁਆਰ’, ਪਿੰਡ ਲੰਡੇ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

  • ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਖੁਦ ਕਰ ਰਹੇ ਹਨ ਕੈਂਪਾਂ ਦੀ ਨਿਗਰਾਨੀ
  • ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਲੋਕਾਂ ਨੂੰ ਉਹਨਾਂ ਦੇ ਦੁਆਰ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਕੰਮ ਜਾਰੀ ਰਹੇਗਾ - ਡਿਪਟੀ ਕਮਿਸ਼ਨਰ

ਬਾਘਾਪੁਰਾਣਾ, 1 ਅਕਤੂਬਰ : ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਸਬ ਡਵੀਜ਼ਨ ਪੱਧਰ ’ਤੇ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਲੰਡੇ (ਨੇੜੇ ਬਾਘਾਪੁਰਾਣਾ) ਵਿਖੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੱਲੋਂ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਕੈਂਪ ਦੌਰਾਨ ਲੋਕਾਂ ਪਾਸੋਂ ਸਾਹਮਣੇ ਆਏ ਮਸਲਿਆਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦੇ ਮਸਲਿਆਂ ਬਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਲਈ ਕਿਹਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਲੋਕਾਂ ਨੂੰ ਉਹਨਾਂ ਦੇ ਦੁਆਰ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਕੰਮ ਜਾਰੀ ਰਹੇਗਾ। ਕਿਸੇ ਵੀ ਵਿਅਕਤੀ ਨੂੰ ਸਰਕਾਰੀ ਦਫ਼ਤਰਾਂ ਜਾਂ ਅਦਾਰਿਆਂ ਵਿੱਚ ਆਪਣੇ ਜਾਇਜ਼ ਕੰਮ ਕਰਾਉਣ ਲਈ ਰੁਲ੍ਹਣਾ ਨਹੀਂ ਪਵੇਗਾ। ਕੈਂਪ ਵਿਚ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲੋਕਾਂ ਤੱਕ ਸਿੱਧੀ ਪਹੁੰਚ ਯਕੀਨੀ ਬਣਾਉਣ ਦੀ ਇਸ ਮੁਹਿੰਮ ਦੀ ਨਿਗਰਾਨੀ ਖੁਦ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ ਅਤੇ ਹਰੇਕ ਕੈਂਪ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਦਾ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਵੱਲੋਂ ਰੱਖੀਆਂ ਗਈਆਂ ਸਾਂਝੀਆਂ ਮੰਗਾਂ, ਜਿਵੇਂ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਸੜਕ ਨੂੰ ਚੌੜਾ ਕਰਨਾ, ਮੁੱਢਲੇ ਸਿਹਤ ਕੇਂਦਰ ਦੀ ਕਾਇਆ ਕਲਪ ਕਰਨੀ, ਸ਼ਾਮਲਾਤ ਜ਼ਮੀਨ ਲਈ ਮੋਟਰ ਕੁਨੈਕਸ਼ਨ, ਨਹਿਰੀ ਪਾਣੀ ਦੀ ਸਹੂਲਤ ਮੁਹਈਆ ਕਰਾਉਣ ਨੂੰ ਧਿਆਨ ਨਾਲ ਸੁਣਿਆ ਅਤੇ ਇਹ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।